ਸ਼ਹਿਰ ਵਿੱਚ ਵਿਕਦੇ ਖਾਣ ਪੀਣ ਦੇ ਸਾਮਾਨ ਦੀ ਗੁਣਵਤਾ ਜਾਂਚ ਕਰਨਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ

ਅੱਜਕੱਲ ਤਿਓਹਾਰਾਂ ਦਾ ਮੌਸਮ ਚਲ ਰਿਹਾ ਹੈ  ਅਤੇ ਇਸ ਦੌਰਾਨ ਸ਼ਹਿਰ ਦੇ ਬਾਜਾਰਾਂ ਦੀ ਰੌਣਕ ਵੀ ਕਾਫੀ ਵੱਧ ਗਈ ਹੈ| ਦਿਨ ਢਲਦਿਆਂ ਹੀ ਲੋਕ ਆਪਣੇ ਪਰਿਵਾਰ ਸਮੇਤ ਬਾਜਾਰ ਵਿੱਚ ਖਰੀਦਦਾਰੀ ਲਈ ਨਿਕਲਦੇ ਹਨ ਅਤੇ ਇਸ ਦੌਰਾਨ ਬਾਜਾਰਾਂ ਵਿੱਚ ਵਿਕਦੇ ਖਾਣ ਪੀਣ ਦੇ ਸਾਮਾਨ ਨੂੰ ਵੇਖ ਕੇ ਉਹਨਾਂ ਦਾ ਦਿਲ ਲਲਚਾਉਂਦਾ ਵੀ ਹੈ ਅਤੇ ਉਹਨਾਂ ਵਿੱਚੋਂ ਜਿਆਦਾਤਰ ਖਾਣ ਪੀਣ ਦਾ ਇਹ ਸਾਮਾਨ ਖਰੀਦ ਕੇ ਖਾਂਦੇ ਵੀ ਹਨ|
ਅਸੀਂ ਸਾਰੇ ਹੀ ਜਾਣਦੇ ਹਾਂ ਕਿ ਅੱਜਕੱਲ ਬਾਜਾਰ ਵਿੱਚ ਵਿਕਣ ਵਾਲੀ ਲਗਭਗ ਹਰੇਕ ਵਸਤੂ ਵਿੱਚ ਮਿਲਾਵਟ ਦਾ ਬੋਲਬਾਲਾ ਹੈ ਅਤੇ ਇਸ ਦੌਰਾਨ ਆਮ ਲੋਕਾਂ ਵਲੋਂ ਨਿੱਤ ਵਰਤੋਂ ਵਿੱਚ ਲਿਆਂਦੀਆਂ ਜਾਣ ਵਾਲੀਆਂ ਖਾਣ ਪੀਣ ਦੀਆਂ ਵਸਤੂਆਂ ਵੀ ਪੂਰੀ ਤਰ੍ਹਾਂ ਮਿਲਾਵਟ ਦੀ ਮਾਰ ਹੇਠ ਆ ਚੁੱਕੀਆਂ ਹਨ| ਮਿਲਾਵਟ ਕਰਨ ਵਾਲਿਆਂ ਵਲੋਂ ਭਾਰੀ ਮੁਨਾਫਾਖੋਰੀ ਦੇ ਲਾਲਚ ਵਿੱਚ ਬਾਜਾਰ ਵਿੱਚ ਵਿਕਣ ਵਾਲੀ ਹਰੇਕ ਉਸ ਵਸਤੂ ਵਿੱਚ ਮਿਲਾਵਟ ਕੀਤੀ ਜਾਂਦੀ ਹੈ ਜਿਸ ਵਿੱਚ ਕਿਸੇ ਤਰ੍ਹਾਂ ਦੀ ਮਿਲਾਵਟ ਨਾਲ ਉਹਨਾਂ ਨੂੰ ਫਾਇਦਾ ਹੋਣ ਦੀ ਆਸ ਹੁੰਦੀ ਹੈ ਅਤੇ ਇਹ ਕਾਰਵਾਈ ਲਗਾਤਾਰ ਵੱਧਦੀ ਹੀ ਜਾ ਰਹੀ ਹੈ|
ਬਾਜਾਰ ਵਿੱਚ ਖੁੱਲੇਆਮ ਵਿਕਦਾ ਖਾਣ ਪੀਣ ਦਾ ਇਹ ਮਿਲਾਵਟੀ ਜਾਂ ਨਕਲੀ ਸਾਮਾਨ ਆਮ ਲੋਕਾਂ ਦੀ ਸਿਹਤ ਉੱਪਰ ਬਹੁਤ ਮਾਰੂ ਅਸਰ ਪਾਉਂਦਾ ਹੈ| ਬਾਜਾਰ ਵਿੱਚ ਵਿਕਣ ਵਾਲੇ ਨਕਲੀ ਦੁੱਧ (ਸਿੰਥੈਟਿਕ ਦੁੱਧ) ਦੀ ਵਿਕਰੀ ਦੀਆਂ ਖਬਰਾਂ ਅੱਜ ਕੱਲ ਆਮ ਹਨ ਅਤੇ ਹਰ ਸਾਲ ਵਾਂਗ ਇਸ ਵਾਰ ਵੀ ਤਿਉਹਾਰਾਂ ਦੇ ਇਸ ਮੌਸਮ ਦੌਰਾਨ ਵੱਖ ਵੱਖ ਟੀ ਵੀ ਚੈਨਲਾਂ ਤੇ ਸਿੰਥੈਟਿਕ ਦੁੱਧ ਅਤੇ ਦੁੱਧ ਨਾਲ ਬਣਨ ਵਾਲੇ ਹੋਰ ਉਤਪਾਦਾਂ (ਪਨੀਰ, ਮੱਖਣ, ਖੋਆ, ਕ੍ਰੀਮ, ਦਹੀ, ਲੱਸੀ ਆਦਿ) ਦੇ ਉਤਪਾਦਨ ਅਤੇ ਇਹਨਾਂ ਦੀ ਵਿਕਰੀ ਸੰਬੰਧੀ ਰਿਪੋਰਟਾਂ ਲਗਾਤਾਰ ਨਸ਼ਰ ਕੀਤੀਆਂ ਜਾ ਰਹੀਆਂ ਹਨ|
ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਆਉਣ ਵਾਲੀਆਂ ਇਹ ਰਿਪੋਰਟਾਂ (ਜਿਹੜੀਆਂ ਹਰ ਕਿਸੇ ਦੇ ਲੂੰ ਕੰਢੇ ਖੜ੍ਹੇ ਕਰਨ ਵਾਲੀਆਂ ਹੁੰਦੀਆਂ ਹਨ) ਇਹ ਸਾਬਿਤ ਕਰਦੀਆਂ ਹਨ ਕਿ ਦੇਸ਼ ਭਰ ਵਿੱਚ ਨਕਲੀ ਦੁੱਧ ਅਤੇ ਮਿਠਾਈਆਂ ਦੇ ਨਾਲ ਨਾਲ ਦੁੱਧ ਦੇ ਨਕਲੀ ਉਤਪਾਦਾਂ ਦੀ ਵਿਕਰੀ ਜੋਰਾਂ ਸ਼ੋਰਾਂ ਨਾਲ ਕੀਤੀ ਜਾਂਦੀ ਹੈ| ਇਸ ਸੰਬੰਧੀ ਸਥਾਨਕ ਸਿਹਤ ਵਿਭਾਗ ਵਲੋਂ ਕੁੱਝ ਦਿਨ ਪਹਿਲਾਂ ਸ਼ਹਿਰ ਦੇ ਉਦਯੋਗਿਕ ਖੇਤਰ ਵਿੱਚ ਥੋਕ ਵਿੱਚ ਮਿਠਾਈਆਂ ਆਦਿ ਬਣਾਉਣ ਵਾਲੇ ਲੋਕਾਂ ਉੱਪਰ ਛਾਪੇਮਾਰੀ ਵੀ ਕੀਤੀ ਜਾ ਚੁੱਕੀ ਹੈ ਪਰੰਤੂ ਇਸ ਕਾਰਵਾਈ ਦਾ ਕੋਈ ਠੋਸ ਨਤੀਜਾ ਨਜਰ ਨਹੀਂ ਆਇਆ ਹੈ|
ਸਿਹਤ ਵਿਭਾਗ ਵਲੋਂ ਹਰ ਸਾਲ ਤਿਉਹਾਰਾਂ ਦੇ ਮੌਸਮ ਵਿੱਚ ਕੀਤੀ ਜਾਣ ਵਾਲੀ ਇਸ ਕਾਰਵਾਈ ਦੌਰਾਨ ਨਕਲੀ ਅਤੇ ਮਿਲਾਵਟੀ ਮਿਠਾਈਆਂ ਅਤੇ ਅਜਿਹੇ ਹੋਰ ਸਾਮਾਨ ਦੀ ਫੜੋਫੜੀ ਵੀ ਕੀਤੀ ਜਾਂਦੀ ਹੈ ਪਰੰਤੂ ਇਸਦੇ ਬਾਵਜੂਦ ਆਮ ਲੋਕਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਜਿਹੇ ਸਾਮਾਨ ਦੀ ਵਿਕਰੀ ਤੇ ਮੁਕੰਮਲ ਰੋਕ ਨਹੀਂ ਲਗਦੀ ਅਤੇ ਇਸ ਸਾਰੇ ਕੁੱਝ ਤੇ ਕਾਬੂ ਕਰਨ ਲਈ ਜਰੂਰੀ ਹੈ ਕਿ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾਵੇ ਜਿਹੜੇ ਆਪਣੇ ਮੁਨਾਫੇ ਲਈ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ| ਸਿਹਤ ਵਿਭਾਗ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਅਨਸਰਾਂ ਤੇ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਏ ਅਤੇ ਇਹਨਾਂ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ| ਇਸਦੇ ਨਾਲ ਨਾਲ ਇਹ ਵੀ ਜਰੂਰੀ ਹੈ ਕਿ ਇਸ ਕਾਰਵਾਈ ਨੂੰ ਸਿਰਫ ਮਿਠਾਈਆਂ ਬਣਾਉਣ ਵਾਲਿਆਂ ਅਤੇ ਹਲਵਾਈਆਂ ਤਕ ਹੀ ਸੀਮਿਤ ਨਾ ਰੱਖਿਆ ਜਾਵੇ ਬਲਕਿ ਇਸ ਕਾਰਵਾਈ ਦੇ ਤਹਿਤ ਸ਼ਹਿਰ ਵਿੱਚ ਵਿਕਦੇ ਹਰ ਤਰ੍ਹਾਂ ਦੇ ਖਾਣ ਪੀਣ ਦੇ ਸਾਮਾਨ ਦੀ ਗੁਣਵਤਾ ਦੀ ਜਾਂਚ ਨੂੰ ਯਕੀਨੀ ਬਣਾਇਆ ਜਾਵੇ|
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਿਹਤ ਵਿਭਾਗ ਵਲੋਂ ਅਜਿਹਾ ਮਿਲਾਵਟੀ ਸਾਮਾਨ ਵੇਚਣ ਵਾਲਿਆਂ ਦੇ ਵਿਰੁੱਧ ਕੀਤੀ ਜਾਣ ਵਾਲੀ ਇਹ ਕਾਰਵਾਈ ਪ੍ਰਭਾਵੀ ਢੰਗ ਨਾਲ ਅੰਜਾਮ ਦਿੱਤੀ ਜਾਵੇਗੀ| ਇਸ ਵਾਸਤੇ ਸ਼ਹਿਰ ਵਿੱਚ ਵੱਖ ਵੱਖ ਸਰੋਤਾਂ ਤੋਂ ਵਿਕਣ ਵਾਲੇ ਖਾਣ ਪੀਣ ਦੇ ਸਾਮਾਨ ਦੀ ਜਾਂਚ ਲਈ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸੰਬੰਧੀ ਮਿਲਾਵਟੀ ਅਤੇ ਘਟੀਆ ਸਾਮਾਨ ਬਣਾਉਣ ਅਤੇ ਵੇਚਣ ਵਾਲੇ ਲੋਕਾਂ ਦੇ ਖਿਲਾਫ ਲਗਾਤਾਰ ਕਾਰਵਾਈ ਕਰਕੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸ਼ਹਿਰ ਵਿੱਚ ਵਿਕਣ ਵਾਲਾ ਅਜਿਹਾ ਕੋਈ ਵੀ ਸਾਮਾਨ ਲੋਕਾਂ ਦੀ ਸਿਹਤ ਲਈ ਨੁਕਸਾਨਦਾਇਕ ਨਾ ਹੋਵੇ| ਮਿਲਾਵਟੀ ਸਾਮਾਨ ਦੀ ਵਿਕਰੀ ਤੇ ਕਾਬੂ ਕਰਨ ਲਈ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਇਸ ਸਮੱਸਿਆ ਨੂੰ ਬਿਹਤਰ ਤਰੀਕੇ ਨਾਲ ਹਲ ਕੀਤਾ ਜਾ ਸਕੇ|

Leave a Reply

Your email address will not be published. Required fields are marked *