ਸ਼ਹਿਰ ਦੀ ਆਪਣੀ ਸਿਟੀ ਬੱਸ ਸੇਵਾ ਚਾਲੂ ਕਰੇ ਨਗਰ ਨਿਗਮ

ਸਾਡੇ ਸ਼ਹਿਰ ਦਾ ਘੇਰਾ ਕਾਫੀ ਵੱਧ ਚੁਕਿਆ ਹੈ ਅਤੇ ਪਿਛਲੇ ਸਾਲਾਂ ਦੌਰਾਨ ਸਾਡੇ ਸ਼ਹਿਰ ਦਾ ਕਾਫੀ ਜਿਆਦਾ ਪਸਾਰ ਹੋਇਆ ਹੈ| ਸ਼ਹਿਰ ਦੇ ਵਿਕਾਸ ਅਤੇ ਪਸਾਰ ਦੀ ਇਸ ਰਫਤਾਰ ਦੇ ਨਾਲ ਨਾਲ ਸ਼ਹਿਰ ਦੀ ਆਬਾਦੀ ਵਿੱਚ ਵੀ ਭਾਰੀ ਵਾਧਾ ਹੋਇਆ ਹੈ ਪਰੰਤੂ ਸਾਡੀ ਸਰਕਾਰ ਅਤੇ ਸਥਾਨਕ ਪ੍ਰਸ਼ਾਸ਼ਨ ਸ਼ਹਿਰਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਵਾਊਣ ਵਿੱਚ ਕਾਫੀ ਹੱਦ ਤਕ ਨਾਕਾਮ ਨਜਰ ਆਉਂਦਾ ਹੈ| ਸਰਕਾਰ ਵਲੋਂ ਆਮ ਲੋਕਾਂ ਨੂੰ ਸ਼ਹਿਰ ਦੀ ਇੱਕ ਥਾਂ ਤੋਂ ਦੂਜੀ ਥਾਂ ਤਕ ਲਿਆਉਣ-ਲਿਜਾਣ ਵਾਸਤੇ ਜਨਤਕ ਆਵਾਜਾਈ ਦੀ ਕੋਈ ਸਹੂਲੀਅਤ ਮੁਹਈਆ ਨਾ ਕਰਵਾਏ ਜਾਣ ਕਾਰਨ ਜਿੱਥੇ ਆਮ ਲੋਕਾਂ ਨੂੰ ਪਰੇਸ਼ਾਨ ਹੋਣਾ ਪੈਂਦਾ ਹੈ ਉੱਥੇ ਇਸ ਕਾਰਨ ਸ਼ਹਿਰ ਵਿੱਚ ਅਣਅਧਿਕਾਰਤ ਤੌਰ ਤੇ ਚਲਣ ਵਾਲੇ ਥ੍ਰੀ ਵਹੀਲਰ ਵਾਲਿਆਂ ਦੀ ਚਾਂਦੀ ਹੈ ਜਿਹੜੇ ਸਵਾਰੀ ਸਿਸਟਮ ਦੇ ਹਿਸਾਬ ਨਾਲ ਲੋਕਾਂ ਤੋਂ ਮਨਮਾਨਾ ਕਿਰਾਇਆ ਵਸੂਲ ਕਰਦੇ ਹਨ|
ਸ਼ਹਿਰ ਵਿੱਚ ਸੀ ਟੀ ਯੂ ਦੀਆਂ ਬੱਸਾਂ ਦੇ ਕੁੱਝ ਰੂਟ ਜਰੂਰ ਚਲਦੇ ਹਨ ਪਰੰਤੂ ਇਹ ਉਹਨਾਂ ਲੋਕਾਂ ਦੀ ਲੋੜ ਨੂੰ ਹੀ ਪੂਰਾ ਕਰਦੇ ਹਨ ਜਿਹਨਾਂ ਨੇ ਚੰਡੀਗੜ੍ਹ ਆਉਣਾ ਜਾਣਾ ਹੁੰਦਾ ਹੈ ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਲਈ ਜਨਤਕ ਆਵਾਜਾਈ ਲਈ ਲੋੜੀਂਦੀ ਬੱਸ ਸੇਵਾ ਦਾ ਕੋਈ ਸਰਕਾਰੀ ਪ੍ਰਬੰਧ ਨਹੀਂ ਹੈ| ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਦੇ ਆਟੋ ਰਿਕਸ਼ੇ ਸ਼ਹਿਰ ਵਾਸੀਆਂ ਦੀ ਜਨਤਕ ਆਵਾਜਾਈ ਦੀ ਲੋੜ ਨੂੰ ਤਾਂ ਕਾਫੀ ਹੱਦ ਤੱਕ ਪੂਰਾ ਕਰਦੇ ਹਨ ਪਰੰਤੂ ਪੂਰੀ ਤਰ੍ਹਾਂ ਅਸੁਰੱਖਿਅਤ ਇਹਨਾਂ ਆਟੋ ਰਿਕਸ਼ਿਆਂ ਕਾਰਨ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਬੁਰੀ ਤਰ੍ਰਾਂ ਪ੍ਰਭਾਵਿਤ ਹੁੰਦੀ ਹੈ| ਸ਼ਹਿਰ ਦੇ ਆਮ ਲੋਕ ਭਾਵੇਂ ਇੱਕ ਥਾਂ ਤੋਂ ਦੂਜੀ ਥਾਂ ਤਕ ਆਉਣ ਜਾਣ ਲਈ ਭਾਵੇਂ ਇਹਨਾਂ ਆਟੋ ਰਿਕਸ਼ਿਆਂ ਤੇ ਹੀ ਨਿਰਭਰ ਕਰਦੇ ਹਨ ਪਰੰਤੂ ਆਟੋ ਰਿਕਸ਼ੇ ਦੀ ਇਹ ਸਵਾਰੀ ਸ਼ਹਿਰ ਵਾਸੀਆਂ ਦੀ ਸੁਰਖਿਆ ਲਈ ਗੰਭੀਰ ਖਤਰਾ ਬਣ ਚੁੱਕੀ ਹੈ ਅਤੇ ਇਹਨਾਂ ਆਟੋ ਰਿਕਸ਼ਾ ਚਾਲਕਾਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦਾ ਸਭ ਤੋਂ ਵੱਡਾ ਕਾਰਨ ਮੰਨਿਆ ਜਾਂਦਾ ਹੈ| ਇਹਨਾਂ ਵਿੱਚੋਂ ਜਿਆਦਾਤਰ ਆਟੋ ਚਾਲਕ ਅਜਿਹੇ ਹਨ ਜਿਹੜੇ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਖੁੱਲ ਕੇ ਉਲੰਘਣਾ ਕਰਦੇ ਹਨ ਅਤੇ ਹਾਦਸਿਆਂ ਦਾ ਕਾਰਨ ਬਣਦੇ ਹਨ ਜਿਸ ਕਾਰਨ ਇਹਨਾਂ ਵਿੱਚ ਸਫਰ ਕਰਨ ਵਾਲਿਆਂ ਦੀ ਜਾਨ ਹਰ ਵੇਲੇ ਖਤਰੇ ਵਿੱਚ ਰਹਿੰਦੀ ਹੈ|
ਸ਼ਹਿਰ ਵਾਸੀਆਂ ਦੀ ਇਸ ਸਮੱਸਿਆ ਦੇ ਹੱਲ ਲਈ ਇਹ ਜਰੂਰੀ ਹੈ ਸ਼ਹਿਰ ਵਾਸੀਆਂ ਦੀ ਜਨਤਕ ਆਵਾਜਾਈ ਲਈ ਇੱਥੇ ਸਿਟੀ ਬੱਸ ਸੇਵਾ ਆਰੰਭ ਕੀਤੀ ਜਾਵੇ| ਇਸ ਸੰਬੰਧੀ ਸ਼ਹਿਰ ਦੇ ਵਸਨੀਕਾਂ ਵਲੋਂ ਸਮੇਂ ਸਮੇਂ ਤੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਕੇ ਸ਼ਹਿਰ ਵਾਸੀਆਂ ਦੀਆਂ ਆਵਾਜਾਈ ਜਰੂਰਤਾਂ ਨੂੰ ਪੂਰਾ ਕਰਨ ਲਈ ਸ਼ਹਿਰ ਦੀ ਆਪਣੀ ਲੋਕਲ ਬੱਸ ਸਰਵਿਸ ਸ਼ੁਰੂ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ ਅਤੇ ਨਗਰ ਨਿਗਮ ਵਲੋਂ ਵੀ ਲਗਭਗ ਡੇਢ ਸਾਲ ਪਹਿਲਾਂ ਸ਼ਹਿਰ ਦੀ ਆਪਣੀ ਵੱਖਰੀ ਸਿਟੀ ਬੱਸ ਸਰਵਿਸ ਦਾ ਪ੍ਰੋਜੈਕਟ ਪਾਸ ਕਰਕੇ ਉਸਨੂੰ ਸਥਾਨਕ ਸਰਕਾਰ ਵਿਭਾਗ ਦੀ ਮੰਜੂਰੀ ਲਈ ਭੇਜਿਆ ਜਾ ਚੁੱਕਿਆ ਹੈ ਪਰੰਤੂ ਇਹ ਪ੍ਰੋਜੈਕਟ ਹੁਣੇ ਵੀ ਸਰਕਾਰੀ ਫਾਈਲਾਂ ਦੀ ਧੂੜ ਫੱਕ ਰਿਹਾ ਹੈ ਜਿਸ ਨਾਲ ਲੱਗਦਾ ਹੈ ਕਿ ਸਰਕਾਰ ਵਲੋਂ ਇਸਨੂੰ ਲਮਕ ਬਸਤੇ ਵਿੱਚ ਪਾ ਦਿੱਤਾ ਗਿਆ ਹੈ|
ਨਗਰ ਨਿਗਮ ਦੇ ਮੇਅਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਨਿਗਮ ਵੱਲੋਂ ਸ਼ਹਿਰ ਵਿੱਚ ਚਲਾਈ ਜਾਣ ਵਾਲੀ ਸਿਟੀ ਬਸ ਸਰਵਿਸ ਦੇ ਪ੍ਰੋਜੈਕਟ ਨੂੰ ਮਿਲਣ ਵਾਲੀ ਸਰਕਾਰੀ ਮੰਜੂਰੀ ਦੇ ਅਮਲ ਨੂੰ ਮੁਕੰਮਲ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਤਾਂ ਜੋ ਇਸਨੂੰ ਛੇਤੀ ਤੋਂ ਛੇਤੀ ਸ਼ੁਰੂ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਇਸਦੀ ਸਹੂਲੀਅਤ ਦਿੱਤੀ ਜਾਵੇ| ਸ਼ਹਿਰ ਦੀ ਬਦਹਾਲ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਅਤੇ ਲੋਕਾਂ ਨੂੰ ਸੁਰੱਖਿਅਤ ਜਨਤਕ ਆਵਾਜਾਈ ਦੀ ਸਹੂਲੀਅਤ ਮੁਹਈਆ ਕਰਵਾਉਣ ਲਈ ਅਜਿਹਾ ਕੀਤਾ ਜਾਣਾ ਬਹੁਤ ਜਰੂਰੀ ਹੈ ਅਤੇ ਨਗਰ ਨਿਗਮ ਨੂੰ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ| ਨਗਰ ਨਿਗਮ ਵਲੋਂ ਨਵੇਂ ਸਾਲ ਵਿੱਚ ਸਿਟੀ ਬੱਸ ਸਰਵਿਸ ਆਰੰਭ ਕਰਕੇ ਸ਼ਹਿਰ ਵਾਸੀਆਂ ਵਾਸਤੇ ਨਵੇਂ ਸਾਲ ਦਾ ਤੋਹਫਾ ਦੇਣਾ ਚਾਹੀਦਾ ਹੈ ਜਿਸ ਨਾਲ ਨਾ ਸਿਰਫ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲੀਅਤ ਹਾਸਿਲ ਹੋਵੇ ਬਲਕਿ ਸ਼ਹਿਰ ਵਿੱਚ ਦਿਨੋਂ ਦਿਨ ਵੱਧਦੇ ਟ੍ਰੈਫਿਕ ਦੇ ਭਾਰ ਤੋਂ ਵੀ ਕੁੱਝ ਰਾਹਤ ਮਿਲੇਗੀ|

Leave a Reply

Your email address will not be published. Required fields are marked *