ਸ਼ਹਿਰ ਦੀ ਆਪਣੀ ਸਿਟੀ ਬੱਸ ਸੇਵਾ ਚਾਲੂ ਕਰੇ ਨਗਰ ਨਿਗਮ

ਸਾਡੇ ਸ਼ਹਿਰ ਨੂੰ ਕਾਗਜਾਂ ਵਿੱਚ ਤਾਂ ਇੱਕ ਅੰਤਰਰਾਸ਼ਟਰੀ ਪੱਧਰ ਦੇ ਅਤਿ ਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਪਰੰਤੂ ਅਸਲੀਅਤ ਇਹੀ ਹੈ ਕਿ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਤੱਕ ਹਾਸਿਲ ਨਹੀਂ ਹਨ| ਪ੍ਰਸ਼ਾਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤੱਕ ਆਉਣ ਜਾਣ ਲਈ ਸੁਰੱਖਿਅਤ ਜਨਤਕ ਆਵਾਜਾਈ ਦੀ ਕੋਈ ਸਹੂਲੀਅਤ ਮੁਹਈਆ ਨਹੀਂ ਕਰਵਾਈ ਜਾਂਦੀ ਅਤੇ ਇਸ ਵਾਸਤੇ ਲੋਕ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਆਟੋ ਰਿਕਸ਼ਿਆਂ ਤੇ ਨਿਰਭਰ ਕਰਦੇ ਹਨ ਜਿਹਨਾਂ ਵਿੱਚੋਂ ਜਿਆਦਾਤਰ ਦੇ ਚਾਲਕਾਂ ਵਲੋਂ ਸੜਕਾਂ ਤੇ ਕੀਤੀਆਂ ਜਾਂਦੀਆਂ ਆਪਹੁਦਰੀਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਸਵਾਰੀਆਂ ਦੀ ਜਾਨ ਹਰ ਵੇਲੇ ਖਤਰੇ ਵਿੱਚ ਰਹਿੰਦੀ ਹੈ|
ਪਿਛਲੇ ਸਾਲਾਂ ਦੌਰਾਨ ਸ਼ਹਿਰ ਦੀ ਆਬਾਦੀ ਵਿੱਚ ਭਾਰੀ ਵਾਧਾ ਹੋਇਆ ਹੈ ਜਿਸ ਕਾਰਨ ਸੜਕਾਂ ਤੇ ਵੀ ਕਾਫੀ ਟ੍ਰੈਫਿਕ ਰਹਿੰਦਾ ਹੈ ਜਿਸ ਕਾਰਨ ਲੋਕਾਂ ਲਈ ਸੁਰੱਖਿਅਤ ਜਨਤਕ ਆਵਾਜਾਈ ਦੀ ਸਹੂਲੀਅਤ ਹੋਰ ਵੀ ਅਹਿਮ ਹੋ ਜਾਂਦੀ ਹੈ ਪਰੰਤੂ ਸਾਡੀ ਸਰਕਾਰ ਅਤੇ ਸਥਾਨਕ ਪ੍ਰਸ਼ਾਸ਼ਨ ਸ਼ਹਿਰਵਾਸੀਆਂ ਨੂੰ ਜਨਤਕ ਆਵਾਜਾਈ ਦੀ ਕੋਈ ਸਹੂਲੀਅਤ ਮੁਹਈਆ ਕਰਵਾਉਣ ਵਿੱਚ ਨਾਕਾਮ ਸਾਬਿਤ ਹੋਇਆ ਹੈ ਜਿਸ ਕਾਰਨ ਜਿੱਥੇ ਆਮ ਲੋਕਾਂ ਨੂੰ ਪਰੇਸ਼ਾਨ ਹੋਣਾ ਪੈਂਦਾ ਹੈ ਉੱਥੇ ਸ਼ਹਿਰ ਵਿੱਚ ਅਣਅਧਿਕਾਰਤ ਤੌਰ ਤੇ ਚਲਣ ਵਾਲੇ ਥ੍ਰੀ ਵਹੀਲਰ ਵਾਲਿਆਂ ਦੀ ਚਾਂਦੀ ਹੈ ਜਿਹੜੇ ਸਵਾਰੀ ਸਿਸਟਮ ਦੇ ਹਿਸਾਬ ਨਾਲ ਲੋਕਾਂ ਤੋਂ ਮਨਮਾਨਾ ਕਿਰਾਇਆ ਵਸੂਲ ਕਰਦੇ ਹਨ| ਸ਼ਹਿਰ ਵਿੱਚ ਸੀ ਟੀ ਯੂ ਦੀਆਂ ਬੱਸਾਂ ਦੇ ਕੁੱਝ ਰੂਟ ਜਰੂਰ ਚਲਦੇ ਹਨ ਪਰੰਤੂ ਇਹ ਉਹਨਾਂ ਲੋਕਾਂ ਦੀ ਲੋੜ ਨੂੰ ਹੀ ਪੁਰਾ ਕਰਦੇ ਹਨ ਜਿਹਨਾਂ ਨੇ ਚੰਡੀਗੜ੍ਹ ਆਉਣਾ ਜਾਣਾ ਹੁੰਦਾ ਹੈ ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਲਈ ਜਨਤਕ ਆਵਾਜਾਈ ਲਈ ਲੋੜੀਂਦੀ ਬੱਸ ਸੇਵਾ ਦਾ ਕੋਈ ਸਰਕਾਰੀ ਪ੍ਰਬੰਧ ਨਹੀਂ ਹੈ|
ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਆਟੋ ਰਿਕਸ਼ੇ ਸ਼ਹਿਰ ਵਾਸੀਆਂ ਦੀ ਜਨਤਕ ਆਵਾਜਾਈ ਦੀ ਲੋੜ ਨੂੰ ਤਾਂ ਕਾਫੀ ਹੱਦ ਤਕ ਪੂਰਾ ਕਰਦੇ ਹਨ ਪਰੰਤੂ ਪੂਰੀ ਤਰ੍ਹਾਂ ਅਸੁਰੱਖਿਅਤ ਇਹਨਾਂ ਆਟੋ ਰਿਕਸ਼ਿਆਂ ਕਾਰਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ| ਸ਼ਹਿਰ ਦੇ ਆਮ ਲੋਕ ਭਾਵੇਂ ਇੱਕ ਥਾਂ ਤੋਂ ਦੂਜੀ ਥਾਂ ਤਕ ਆਉਣ ਜਾਣ ਲਈ ਇਹਨਾਂ ਆਟੋ ਰਿਕਸ਼ਿਆਂ ਤੇ ਹੀ ਨਿਰਭਰ ਰਕਦੇ ਹਨ ਪਰੰਤੂ ਆਟੋ ਰਿਕਸ਼ੇ ਦੀ ਇਹ ਸਵਾਰੀ ਸ਼ਹਿਰ ਵਾਸੀਆਂ ਦੀ ਸੁਰਖਿਆ ਲਈ ਗੰਭੀਰ ਖਤਰਾ ਬਣ ਚੁੱਕੀ ਹੈ ਅਤੇ ਇਹਨਾਂ ਆਟੋ ਰਿਕਸ਼ਾ ਚਾਲਕਾਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਸਭ ਤੋਂ ਵੱਡਾ ਕਾਰਨ ਮੰਨਿਆ ਜਾਂਦਾ ਹੈ|
ਸ਼ਹਿਰ ਦੇ ਵਸਨੀਕਾਂ ਵਲੋਂ ਸਮੇਂ ਸਮੇਂ ਤੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਸ਼ਹਿਰ ਵਾਸੀਆਂ ਦੀਆਂ ਆਵਾਜਾਈ ਜਰੂਰਤਾਂ ਨੂੰ ਪੂਰਾ ਕਰਨ ਲਈ ਸ਼ਹਿਰ ਦੀ ਆਪਣੀ ਲੋਕਲ ਬੱਸ ਸਰਵਿਸ ਸ਼ੁਰੂ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਅਤੇ ਨਗਰ ਨਿਗਮ ਵਲੋਂ ਵੀ ਪਿਛਲੇ ਕਈ ਸਾਲਾਂ ਤੋਂ ਇਸ ਪ੍ਰੋਜੈਕਟ ਤੇ ਕੰਮ ਕੀਤਾ ਜਾ ਰਿਹਾ ਹੈ| ਇਸ ਸੰਬੰਧੀ ਲਗਭਗ ਢਾਈ ਸਾਲ ਪਹਿਲਾਂ ਨਗਰ ਨਿਗਮ ਦੀ ਮੀਟਿੰਗ ਵਿੱਚ ਸ਼ਹਿਰ ਦੀ ਆਪਣੀ ਵੱਖਰੀ ਸਿਟੀ ਬੱਸ ਸਰਵਿਸ ਚਲਾਉਣ ਦੇ ਪ੍ਰੋਜੈਕਟ ਨੂੰ ਮੰਜੂਰੀ ਦੇ ਕੇ ਉਸਨੂੰ ਸਥਾਨਕ ਸਰਕਾਰ ਵਿਭਾਗ ਦੀ ਮੰਜੂਰੀ ਲਈ ਭੇਜਿਆ ਜਾ ਚੁੱਕਿਆ ਹੈ ਪਰੰਤੂ ਇਹ ਪ੍ਰੋਜੈਕਟ ਹੁਣੇ ਵੀ ਸਰਕਾਰੀ ਫਾਈਲਾਂ ਦੀ ਧੂੜ ਫੱਕ ਰਿਹਾ ਹੈ ਜਿਸ ਨਾਲ ਲੱਗਦਾ ਹੈ ਕਿ ਸਰਕਾਰ ਵਲੋਂ ਇਸਨੂੰ ਲਮਕ ਬਸਤੇ ਵਿੱਚ ਪਾ ਦਿੱਤਾ ਗਿਆ ਹੈ|
ਨਗਰ ਨਿਗਮ ਦੇ ਪ੍ਰਸ਼ਾਸ਼ਕ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਨਿਗਮ ਵੱਲੋਂ ਸ਼ਹਿਰ ਵਿੱਚ ਚਲਾਈ ਜਾਣ ਵਾਲੀ ਸਿਟੀ ਬੱਸ ਸਰਵਿਸ ਦੇ ਪ੍ਰੋਜੈਕਟ ਨੂੰ ਮਿਲਣ ਵਾਲੀ ਸਰਕਾਰੀ ਮੰਜੂਰੀ ਦੇ ਅਮਲ ਨੂੰ ਮੁਕੰਮਲ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਇਸਨੂੰ ਛੇਤੀ ਤੋਂ ਛੇਤੀ ਸ਼ੁਰੂ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਇਸਦੀ ਸਹੂਲੀਅਤ ਦਿੱਤੀ ਜਾਵੇ| ਲੋਕਾਂ ਨੂੰ ਸੁਰੱਖਿਅਤ ਜਨਤਕ ਆਵਾਜਾਈ ਦੀ ਸਹੂਲੀਅਤ ਮੁਹਈਆ ਕਰਵਾਉਣ ਲਈ ਅਜਿਹਾ ਕੀਤਾ ਜਾਣਾ ਬਹੁਤ ਜਰੂਰੀ ਹੈ ਅਤੇ ਨਗਰ ਨਿਗਮ ਨੂੰ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ|

Leave a Reply

Your email address will not be published. Required fields are marked *