ਵੱਡੇ ਪੱਧਰ ਤੇ ਹੁੰਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤੇ ਸਖਤੀ ਨਾਲ ਰੋਕ ਲਗਾਏ ਪੁਲੀਸ

ਕਾਗਜਾਂ ਵਿੱਚ ਤਾਂ ਸਾਡੇ ਸ਼ਹਿਰ ਨੂੰ ਇੱਕ ਅੰਤਰ ਰਾਸ਼ਟਰੀ ਪੱਧਰ ਦੇ ਅਜਿਹੇ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਜਿੱਥੇ ਵਿਸ਼ਵ ਦੇ ਵੱਖ ਵੱਖ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਆਪਣੀ ਰਿਹਾਇਸ਼ ਰੱਖਣ ਦਾ ਸੁਫਨਾ ਵੇਖਦੇ ਹਨ| ਪੰਜਾਬ ਸਰਕਾਰ ਵਲੋਂ ਵੀ ਸ਼ਹਿਰ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲੰਬੇ ਚੌੜੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਸਾਡੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਇਹਨਾਂ ਦਾਅਵਿਆਂ ਤੇ ਸਵਾਲ ਖੜ੍ਹੇ ਕਰ ਦਿੰਦੀ ਹੈ| ਅਸਲੀਅਤ ਤਾਂ ਇਹ ਹੈ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਮਾੜੀ ਹਾਲਤ ਇਸਨੂੰ ਕਿਸੇ ਅਜਿਹੇ ਪੁਰਾਣੇ ਪੁਰਾਣੇ ਸ਼ਹਿਰ ਵਰਗਾ ਬਣਾ ਦਿੰਦੀ ਹੈ ਜਿੱਥੇ ਤੰਗ ਸੜਕਾਂ ਉੱਪਰ ਭਾਰੀ ਭੀੜ ਭੜੱਕਾ ਹੋਣ ਕਾਰਨ ਲਗਣ ਵਾਲੇ ਟ੍ਰੈਫਿਕ ਜਾਮ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਕਰਦੇ ਹਨ ਅਤੇ ਸਾਡੇ ਸ਼ਹਿਰ ਦੀ ਹਾਲਤ ਵੀ ਕਮੋਬੇਸ਼ ਅਜਿਹੀ ਹੀ ਹੁੰਦੀ ਜਾ ਰਹੀ ਹੈ|
ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਤੋਂ ਦੁਖੀ ਸ਼ਹਿਰਵਾਸੀ ਇਸਦੇ ਸੁਧਾਰ ਦੀ ਮੰਗ ਤਾਂ ਕਰਦੇ ਹਨ ਪਰੰਤੂ ਇਹ ਵੀ ਹਕੀਕਤ ਹੈ ਕਿ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਲਈ ਸ਼ਹਿਰ ਦੇ ਵਸਨੀਕ ਹੀ ਸਭ ਤੋਂ ਵੱਧ ਜਿੰਮੇਵਾਰ ਹਨ| ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸ਼ਿਕਾਇਤ ਕਰਨ ਵਾਲੇ ਸ਼ਹਿਰਵਾਸੀ ਹੋਰਨਾਂ ਵਾਹਨ ਚਾਲਕਾਂ ਦੀਆਂ ਗਲਤੀਆਂ ਤਾਂ ਕੱਢਦੇ ਦਿਖ ਜਾਂਦੇ ਹਨ ਪਰੰਤੂ ਉਹਨਾਂ ਨੂੰ ਖੁਦ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਜਰ ਨਹੀਂ ਆਉਂਦੀ| ਸ਼ਹਿਰ ਵਾਸੀਆਂ ਦਾ ਖੁਦ ਦਾ ਹਾਲ ਤਾਂ ਇਹ ਹੈ ਕਿ ਉਹ ਮਜਬੂਰੀ ਵਿੱਚ ਹੀ (ਟ੍ਰੈਫਿਕ ਪੁਲੀਸ ਦੇ ਕਰਮਚਾਰੀਆਂ ਨੂੰ ਵੇਖ ਕੇ) ਟ੍ਰੈਫਿਕ ਨਿਯਮਾਂ ਦੀ ਥੋੜ੍ਹੀ ਬਹੁਤ ਪਾਲਣਾ ਕਰਦੇ ਹਨ, ਵਰਨਾ ਸ਼ਹਿਰ ਵਿੱਚ ਜਿਸ ਪਾਸੇ ਵੀ ਵੇਖੋ ਆਮ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਆਮ ਨਜਰ ਆ ਜਾਂਦੇ ਹਨ ਜਿਹਨਾਂ ਨੂੰ ਰੋਕਣ ਵਾਲਾ ਕੋਈ ਨਹੀਂ ਹੁੰਦਾ|
ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ੇ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਵਿੱਚ ਸਭ ਤੋਂ ਵੱਡਾ ਯੋਗਦਾਨ ਦਿੰਦੇ ਹਨ ਜਿਹਨਾਂ ਵਿੱਚੋਂ ਜਿਆਦਾਤਰ ਦੇ ਚਾਲਕ ਟ੍ਰੈਫਿਕ ਨਿਯਮਾਂ ਦੀ ਰੱਜ ਕੇ ਉਲੰਘਣਾ ਕਰਦੇ ਹਨ| ਸੜਕ ਤੇ ਚਲਦੇ ਚਲਦੇ ਕੋਈ ਆਟੋ ਰਿਕਸ਼ਾ ਚਾਲਕ ਅਚਾਨਕ ਕਦੋਂ ਸੜਕ ਦੇ ਵਿਚਕਾਰ ਆਪਣੇ ਵਾਹਨ ਨੂੰ ਬ੍ਰੇਕ ਲਗਾ ਦੇਵੇਗਾ ਇਸਦਾ ਅੰਦਾਜਾ ਕੋਈ ਨਹੀਂ ਲਗਾ ਸਕਦਾ| ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਹੋੜ ਵਿੱਚ ਇਹ ਆਟੋ ਰਿਕਸ਼ਾ ਚਾਲਕ ਆਪਣੇ ਵਾਹਨ ਬਹੁਤ ਤੇਜ ਰਫਤਾਰ ਨਾਲ ਚਲਾਉਂਦੇ ਹਨ ਅਤੇ ਸੜਕ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ|
ਇਸਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ਤੇ ਦੋਪਹੀਆ ਵਾਹਨਾਂ ਤੇ ਤਿੰਨ ਤਿੰਨ ਦੀ ਗਿਣਤੀ ਵਿੱਚ ਚੜ੍ਹੇ ਨੌਜਵਾਨਾਂ ਦੇ ਟੋਲੇ ਵੀ ਆਮ ਦਿਖਦੇ ਹਨ ਜਿਹੜੇ ਨਾ ਤਾਂ ਹੈਲਮੇਟ ਪਾਉਂਦੇ ਹਨ ਅਤੇ ਨਾ ਹੀ ਇਹਨਾਂ ਨੂੰ ਲਾਲ ਬੱਤੀ ਦੀ ਕੋਈ ਪਰਵਾਹ ਹੁੰਦੀ ਹੈ| ਜਿਹਨਾਂ ਥਾਵਾਂ ਤੇ ਟ੍ਰੈਫਿਕ ਪੁਲੀਸ ਦੇ ਕਰਮਚਾਰੀ ਮੌਜੂਦ ਹੁੰਦੇ ਹਨ, ਉੱਥੋਂ ਜਾਂ ਤਾਂ ਇਹ ਲੰਘਦੇ ਹੀ ਨਹੀਂ ਹਨ ਅਤੇ ਜੇਕਰ ਮਜਬੂਰੀ ਵਿੱਚ ਲੰਘਣਾ ਪਵੇ ਤਾਂ ਇਹ ਦੋ ਪਹੀਆ ਚਾਲਕ ਤੀਜੀ ਸਵਾਰੀ ਨੂੰ ਥੋੜ੍ਹਾ ਪਹਿਲਾਂ ਹੀ ਉਤਾਰ ਦਿੰਦੇ ਹਨ ਅਤੇ ਅੱਗੇ ਜਾ ਕੇ ਉਹ ਆਪਣੇ ਸਾਥੀ ਨੂੰ ਮੁੜ ਬਿਠਾ ਕੇ ਸ਼ਹਿਰ ਦੀਆਂ ਸੜਕਾਂ ਤੇ ਖਰਮਸਤੀਆਂ ਕਰਦੇ ਦਿਖਦੇ ਹਨ|
ਵਾਹਨ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਇਸ ਕਾਰਵਾਈ ਤੇ ਰੋਕ ਲਗਾਉਣਾ ਟ੍ਰੈਫਿਕ ਪੁਲੀਸ ਦੀ ਪਹਿਲ ਹੋਣੀ ਚਾਹੀਦੀ ਹੈ ਪਰੰਤੂ ਟ੍ਰੈਫਿਕ ਪੁਲੀਸ ਇਸ ਸੰਬੰਧੀ ਕਾਫੀ ਹੱਦ ਤਕ ਨਾਕਾਮ ਨਜਰ ਅਉਂਦੀ ਹੈ| ਟ੍ਰੈਫਿਕ ਪੁਲੀਸ ਦੀ ਇੱਕ ਅੱਧੀ ਟੀਮ ਜਰੂਰ ਕਿਤੇ ਨਾ ਕਿਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਾਲਾਨ ਕਰਦੀ ਦਿਖ ਜਾਂਦੀ ਹੈ ਪਰੰਤੂ ਇਸਦੇ ਬਾਵਜੂਦ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਟ੍ਰੈਫਿਕ ਨਿਯਮਾਂ ਦੀ ਉਲੰਘਦਾ ਦੀ ਇਸ ਕਾਰਵਾਈ ਤੇ ਕਾਬੂ ਕਰਨ ਦੀ ਸਮਰਥ ਨਹੀਂ ਹੋ ਪਾ ਰਹੀ ਹੈ|
ਇਸ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਪੁਲੀਸ ਵਲੋਂ ਅਜਿਹੇ ਵਾਹਨ ਚਾਲਕਾਂ ਵਿਰੁੱਧ ਸਖਤੀ ਕੀਤੀ ਜਾਵੇ ਜਿਹੜੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਕਾਰਨ ਬਣਦੇ ਹਨ| ਜਿਲ੍ਹੇ ਦੇ ਐਸ ਐਸ ਪੀ ਨੂੰ ਚਾਹੀਦਾ ਹੈ ਕਿ ਉਹ ਖੁਦ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਨਜਰਸ਼ਾਨੀ ਕਰਨ ਅਤੇ ਇਸ ਸੰਬੰਧੀ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ| ਇਸ ਸੰਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਸ਼ਹਿਰ ਵਾਸੀਆਂ ਦੀ ਇਹ ਸਮੱਸਿਆ ਹਲ ਹੋਵੇ|

Leave a Reply

Your email address will not be published. Required fields are marked *