ਵੱਖ ਵੱਖ ਮੁਲਾਜਮ ਜਥੇਬੰਦੀਆਂ ਵਲੋਂ ਰੈਲੀ

ਐਸ.ਏ.ਐਸ. ਨਗਰ, 1 ਜਨਵਰੀ ( ਸ.ਬ.) ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿਤੇ ਸੱਦੇ ਤੇ ਸਰਕਾਰੀ ਮੁਲਾਜ਼ਮ ਸ਼ਾਹੀ ਮਾਜਰਾ ਪਾਰਕ ਵਿਖੇ ਇਕੱਠੇ ਹੋਏ| ਇਸ ਉਪਰੰਤ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਪੀ.ਟੀ.ਐਲ. ਚਂੌਕ ਫੇਜ਼-5 ਵਿਖੇ ਸਾੜੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਵਾਅਦੇ ਕੀਤੇ ਸਨ ਕਿ ਸਰਕਾਰ ਬਣਨ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇਗਾ, ਪੰਜਾਬ ਦੇ ਮੁਲਾਜ਼ਮਾਂ ਦੀਆਂ ਡਿਊ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣਗੀਆਂ ਪਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਤੱਕ ਸਰਕਾਰ ਨੇ ਕੀਤੇ ਵਾਅਦਿਆਂ ਵੱਲ ਕੋਈ ਕਦਮ ਨਹੀਂ ਚੁੱਕਿਆ| ਨਾ ਕਿਸੇ ਠੇਕਾ ਮੁਲਾਜ਼ਮ ਨੂੰ ਪੱਕਾ ਕੀਤਾ ਗਿਆ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਲਈ ਬਣਿਆ ਮੁਲਾਜ਼ਮ ਵੈਲਫੇਅਰ ਐਕਟ 2016 ਨੂੰ ਲਾਗੂ ਕੀਤਾ ਗਿਆ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਪੰਜ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੱਤੀਆਂ ਗਈਆਂ, ਨਾ ਹੀ 22 ਮਹੀਨੇ ਦੇ ਬਕਾਏ ਦਿੱਤੇ ਗਏ, ਪੇ-ਕਮਿਸ਼ਨ ਦੀ ਰਿਪੋਰਟ ਜੋ 25Üਫੀਸਦੀ ਵਾਧਾ ਕਰਨ ਨਾਲ ਡਿਊ ਹੈ ਲਾਗੂ ਕਰਨ ਬਾਰੇ ਅਜੇ ਕੋਈ ਤਾਰੀਖ ਨਹੀਂ ਮਿੱਥੀ ਗਈ|
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਪੈਸੇ ਦੱਬ ਕੇ ਝੂਠੇ ਵਿਕਾਸ ਦੇ ਨਾਮ ਤੇ ਸਰਮਾਏਦਾਰਾਂ ਨੂੰ ਵੱਡੀਆਂ ਰਿਆਇਤਾਂ ਦੇ ਕੇ ਮੁਲਾਜ਼ਮਾਂ ਮਜ਼ਦੂਰਾਂ ਦਾ ਘਾਣ ਕਰ ਰਹੀ ਹੈ| ਇੱਕ ਪਾਸੇ ਐਮ.ਐਲ.ਏ., ਮੰਤਰੀਆਂ ਨੂੰ ਚਾਰ-ਚਾਰ ਪੈਨਸ਼ਨਾਂ ਮਿਲ ਰਹੀਆਂ ਹਨ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਪਹਿਲਾਂ ਮਿਲ ਰਹੀਆਂ ਪੈਨਸ਼ਨਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ| ਇੱਕ ਪਾਸੇ ਅਫਸਰਸ਼ਾਹੀ ਸਰਕਾਰੀ ਖਜ਼ਾਨੇ ਵਿਚੋਂ 8 ਲੱਖ ਰੁਪਏ ਤੱਕ ਪ੍ਰਤੀ ਮਹੀਨਾ ਕੱਢਦੇ ਹਨ ਦੂਜੇ ਪਾਸੇ 2500/- ਰੁਪਏ ਤੇ ਮੁਲਾਜ਼ਮ ਰੱਖ ਕੇ ਕੰਮ ਲਿਆ ਜਾ ਰਿਹਾ ਹੈ| ਪੰਜਾਬ ਦੇ ਵਿੱਚ ਬਹੁਤ ਵੱਡਾ ਧੱਕਾ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਹੈ ਜਿਸ ਦੇ ਵਿਰੁੱਧ ਸ਼ੁਰੂ ਹੋਇਆ ਸੰਘਰਸ਼ ਲਗਾਤਾਰ ਚੱਲੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੜਤਾਲਾਂ ਵੀ ਹੋਣਗੀਆਂ| ਉੱਧਰ ਮੋਦੀ ਸਰਕਾਰ ਨੇ ਮੁਲਾਜ਼ਮਾਂ-ਮਜ਼ਦੂਰਾਂ ਦੇ ਹੱਕ ਵਿੱਚ ਬਣੇ ਸਾਰੇ ਰੂਲ ਬਦਲ ਕੇ ਮੁਲਾਜ਼ਮਾਂ-ਮਜ਼ਦੂਰਾਂ ਨਾਲ ਧੱਕਾ ਕੀਤਾ ਹੈ| ਇਨ੍ਹਾਂ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਮੁਲਾਜ਼ਮਾਂ-ਮਜ਼ਦੂਰਾਂ ਦੇ ਵੱਡੇ ਰੋਸ ਦਾ ਸਾਹਮਣਾ ਕਰਨਾ ਪਵੇਗਾ| ਉਹਨਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰਾਂ ਨੂੰ ਵਿਭਾਗਾਂ ਵਿੱਚੋਂ ਬਾਹਰ ਕੱਢਿਆ ਜਾਵੇ, 5 ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਕਾਏ ਸਮੇਤ ਦਿੱਤੀਆਂ ਜਾਣ, ਪੰਜਾਬ ਦੇ 6ਵੇਂ ਪੇ-ਕਮਿਸ਼ਨ ਤੋਂ ਰਿਪੋਰਟ ਲੈ ਕੇ 25Üਫੀਸਦੀ ਵਾਧੇ ਨਾਲ ਲਾਗੂ ਕੀਤਾ ਜਾਵੇ, ਆਸ਼ਾ ਵਰਕਰ, ਮਿਡ-ਡੇ-ਮੀਲ ਅਤੇ ਆਂਗਨਵਾੜੀ ਵਰਕਰਾਂ ਨੂੰ ਰੂਲਾਂ ਦੇ ਘੇਰੇ ਵਿੱਚ ਲਿਆ ਕੇ ਪੂਰੀਆਂ ਤਨਖਾਹਾਂ ਘੱਟੋ ਘੱਟ 18000/- ਰੁਪਏ ਦਿੱਤੀਆਂ ਜਾਣ|
ਉਹਨਾਂ ਕਿਹਾ ਕਿ ਮੁਲਾਜਮ ਜਥੇਬੰਦੀਆਂ ਵਲੋਂ 3 ਜਨਵਰੀ ਨੂੰ ਮੁਹਾਲੀ ਵਿਖੇ ਰੈਲੀ ਕੀਤੀ ਜਾਵੇਗੀ| ਇਸ ਮੌਕੇ ਮੁਲਾਜ਼ਮ ਆਗੂ ਸੱਜਨ ਸਿੰਘ, ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਵਾਇਸ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਨਗਰ ਨਿਗਮ ਦੇ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ ਸਮੇਤ ਚੇਤਨ ਲਾਲ, ਚੇਅਰਮੈਨ ਜਗਬੀਰ ਸਿੰਘ, ਟਰਾਈ ਸਿਟੀ ਦੇ ਪ੍ਰਧਾਨ ਮਦਨ ਲਾਲ, ਠੇਕਾ ਸੁਪਰਵਾਈਜ਼ਰ ਯੂਨੀਅਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜਾ, ਸਤੀਸ਼ ਕੁਮਾਰ, ਸੋਨੂੰ ਕੁਮਾਰ ਸਮੇਤ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ|

Leave a Reply

Your email address will not be published. Required fields are marked *