ਸ਼ਹੀਦੀ ਜੋੜ ਮੇਲੇ ਵਿੱਚ ਇਸਤਰੀ ਕਾਨਫਰੰਸ ਰਾਹੀਂ ਅਕਾਲੀ ਦਲ ਬਾਦਲ ਨੂੰ ਸਿਆਸੀ ਲਾਹਾ ਪਹੁੰਚਾਉਣ ਦੀ ਐਸਜੀਪੀਸੀ ਮੈਂਬਰਾਂ ਵੱਲੋਂ ਨਿਖੇਧੀ


ਚੰਡੀਗੜ੍ਹ, 25 ਦਸੰਬਰ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਇਸਤਰੀ ਸਟਾਫ਼ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਜਾ ਰਹੀ ਇਸਤਰੀ ਕਾਨਫਰੰਸ ਵਿੱਚ ਸੱਦਣ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਿਆਸੀ ਲਾਹਾ ਦੇਣ ਦਾ ਵਿਰੋਧ ਕਰਦਿਆਂ ਐਸ ਜੀ ਪੀ ਸੀ ਮੈਂਬਰ ਸ. ਮਿੱਠੂ ਸਿੰਘ ਕਾਹਨੇਕੇ, ਸ. ਮਲਕੀਤ ਸਿੰਘ ਚੰਗਾਲ, ਸ. ਜੈਪਾਲ ਸਿੰਘ ਮੰਡੀਆਂ, ਸ. ਹਰਦੇਵ ਸਿੰਘ ਰੋਗਲਾ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ ਅਤੇ ਸ. ਰਾਮਪਾਲ ਸਿੰਘ ਬਹਿਣੀਵਾਲ ਨੇ ਨਿਖੇਧੀ ਕੀਤੀ ਹੈ।
ਇੱਥੇ ਜਾਰੀ ਇੱਕ ਸਾਂਝੇ ਬਿਆਨ ਵਿੱਚ ਸ.ਮਿੱਠੂ ਸਿੰਘ ਕਾਹਨੇਕੇ ਅਤੇ ਉਨ੍ਹਾ ਦੇ ਸਾਥੀ ਮੈਂਬਰਾਂ ਨੇ ਕਿਹਾ ਕਿ ਇਸ ਵਾਰ ਸ਼ਹੀਦੀ ਜੋੜ ਮੇਲੇ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਸਿਆਸੀ ਰੈਲੀਆਂ ਤੇ ਪੂਰੀ ਤਰਾਂ ਪਾਬੰਦੀ ਲਗਾਈ ਗਈ ਹੈ, ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਿਆਸੀ ਲਾਹਾ ਲੈਣ ਲਈ ਇਸਦਾ ਤੋੜ ਲੱਭ ਲਿਆ ਹ। ਉਨ੍ਹਾ ਕਿਹਾ ਕਿ ਇਸਤਰੀ ਅਕਾਲੀ ਦਲ ਬਾਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ (ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਪ੍ਰਧਾਨ ਹਨ) ਵਲੋਂ ਆਪਣੇ ਅਹੁਦੇ ਦੀ ਗਲਤ ਵਰਤੋਂ ਕਰਕੇ ਇਸਤਰੀ ਕਾਨਫਰੰਸ ਵਿੱਚ ਐਸ ਜੀ ਪੀ ਸੀ ਦੇ ਅਧੀਨ ਚੱਲਣ ਵਾਲੇ ਵਿਦਿਅਕ ਅਦਾਰਿਆਂ ਦੇ ਇਸਤਰੀ ਸਟਾਫ਼ ਦੀ ਸ਼ਮੂਲੀਅਤ ਕਰਵਾ ਰਹੇ ਹਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਫਾਇਦਾ ਪਹੁੰਚਾਇਆ ਜਾ ਸਕੇ।
ਐਸ ਜੀ ਪੀ ਸੀ ਮੈਂਬਰ ਮਲਕੀਤ ਸਿੰਘ ਚੰਗਾਲ ਨੇ ਕਿਹਾ ਕਿ ਕਿਉਂਕਿ ਸ਼ਹੀਦੀ ਜੋੜ ਮੇਲੇ ਵਿੱਚ ਇਸ ਵਾਰ ਸਿਆਸੀ ਸਰਗਰਮੀਆਂ ਨਹੀ ਕੀਤੀਆਂ ਜਾ ਸਕਦੀਆਂ ਇਸ ਕਰਕੇ ਬੀਬੀ ਜਗੀਰ ਕੌਰ ਵਲੋਂ ਇਸਤਰੀ ਕਾਨਫਰੰਸ ਨੂੰ ਧਾਰਮਿਕ ਚੋਲਾ ਪਵਾ ਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *