ਸ਼ਹਿਰ ਵਾਸੀਆਂ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ

ਪਿਛਲੇ ਸਮੇਂ ਦੌਰਾਨ ਸਿਰਫ ਸਾਡੇ ਸ਼ਹਿਰ ਹੀ ਬਲਕਿ ਸਾਡੇ ਜਿਲ੍ਹੇ ਵਿੱਚ ਪੈਂਦੇ ਸਾਰੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਬਹੁਤ ਵੱਧ ਗਈ ਹੈ ਅਤੇ ਵੱਖ ਵੱਖ ਥਾਵਾਂ ਤੇ ਇਹਨਾਂ ਆਵਾਰਾ ਕੁੱਤਿਆਂ ਦੇ ਝੁੰਡ ਆਮ ਘੁੰਮਦੇ ਦੇਖੇ ਜਾ ਸਕਦੇ ਹਨ| ਕੁੱਤਿਆਂ ਦੇ ਇਹ ਝੁੰਡ ਉਹਨਾਂ ਖੇਤਰਾਂ ਵਿੱਚ ਹੋਰ ਵੀ ਜਿਆਦਾ ਦਿਖਦੇ ਹਨ ਜਿੱਥੇ ਮੀਟ ਮੱਛੀ ਅਤੇ ਖਾਣ ਪੀਣ ਦਾ ਅਜਿਹਾ ਹੋਰ ਸਾਮਾਨ ਵਿਕਦਾ ਹੈ ਅਤੇ ਇਹਨਾਂ ਕੁੱਤਿਆਂ ਨੂੰ ਪੇਟ ਭਰਨ ਲਈ ਅਜਿਹੇ ਸਾਮਾਨ ਦੀ ਰਹਿੰਦ ਖੁਹੰਦ ਆਸਾਨੀ ਨਾਲ ਹਾਸਿਲ ਹੋ ਜਾਂਦੀ ਹੈ| ਕੱਚਾ ਮੀਟ ਖਾਣ ਵਾਲੇ ਇਹ ਆਵਾਰਾ ਕੁੱਤੇ ਹੋਰ ਵੀ ਖਤਰਨਾਕ ਹਨ ਅਤੇ ਇਹ ਕਿਸੇ ਵੀ ਵਿਅਕਤੀ ਉੱਪਰ ਹਮਲਾ ਕਰਨ ਤੋਂ ਬਿਲਕੁਲ ਵੀ ਨਹੀਂ ਝਿਝਕਦੇ|
ਲੋਕਾਂ ਨੂੰ ਵੱਢਦੇ ਇਹ ਆਵਾਰਾ ਕੁੱਤੇ ਆਮ ਲੋਕਾਂ ਦੀ ਜਾਨ ਦਾ ਖੌਅ ਬਣ ਚੁੱਕੇ ਹਨ ਅਤੇ ਇਹਨਾਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ| ਇਹ ਕੁੱਤੇ ਸੜਕਾਂ, ਗਲੀਆਂ ਵਿੱਚ ਆਣ ਜਾਣ ਵਾਲੇ ਲੋਕਾਂ ਦੇ ਮਗਰ ਭੱਜਦੇ ਹਨ ਅਤੇ ਉਹਨਾਂ ਨੂੰ ਵੱਢਦੇ ਵੀ ਹਨ| ਇਹ ਕੁੱਤੇ ਜਿਆਦਾਤਰ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹਨ ਕਿਉਂਕਿ ਸ਼ਰੀਰਿਕ ਤੌਰ ਤੇ ਕਮਜੋਰ ਹੋਣ ਕਾਰਨ ਇਹ ਇਹਨਾਂ ਕੁੱਤਿਆਂ ਦਾ ਮੁਕਾਬਲਾ ਕਰਨ ਤੋਂ ਅਸਮਰਥ ਹੁੰਦੇ ਹਨ| ਹਾਲਾਤ ਇਹ ਹਨ ਹੈ ਕਿ ਇਹ ਅਵਾਰਾ ਕੁੱਤੇ ਬੰਦਿਆਂ ਨੂੰ ਹੀ ਖਾਣ ਲੱਗ ਪਏ ਹਨ| ਪਿਛਲੇ ਸਮੇਂ ਦੌਰਾਨ ਇਹਨਾਂ ਆਵਾਰਾ ਕੁੱਤਿਆਂ ਵਲੋਂ ਇਕੱਲੇ ਜਾਂਦੇ ਬਜੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਵੱਢਣ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ|
ਇਹ ਸੱਮਸਿਆ ਸਾਡੇ ਸ਼ਹਿਰ ਦੇ ਨਾਲ ਨਾਲ ਆਸ ਪਾਸ ਦੇ ਪਿੰਡਾਂ ਵਿੱਚ ਵੀ ਬਹੁਤ ਵੱਧ ਚੁੱਕੀ ਹੈ ਅਤੇ ਆਵਾਰਾ ਕੁੱਤਿਆਂ ਵਲੋਂ ਆਮ ਲੋਕਾਂ ਨੂੰ ਕੱਟਣ ਦੇ ਲਗਾਤਾਰ ਵੱਧਦੇ ਮਾਮਲਿਆਂ ਕਾਰਣ ਪਿੰਡਾਂ ਦੇ ਵਸਨੀਕਾਂ ਵਲੋਂ ਵੀ ਸਮੇਂ ਸਮੇਂ ਤੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਇਸ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਂਦੀ ਹੈ| ਇਹ ਕੁੱਤੇ ਸੜਕਾਂ ਕਿਨਾਰੇ ਡੇਰਾ ਜਮਾ ਲੈਂਦੇ ਹਨ ਅਤੇ ਅਕਸਰ ਆਉਂਦੇ ਜਾਂਦੇ ਲੋਕਾਂ ਨੂੰ ਭੌਂਕਦੇ ਹੋਏ ਉਹਨਾਂ ਦੇ ਪਿੱਛੇ ਭੱਜ ਪੈਂਦੇ ਹਨ| ਇਹਨਾਂ ਕਾਰਨ ਸਭ ਤੋਂ ਵੱਧ ਪਰੇਸ਼ਾਨੀ ਉਹਨਾਂ ਲੋਕਾਂ ਨੂੰ ਸਹਿਣੀ ਪੈਂਦੀ ਹੈ ਜਿਹੜੇ ਰਾਤ ਨੂੰ ਦੋਪਹੀਆ ਵਾਹਨਾਂ ਤੇ ਆਪਣੇ ਘਰਾਂ ਨੂੰ ਪਰਤਦੇ ਹਨ ਅਤੇ ਰਾਹ ਵਿੱਚ  ਇਹ ਆਵਾਰਾ ਕੁੱਤੇ ਅਚਾਨਕ ਹੀ ਉਹਨਾਂ ਦੇ ਮਗਰ ਪੈ ਜਾਂਦੇ ਹਨ| ਕਈ ਵਾਰ ਤਾਂ ਇਹ ਦੋਪਹੀਆ ਵਾਹਨ ਚਾਲਕ ਬੁਰੀ ਤਰ੍ਹਾਂ ਡਰ ਕੇ ਵਾਹਨ ਤੋਂ ਆਪਣਾ ਕਾਬੂ ਗਵਾ ਬੈਠਦੇ ਹਨ ਅਤੇ ਇਸ ਕਾਰਨ ਅਕਸਰ ਸੜਕ ਹਾਦਸੇ ਵੀ ਵਾਪਰਦੇ ਹਨ|
ਸੜਕਾਂ ਤੇ ਘੁੰਮਦੇ ਇਹ ਆਵਾਰਾ ਕੁੱਤੇ ਅਕਸਰ ਆਪਸ ਵਿੱਚ ਹੀ ਲੜਣ ਲੱਗ ਜਾਂਦੇ ਹਨ ਅਤੇ ਆਉਂਦੇ ਜਾਂਦੇ ਲੋਕਾਂ ਅਤੇ ਵਾਹਨਾਂ ਵਿੱਚ ਵੱਜਦੇ ਹਨ| ਹੋਰ ਤਾਂ ਹੋਰ ਸ਼ਹਿਰ ਦੇ ਪਾਰਕਾਂ, ਜਿੱਥੇ ਲੋਕ  ਸਵੇਰੇ ਸ਼ਾਮ ਸੈਰ ਕਰਦੇ ਹਨ, ਵਿੱਚ ਇਨ੍ਹਾਂ ਆਵਾਰਾ ਕੁੱਤਿਆਂ ਨੇ ਆਪਣੇ ਪੱਕੇ ਟਿਕਾਣੇ ਬਣਾਏ ਹੋਏ ਹਨ ਅਤੇ ਇਹ ਸੈਰ ਕਰਨ ਵਾਲਿਆਂ ਨੂੰ ਹੀ ਵੱਢ-ਖਾਣ ਨੂੰ ਪੈਂਦੇ ਹਨ| ਪਰੰਤੂ ਇਸ ਸਭ ਦੇ ਬਾਵਜੂਦ ਪ੍ਰਸ਼ਾਸ਼ਨ ਵਲੋਂ ਇਹਨਾਂ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਨਾ ਲਿਆਂਦੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧਦੀ ਹੀ ਜਾ ਰਹੀ ਹੈ|
ਇਸਤੋਂ ਵੱਡੀ ਤ੍ਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਇੱਕ ਪਾਸੇ ਤਾਂ ਇਹ ਆਵਾਰਾ ਕੁੱਤੇ ਸੜਕਾਂ ਤੇ ਆਉਂਦੇ ਜਾਂਦੇ ਇਕੱਲੇ ਬਜੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਵੱਢ ਰਹੇ ਹੋਣ ਪਰੰਤੂ ਪ੍ਰਸ਼ਾਸ਼ਨ ਚੁਪਚਾਪ ਤਮਾਸ਼ਾ ਵੇਖ ਰਿਹਾ ਹੋਵੇ| ਕੁੱਝ ਸਾਲ ਪਹਿਲਾਂ ਤਕ ਜਦੋਂ ਪ੍ਰਸ਼ਾਸ਼ਨ ਵਲੋਂ ਆਵਾਰਾ ਕੁੱਤਿਆਂ ਨੂੰ ਫੜ ਕੇ ਮਾਰ ਦਿੱਤਾ ਜਾਂਦਾ ਸੀ, ਇਹ ਸਮੱਸਿਆ ਫਿਰ ਵੀ ਕਾਬੂ ਹੇਠ ਰਹਿੰਦੀ ਸੀ ਪਰੰਤੂ ਬਾਅਦ ਵਿੱਚ ਅਦਾਲਤ ਵਲੋਂ ਇਹਨਾਂ ਕੁੱਤਿਆਂ ਨੂੰ ਮਾਰਨ ਦੀ ਕਾਰਵਾਈ ਤੇ ਰੋਕ ਲਗਾ ਦਿੱਤੇ ਜਾਣ ਕਾਰਨ ਇਹਨਾਂ ਆਵਾਰਾ ਕੁੱਤਿਆਂ ਦੀ ਸਮੱਸਿਆ ਲਗਾਤਾਰ ਵੱਧਦੀ ਹੀ ਗਈ ਹੈ|
ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਹੈ ਕਿ ਉਹ ਸ਼ਹਿਰ ਅਤੇ ਇਸਦੇ ਆਸਪਾਸ ਦੇ ਖੇਤਰ ਵਿੱਚ ਆਮ ਲੋਕਾਂ ਨੂੰ ਵੱਢਦੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਏ| ਜੇਕਰ ਅਦਾਲਤ ਵਲੋਂ ਆਵਾਰਾ ਕੁੱਤਿਆਂ ਨੂੰ ਮਾਰਨ ਤੇ ਰੋਕ ਲਗਾਈ ਵੀ ਗਈ ਹੈ ਤਾਂ ਵੀ ਪ੍ਰਸ਼ਾਸ਼ਨ ਨੂੰ ਇਸ ਸੰਬੰਧੀ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਆਵਾਰਾ ਕੁੱਤਿਆਂ ਦੀ ਇਸ ਸਮੱਸਿਆ ਨੂੰ ਹਲ ਕਰਨਾ ਚਾਹੀਦਾ ਹੈ| ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਉਹ ਖੁਦ ਇਸ ਪਾਸੇ ਧਿਆਨ ਦਣ ਅਤੇ ਇਸ ਸੰਬੰਧੀ ਸਰਕਾਰੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਕੇ ਆਮ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ, ਤਾਂ ਜੋ ਲੋਕਾਂ ਨੂੰ ਇਹਨਾਂ ਆਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਛੁਟਕਾਰਾ ਮਿਲੇ|

Leave a Reply

Your email address will not be published. Required fields are marked *