ਸ਼ਹਿਰ ਵਿੱਚ ਮੰਗਤਿਆਂ ਦੀ ਲਗਾਤਾਰ ਵੱਧਦੀ ਸੱਮਸਿਆ ਤੇ ਸਖਤੀ ਨਾਲ ਕਾਬੂ ਕਰੇ ਪ੍ਰਸ਼ਾਸ਼ਨ

ਸਾਡੇ ਸ਼ਹਿਰ ਵਿੱਚ ਭੀਖ ਮੰਗਣ ਵਾਲਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ ਅਤੇ ਜਿਸ ਪਾਸੇ ਵੀ ਨਜਰ ਮਾਰੋ ਇਹਨਾਂ ਮੰਗਤਿਆਂ ਦੀ ਭਰਮਾਰ ਨਜਰ ਆਉਂਦੀ ਹੈ| ਪਿਛਲੇ ਕੁੱਝ ਸਮੇਂ ਦੌਰਾਨ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਟ੍ਰੈਫਿਕ ਲਾਈਟਾਂ, ਬਾਜਾਰਾਂ ਅਤੇ ਇੱਥੋਂ ਤਕ ਕਿ ਲੋਕਾਂ ਦੇ ਘਰਾਂ ਅੱਗੇ ਜਾ ਕੇ ਭੀਖ ਮੰਗਣ ਵਾਲਿਆਂ ਦੀ ਗਿਣਤੀ ਕਾਫੀ ਵੱਧ ਗਈ ਹੈ| ਇਹ ਮੰਗਤੇ ਟ੍ਰੈਫਿਕ ਲਾਈਟਾਂ ਤੇ ਰੁਕਣ ਵਾਲੀਆਂ ਗੱਡੀਆਂ ਦੇ ਸ਼ੀਸ਼ੇ ਖੜਕਾ ਕੇ ਅਤੇ ਪੇਟ ਭਰਨ ਦਾ ਵਾਸਤਾ ਦੇ ਕੇ ਲੋਕਾਂ ਤੋਂ ਭੀਖ ਮੰਗਦੇ ਹਨ ਅਤੇ ਇਸੇ ਤਰ੍ਹਾਂ ਕਈ ਔਰਤਾਂ (ਛੋਟੇ ਛੋਟੇ ਬੱਚੇ ਚੁੱਕ ਕੇ) ਸ਼ਹਿਰ ਦੀਆਂ ਮਾਰਕੀਟਾਂ ਅਤੇ ਟ੍ਰੈਫਿਕ ਲਾਈਟਾਂ ਤੇ ਭੀਖ ਮੰਗਦੀਆਂ ਨਜਰ ਆਉਂਦੀਆਂ ਹਨ| ਹੋਰ ਤਾਂ ਹੋਰ ਕਈ ਛੋਟੇ ਛੋਟੇ ਬੱਚੇ (ਲਗਭਗ 5-7 ਸਾਲ ਤਕ ਦੀ ਉਮਰ ਦੇ) ਵੀ ਇਸੇ ਤਰ੍ਹਾਂ ਲੋਕਾਂ ਅੱਗੇ ਹੱਥ ਫੈਲਾਈ ਭੀਖ ਮੰਗਦੇ ਦਿਖਦੇ ਹਨ| ਆਮ ਲੋਕਾਂ ਦੇ ਘਰਾਂ ਦੇ ਬਾਹਰ ਪਹੁੰਚ ਕੇ ਭੀਖ ਮੰਗਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਅਤੇ ਇਹ ਭਿਖਾਰੀ ਹਰ ਪਾਸੇ ਫੈਲਦੇ ਜਾ ਰਹੇ ਹਨ|
ਇਹਨਾਂ ਮੰਗਤਿਆਂ ਵਲੋਂ ਆਉਂਦੇ ਜਾਂਦੇ ਲੋਕਾਂ ਜਾਂ ਸ਼ਹਿਰ ਵਾਸੀਆਂ ਦੇ ਘਰ ਜਾ ਕੇ ਭੀਖ ਮੰਗਣ ਦੀ ਇਹ ਕਾਰਵਾਈ ਕਾਨੂੰਨਨ ਜੁਰਮ ਹੈ ਅਤੇ ਅਜਿਹਾ ਕਰਨ ਤੇ ਇਹਨਾਂ ਮੰਗਤਿਆਂ ਨੂੰ ਗ੍ਰਿਫਤਾਰ ਕਰਕੇ ਉਸਨੂੰ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ| ਪੰਜਾਬ ਦੀ ਰਾਜਧਾਨੀ (ਚੰਡੀਗੜ੍ਹ) ਵਿੱਚ ਪੁਲੀਸ ਵਲੋਂ ਮੰਗਤਿਆਂ ਨੂੰ ਫੜ ਕੇ ਜੇਲ੍ਹ ਭੇਜ ਦਿੱਤਾ ਜਾਂਦਾ ਹੈ ਪਰੰਤੂ ਸਾਡੇ ਸ਼ਹਿਰ ਵਿੱਚ ਹਰ ਪਾਸੇ ਨਜਰ ਆਉਂਦੀ ਮੰੰਗਤਿਆਂ ਦੀ ਇਹ ਕਤਾਰ ਇਹ ਸਾਬਿਤ ਕਰਦੀ ਹੈ ਕਿ ਸਥਾਨਕ ਪ੍ਰਸ਼ਾਸ਼ਨ ਵਲੋਂ ਇਹਨਾਂ ਮੰਗਤਿਆਂ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਦਿੱਤਾ ਜਾਂਦਾ ਹੈ|
ਹਾਲਾਤ ਇਹ ਹਨ ਕਿ ਕਈ ਵਾਰ ਇਹਨਾਂ ਮੰਗਤਿਆਂ ਦੇ ਕਾਰਨ ਟ੍ਰੈਫਿਕ ਲਾਈਟਾਂ ਤੇ ਸੜਕ ਹਾਦਸੇ ਦੀ ਨੌਬਤ ਵੀ ਆ ਜਾਂਦੀ ਹੈ| ਇਸੇ ਤਰ੍ਹਾਂ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਅਤੇ ਘੁੰਮਣ ਫਿਰਨ ਆਉਣ ਵਾਲੇ ਲੋਕਾਂ ਨੂੰ ਥਾਂ ਥਾਂ ਤੇ ਇਹ ਮੰਗਤੇ ਘੇਰ ਕੇ ਖੜ੍ਹ ਜਾਂਦੇ ਹਨ| ਛੋਟੇ ਛੋਟੇ ਬੱਚਿਆਂ ਨੂੰ ਚੁੱਕੀ ਘੁੰਮ ਰਹੀਆਂ ਪ੍ਰਵਾਸੀ ਮਹਿਲਾਵਾਂ, ਫਟੇਹਾਲ ਕਪੜਿਆਂ ਅਤੇ ਗੰਦੇ ਮੰਦੇ ਚੀਥੜਿਆਂ ਵਿੱਚ ਲਿਪਟੇ ਛੋਟੇ ਛੋਟੇ ਬੱਚੇ ਅਤੇ ਕੁੱਝ ਵੱਡੀ ਉਮਰ ਦੇ ਭਿਖਾਰੀ ਅਚਾਨਕ ਹੀ ਤੁਹਾਡੇ ਸਾਮ੍ਹਣੇ ਆ ਕੇ ਬੜੀ ਦੀਨ ਹੀਨ ਜਿਹੀ ਸ਼ਕਲ ਬਣਾ ਕੇ ਖੜ੍ਹੇ ਹੋ ਜਾਂਦੇ ਹਨ ਅਤੇ ਭੀਖ ਮੰਗਣਾ ਸ਼ੁਰੂ ਕਰ ਦਿੰਦੇ ਹਨ| ਇਹਨਾਂ ਭੀਖ ਮੰਗਣ ਵਾਲਿਆਂ ਦੇ ਅਚਾਨਕ ਸਾਮ੍ਹਣੇ ਆ ਜਾਣ ਤੇ ਜਿੱਥੇ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ ਉੱਥੇ ਹੋਰਨਾਂ ਥਾਵਾਂ ਤੋਂ ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਉੱਪਰ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ| ਇਹ ਭਿਖਾਰੀ ਉਦੋਂ ਤੱਕ ਲੋਕਾਂ ਦਾ ਖਹਿੜਾ ਨਹੀਂ ਛੱਡਦੇ ਜਦੋਂ ਤੱਕ ਉਨ੍ਹਾਂ ਨੂੰ ਕੁੱਝ ਨਾ ਕੁੱਝ ਮਿਲ ਨਾ ਜਾਵੇ ਅਤੇ ਜੇਕਰ ਇਹਨਾਂ ਨੂੰ ਕੁੱਝ ਨਾ ਮਿਲੇ ਤਾਂ ਕਈ ਵਾਰ ਇਹ ਲੋਕਾਂ ਨੂੰ ਗਾਲ੍ਹਾਂ ਤਕ ਕੱਢਦੇ ਹਨ|
