ਸਫਾਈ ਮਜਦੂਰ ਫੈਡਰੇਸ਼ਨ ਵਲੋਂ ਅਰਥੀ ਫੁਕ ਮੁਜਾਹਰਾ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ


ਐਸ.ਏ.ਐਸ. ਨਗਰ 6 ਜਨਵਰੀ (ਸ.ਬ.) ਸਫਾਈ ਮਜਦੂਰ ਫੈਡਰੇਸ਼ਨ ਦੀ ਅਗਵਾਈ ਹੇਠ ਅੱਜ ਇੱਥੇ ਮੁਲਾਜ਼ਮਾਂ ਵੱਲੋਂ ਸਿੱਖਿਆ ਬੋਰਡ ਚੌਂਕ ਦੇ ਉੱਤੇ ਵੱਡੀ ਰੈਲੀ ਕਰਦਿਆਂ ਮੋਦੀ ਸਰਕਾਰ ਦੀ ਵੱਡੀ ਅਰਥੀ ਬਣਾ ਕੇ ਫੂਕੀ ਗਈ ਤੇ ਕਿਸਾਨੀ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕੀਤੀ ਗਈ। ਇਸ ਰੈਲੀ ਵਿੱਚ ਸਫਾਈ ਕਾਮੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੌਕੇ ਹਾਜਿਰ ਕਰਮਚਾਰੀਆਂ ਵਲੋਂ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਅਤੇ ਮੋਦੀ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸੱਜਨ ਸਿੰਘ, ਰਣਬੀਰ ਢਿੱਲੋਂ, ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਉਪ ਪ੍ਰਧਾਨ ਮੋਹਣ ਸਿੰਘ, ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ, ਪਵਨ ਗੋਡਯਾਲ, ਕਲਾਸ-ਫੌਰ ਯੂਨੀਅਨ ਦੇ ਕਿਸ਼ਨ ਪ੍ਰਸ਼ਾਦ ਅਤੇ ਹੋਰਨਾਂ ਨੇ ਕਿਹਾ ਕਿ ਇਹ ਰੈਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਗਈ ਹੈ। ਬੁਲਾਰਿਆਂ ਨੇ ਐਲਾਨ ਕੀਤਾ ਕਿ ਕਿਸਾਨੀ ਸੰਘਰਸ਼ ਦੀ ਮੁਲਾਜ਼ਮ ਲਗਾਤਾਰ ਹਮਾਇਤ ਕਰਨਗੇ ਅਤੇ ਨਵੇਂ ਸਾਲ ਵਿੱਚ ਲਗਾਤਾਰ ਜ਼ੋਰਦਾਰ ਸੰਘਰਸ਼ ਚਲਾਇਆ ਜਾਵੇਗਾ ਅਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਪੈਂਡਿੰਗ ਪਈਆਂ ਮੰਗਾਂ ਦੀ ਪ੍ਰਾਪਤੀ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਅੱਜ ਸਾਰੇ ਪੰਜਾਬ ਵਿੱਚ ਅਰਥੀ ਫੂਕ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਵੱਡੇ ਮੁਜ਼ਾਹਰੇ ਕੀਤੇ ਗਏ ਹਨ।
ਰੈਲੀ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਐਕਟ ਰੱਦ ਕਰੇ। ਇਸਦੇ ਨਾਲ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੇ-ਕਮਿਸ਼ਨ ਤੋਂ ਰਿਪੋਰਟ ਲੈ ਕੇ ਤੁਰੰਤ ਲਾਗੂ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ 2016 ਦੇ ਐਕਟ ਮੁਤਾਬਿਕ ਤੁਰੰਤ ਪੱਕਾ ਕੀਤਾ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਲਾਗੂ ਕੀਤੇ ਜਾ ਰਹੇ ਕੇਂਦਰ ਦੇ ਮੋਦੀ ਵਾਲੇ ਤਨਖਾਹ ਸਕੇਲ ਅਤੇ ਮੋਦੀ ਦੇ ਲੇਬਰ ਵਿਰੋਧੀ ਹੋਰ ਕਾਨੂੰਨ ਪੰਜਾਬ ਵਿੱਚ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਮਿਡ-ਡੇ-ਮੀਲ ਵਰਕਰਾਂ ਨੂੰ ਮੁਲਾਜ਼ਮ ਮੰਨ ਕੇ ਪੂਰੇ ਸਕੇਲ ਲਾਗੂ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲਗਾਤਾਰ 4 ਸਾਲ ਪੰਜਾਬ ਦੇ ਮੁਲਾਜ਼ਮਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ। ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਡੀ.ਏ. ਦੀਆਂ ਕਿਸ਼ਤਾਂ ਸਮੇਤ ਬਕਾਏ 6ਵੇਂ ਪੇ-ਕਮਿਸ਼ਨ ਰੋਕ ਕੇ ਰੱਖਿਆ ਹੋਇਆ ਹੈ ਜੋ ਕਿ ਸਿੱਧੇ ਤੌਰ ਤੇ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੱਕਾ ਹੈ।
ਆਗੂਆਂ ਨੇ ਐਲਾਨ ਕੀਤਾ ਕਿ ਪੰਜਾਬ ਅਤੇ ਯੂ.ਟੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਹਾਈ ਪਾਵਰ ਕਮੇਟੀ ਦੀ 8 ਜਨਵਰੀ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮੀਟਿੰਗ ਵਿੱਚ ਵੱਡੇ ਸੰਘਰਸ਼ ਦੇ ਫੈਸਲੇ ਲਏ ਜਾਣਗੇ ਅਤੇ ਇਹ ਸੰਘਰਸ਼ ਜਾਰੀ ਰਹੇਗਾ।

Leave a Reply

Your email address will not be published. Required fields are marked *