ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਰਹਿਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ

ਸਾਡੇ ਸ਼ਹਿਰ ਅਤੇ ਜਿਲ੍ਹੇ ਨੂੰ ਭਾਵੇਂ ਤੰਬਾਕੂ ਰਹਿਤ ਸ਼ਹਿਰ ਅਤੇ ਜਿਲ੍ਹੇ ਦਾ ਦਰਜਾ ਹਾਸਿਲ ਹੈ ਅਤੇ ਪੰਜਾਬ ਸਰਕਾਰ ਵਲੋਂ ਸਾਢੇ ਪੰਜ ਸਾਲ ਪਹਿਲਾਂ ਹੀ ਸ਼ਹਿਰ ਅਤੇ ਜਿਲ੍ਹੇ ਨੂੰ ਇਹ ਦਰਜਾ ਦੇ ਦਿੱਤਾ ਗਿਆ ਸੀ ਪਰੰਤੂ ਸਥਾਨਕ ਪ੍ਰਸ਼ਾਸ਼ਨ ਵਲੋਂ ਇਸ ਪੂਰੇ ਖੇਤਰ ਵਿੱਚ ਅਣਅਧਿਕਾਰਤ ਤਰੀਕੇ ਨਾਲ ਸ਼ਰ੍ਹੇਆਮ ਹੁੰਦੀ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਜਨਤਕ ਥਾਵਾਂ ਤੇ ਹੁੰਦੀ ਸਿਗਰਟਨੋਸ਼ੀ ਤੇ ਰੋਕ ਲਗਾਉਣ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਥਾਂ ਥਾਂ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੀ ਇਹ ਕਾਰਵਾਈ ਆਮ ਹੈ|
ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਾਜਾਇਜ ਕਬਜੇ ਕਰਕੇ ਅਜਿਹੇ ਸਾਮਾਨ ਦੀ ਵਿਕਰੀ ਵੀ ਆਮ ਹੁੰਦੀ ਹੈ| ਇਹ ਗੱਲ ਹੋਰ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਿੱਚ ਜਨਤਕ ਥਾਵਾਂ ਤੇ ਹੁੰਦੀ ਤੰਬਾਕੂਨੋਸ਼ੀ ਦੀ ਕਾਰਵਾਈ ਅਤੇ ਥਾਂ ਥਾਂ ਤੇ ਖੁੱਲੇਆਮ ਹੁੰਦੀ ਸਿਗਰਟਨੋਸ਼ੀ ਤੇ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਅਸਲ ਹਾਲਾਤ ਇਹ ਹਨ ਕਿ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਥਾਂ ਥਾਂ ਤੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੀਆਂ ਅਜਿਹੀਆਂ ਅਨੇਕਾਂ ਫੜੀਆਂ ਲੱਗਦੀਆਂ ਹਨ, ਜਿਹਨਾਂ ਰਾਂਹੀ ਆਮ ਲੋਕਾਂ ਨੂੰ ਜਨਤਕ ਤੌਰ ਤੇ ਸਿਗਰਟ, ਬੀੜੀ, ਜਰਦਾ ਅਤੇ ਤੰਬਾਕੂ ਦਾ ਅਜਿਹਾ ਹੋਰ ਸਾਜੋ ਸਾਮਾਨ ਵੇਚਿਆ ਜਾਂਦਾ ਹੈ|
ਇਸ ਤਰੀਕੇ ਨਾਲ ਜਨਤਕ ਥਾਵਾਂ ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਅਤੇ ਖੁੱਲੇਆਮ ਅੰਜਾਮ ਦਿੱਤੀ ਜਾਂਦੀ ਸਿਗਰਟਨੋਸ਼ੀ ਦੀ ਇਹ ਕਾਰਵਾਈ ਇੱਕ ਸਜਾਯੋਗ ਅਪਰਾਧ ਹੈ ਅਤੇ ਕੇਂਦਰ ਸਰਕਾਰ ਵਲੋਂ ਕਈ ਸਾਲ ਪਹਿਲਾਂ ਪੂਰੇ ਦੇਸ਼ ਵਿੱਚ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਲਾਗੂ ਕਰਕੇ ਇਸ ਨੂੰ ਇੱਕ ਸਜਾਯੋਗ ਅਪਰਾਧ ਦਾ ਦਰਜਾ ਦਿੱਤਾ ਜਾ ਚੁੱਕਿਆ ਹੈ, ਪਰੰਤੂ ਇਸਦੇ ਬਾਵਜੂਦ ਸਾਡੇ ਸ਼ਹਿਰ ਵਿੱਚ ਇਸ ਕਾਰਵਾਈ ਨੂੰ ਪੂਰੇ ਧੜ੍ਹਲੇ ਨਾਲ ਅੰਜਾਮ ਦਿੱਤਾ ਜਾਂਦਾ ਹੈ| ਪ੍ਰਸ਼ਾਸ਼ਨ ਵਲੋਂ ਇਸਤੇ ਕਾਬੂ ਕਰਨ ਲਈ ਕੀਤੀ ਜਾਣ ਵਾਲੀ ਸਮਰਥ ਕਾਰਵਾਈ ਦੀ ਅਣਹੋਂਦ ਕਾਰਨ ਸਾਡੇ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ|
ਹਾਲਾਤ ਇਹ ਹਨ ਕਿ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਦੀਆਂ ਪਾਰਕਿੰਗਾਂ ਅਤੇ ਸ਼ੋਰੂਮਾਂ ਵਿੱਚ ਪਈਆਂ ਖਾਲੀ ਥਾਂਵਾਂ ਵਿੱਚ ਆਪਣੇ ਠੀਏ ਬਣਾ ਕੇ ਚਾਹ ਅਤੇ ਹੋਰ ਨਿੱਕ ਸੁੱਕ  ਵੇਚਣ ਵਾਲੇ ਜਿਆਦਾਤਰ ਦੁਕਾਨਦਾਰ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਕਰਦੇ ਹਨ ਅਤੇ ਇਹਨਾਂ ਫੜੀ ਵਾਲਿਆਂ ਦੇ ਆਸ ਪਾਸ ਲੋਕਾਂ ਵਲੋਂ ਜਨਤਕ ਤੌਰ ਤੇ ਕੀਤੀ ਜਾਂਦੀ ਸਿਗਰਟਨੋਸ਼ੀ ਦੀ ਕਾਰਵਾਈ ਨੂੰ ਖੁੱਲੇਆਮ ਅੰਜਾਮ ਦਿੱਤਾ ਜਾਂਦਾ ਹੈ| ਹਾਲਾਂਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਜਨਤਕ ਥਾਵਾਂ ਤੇ ਗੈਰਕਾਨੂੰਨੀ ਢੰਗ ਨਾਲ ਅੰਜਾਮ ਦਿੱਤੀ ਜਾਣ ਵਾਲੀ ਇਸ ਕਾਰਵਾਈ ਤੇ ਕਾਬੂ ਕਰਨ ਲਈ ਬਾਕਾਇਦਾ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਕਮੇਟੀ ਵਲੋਂ ਕਦੇ ਕਦੇ ਇਸ ਸੰਬੰਧੀ ਕਾਰਵਾਈ ਵੀ ਕੀਤੀ ਜਾਂਦੀ ਹੈ ਪਰੰਤੂ ਪ੍ਰਸ਼ਾਸ਼ਨ ਦੀ ਇਹ ਕਾਰਵਾਈ ਸ਼ਹਿਰ ਵਿੱਚ ਵੱਡੇ ਪੱਧਰ ਤੇ ਅੰਜਾਮ ਦਿੱਤੀ ਜਾ ਰਹੀ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਕਾਬੂ ਕਰਨ ਦੀ ਸਮਰਥ ਨਹੀਂ ਹੈ ਅਤੇ ਇਸਦਾ ਕੋਈ ਖਾਸ ਅਸਰ ਵੀ ਨਹੀਂ ਦਿਖਦਾ| ਇੰਨਾ ਜਰੂਰ ਹੈ ਕਿ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਇਹਨਾਂ ਦੁਕਾਨਦਾਰਾਂ ਵਲੋਂ ਹੁਣ ਇਹ ਸਾਮਾਨ ਇੱਕ ਝੋਲੇ ਵਿੱਚ ਪਾ ਕੇ ਰੱਖਿਆ ਜਾਂਦਾ ਹੈ ਜਿਹੜਾ ਦੂਰੋਂ ਭਾਵੇਂ ਨਜਰ ਨਹੀਂ ਆਉਂਦਾ ਪਰੰਤੂ ਇਹ ਦੁਕਾਨਦਾਰ ਗ੍ਰਾਹਕ ਦੇ ਮੰਗਣ ਤੇ ਬਿਨਾ ਝਿਝਕੇ ਝੋਲੇ ਤੋਂ ਇਹ ਸਾਮਾਨ ਕੱਢ ਕੇ ਉਸਨੂੰ ਦੇ ਦਿੰਦੇ ਹਨ|
ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਰਹਿਤ ਬਣਾਉਣ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਅਤੇ ਇਸਦੇ ਆਸ ਪਾਸ ਦੇ ਖੇਤਰ ਵਿੱਚ ਜਨਤਕ ਥਾਵਾਂ ਤੇ ਨਾਜਾਇਜ ਕਬਜੇ ਕਰਕੇ ਤੰਬਾਕੂਨੋਸ਼ੀ ਦਾ ਸਾਮਾਨ ਵੇਚਣ ਵਾਲੇ ਅਜਿਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਵੇ| ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ| ਸ਼ਹਿਰ ਵਿੱਚ ਵੱਡੇ ਪੱਧਰ ਤੇ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਇਸ ਅਣਅਧਿਕਾਰਤ ਵਿਕਰੀ ਅਤੇ ਰੋਕ ਲਗਾਉਣ ਲਈ ਸਮਰਥ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਤਰੀਕੇ ਨਾਲ ਹੁੰਦੀ ਤੰਬਾਕੂਨੋਸ਼ੀ ਦੇ ਸਾਮਾਨ ਦੀ ਵਿਕਰੀ ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ ਤਾਂ ਜੋ ਪਿਛਲੇ ਲਰਬੇ ਸਮੇਂ ਤੋਂ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀ ਇਸ ਸਮੱਸਿਆ ਦਾ ਹੱਲ ਹੋਵੇ|

Leave a Reply

Your email address will not be published. Required fields are marked *