ਇਸ ਸੰਬੰਧੀ ਸ਼ਹਿਰਵਾਸੀ ਇਹ ਇਲਜਾਮ ਵੀ ਲਗਾਉਂਦੇ ਹਨ ਕਿ ਸ਼ਹਿਰ ਦੇ ਬਾਹਰਵਾਰ ਬਣੀਆਂ ਝੁੱਗੀ ਕਲੋਨੀਆਂ ਵਿੱਚ ਰਹਿਣ ਵਾਲੇ ਕੁੱਝ ਬਦਮਾਸ਼ ਕਿਸਮ ਦੇ ਲੋਕ ਇਹਨਾਂ ਭਿਖਾਰੀਆਂ ਦੇ ਬਾਕਾਇਦਾ ਗਿਰੋਹ ਚਲਾਉਂਦੇ ਹਨ ਅਤੇ ਇਹਨਾਂ ਵਲੋਂ ਭਿਖਾਰੀਆਂ ਤੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਬਾਕਾਇਦਾ ਯੋਜਨਾਬੱਧ ਤਰੀਕੇ ਨਾਲ ਭੀਖ ਮੰਗਵਾਈ ਜਾਂਦੀ ਹੈ| ਇਹਨਾਂ ਭਿਖਾਰੀਆਂ ਦੇ ਠੀਏ ਵੀ ਤੈਅ ਹਨ ਅਤੇ ਇਹ ਆਪਣੇ ਠੀਏ ਤੇ ਕਿਸੇ ਹੋਰ ਨੂੰ ਭੀਖ ਨਹੀਂ ਮੰਗਣ ਦਿੰਦੇ| ਆਮ ਲੋਕ ਇਹਨਾਂ ਭਿਖਾਰੀਆਂ ਦੀ ਤਰਸਯੋਗ ਹਾਲਤ ਉੱਪਰ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਕਦੀ ਆਦਿ ਦੇ ਦਿੰਦੇ ਹਨ ਅਤੇ ਇਹ ਭਿਖਾਰੀ ਲੋਕਾਂ ਦੀ ਇਸੇ ਹਮਦਰਦੀ ਦਾ ਨਾਜਾਇਜ ਫਾਇਦਾ ਚੁੱਕਦੇ ਹਨ|
ਭਿਖਾਰੀਆਂ ਦੀ ਇਸ ਲਗਾਤਾਰ ਵੱਧਦੀ ਸਮੱਸਿਆ ਦੇ ਹੱਲ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਇਹਨਾਂ ਮੰਗਤਿਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਨੂੰ ਭੀਖ ਮੰਗਣ ਤੋਂ ਸਖਤੀ ਨਾਲ ਰੋਕਿਆ ਜਾਵੇ| ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਵਿੱਚ ਭੀਖ ਮੰਗਦੇ ਇਹਨਾਂ ਭਿਖਾਰੀਆਂ ਤੇ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ| ਇਸਦੇ ਤਹਿਤ ਜਿੱਥੇ ਭੀਖ ਮੰਗਣ ਨੂੰ ਪੇਸ਼ਾ ਬਣਾ ਚੁੱਕੇ ਭਿਖਾਰੀਆਂ ਨੂੰ ਕਾਬੂ ਕੀਤਾ ਜਾਣਾ ਚਾਹੀਦਾ ਹੈ ਉੰਥੇ ਸ਼ਹਿਰ ਵਿੱਚ ਯੋਜਨਾਬੱਧ ਤਰੀਕੇ ਨਾਲ ਭੀਖ ਮੰਗਵਾਉਣ ਦੀ ਇਸ ਕਾਰਵਾਈ ਨੂੰ ਰੋਕਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ| ਇਸ ਸੰਬੰਧੀ ਪੁਲੀਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਾਸੀਆਂ ਦੀ ਇਸ ਸਮੱਸਿਆ ਤੇ ਕਾਬੂ ਕੀਤਾ ਜਾ ਸਕੇ|

Leave a Reply

Your email address will not be published. Required fields are marked *