ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ, 17 ਅਗਸਤ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੇਸ਼ ਦੀ ਆਜ਼ਾਦੀ ਲਈ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ) ਵੱਲੋਂ ਅੰਗਰੇਜ਼ਾਂ ਨਾਲ ਕੀਤੀ ਜੰਗ ਵਿੱਚ ਹਜ਼ਾਰਾਂ ਸਿੰਘਾਂ ਸੂਰਬੀਰਾਂ ਸਮੇਤ ਇਸ ਅਸਥਾਨ ਤੇ ਪ੍ਰਾਪਤ ਕੀਤੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ | ਸ਼ਹੀਦਾਂ ਦੀ ਯਾਦ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦਿਆਲ ਸਿੰਘ ਹੀਰਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬਾਬਾ ਹਨੂੰਮਾਨ ਸਿੰਘ ਜੀ ਵੱਲੋਂ ਅੰਗਰੇਜ਼ਾਂ ਨਾਲ ਦੇਸ਼ ਦੀ ਆਜ਼ਾਦੀ ਲਈ ਕੀਤੀ ਲਹੂ ਵੀਟਵੀਂ ਜੰਗ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ | ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਾਦਤ ਦੇ ਸਮੇਂ ਬਾਬਾ ਜੀ ਦੀ ਉਮਰ 90 ਸਾਲ ਸੀ| ਭਾਈ ਬਹਾਦਰ ਸਿੰਘ ਸੇਵਕ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ ਭਾਈ ਧਰਮ ਸਿੰਘ ਮਾਹੀ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਗੁਰਬਖਸ਼ ਸਿੰਘ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਨਿਰਵੈਰ ਸਿੰਘ ਖਾਲਸਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਨਿਭਾਇਆ| ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਇਸ ਅਸਥਾਨ ਤੇ 20 ਅਗਸਤ ਨੂੰ ਦਸਵੀ ਦਾ ਸ਼ੁਭ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *