ਸਮਾਜ ਦੇ ਹਰ ਵਰਗ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ: ਸਪਰਾ

ਐਸ.ਏ.ਐਸ.ਨਗਰ, 5 ਅਪ੍ਰੈਲ (ਸ.ਬ.) ਸਮਾਜ ਦੇ ਹਰ ਵਰਗ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ ਹੈ ਅਤੇ ਮਾਪਿਆਂ ਨੂੰ ਆਪਣੀਆਂ ਲੜਕੀਆਂ ਨੂੰ ਉਚੇਰੀ ਸਿੱਖਿਆ ਦਿਵਾਉਣ ਲਈ ਵਿਸ਼ੇਸ ਤਵੱਜੋਂ ਦੇਣੀ ਚਾਹੀਦੀ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਨਾਈਪਰ ਦੇ ਆਡੀਟੋਰੀਅਮ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ|
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਸਪਰਾ ਨੇ ਕਿਹਾ ਕਿ ਕੁੱਝ ਵਿਭਾਗਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਂਦੇ ਹਨ| ਜਿਸ ਤਹਿਤ ਆਮ ਲੋਕਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਇਸ ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਇਆ ਜਾ ਸਕੇ| ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਹੁਣ ਔਰਤਾਂ ਮਰਦਾਂ ਨਾਲੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ| ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਵਿੱਚ ਚਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਭਾਰਤ ਦੀ ਵੇਟਲਿਫਟਰ ਸਾਈਖੁਮ ਮੀਰਾ ਬਾਈ ਚਾਨੂੰ ਨੇ ਭਾਰਤ ਲਈ ਪਹਿਲਾਂ ਸੋਨ ਤਮਗਾ ਜਿੱਤ ਕੇ ਆਪਣੇ ਦੇਸ਼ ਦਾ ਨਾਂਅ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ|
ਸ੍ਰੀਮਤੀ ਸਪਰਾ ਨੇ ਇਸ ਮੌਕੇ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜ਼ਿਲ੍ਹੇ ਲਈ ਸੈਨੇਟਰੀ ਪੈਡ ਬੈਂਕ ਲਾਂਚ ਕੀਤਾ ਗਿਆ ਸੀ| ਜਿਸ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਬਸਿਡੀ ਤੇ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ| ਉਨ੍ਹਾਂ ਇਸ ਮੌਕੇ ਪੈਡ ਮੁਹੱਈਆ ਕਰਾਉਣ ਦੀ ਰਸਮੀ ਸੁਰੂਆਤ ਵੀ ਕੀਤੀ| ਸ੍ਰੀਮਤੀ ਸਪਰਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰੀ ਪ੍ਰਾਇਮਰੀ ਵਿੰਗ ਵਿੱਚ ਪੜ੍ਹਦੀਆਂ 2600 ਦੇ ਕਰੀਬ ਲੜਕੀਆਂ ਨੂੰ ਮੁਫਤ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ| ਉਨ੍ਹਾਂ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੀਡਿੰਗ ਰੂਮ ਖੋਲਿਆ ਗਿਆ ਹੈ, ਜਿਸ ਦਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਅਤੇ ਉਹ ਭਵਿੱਖ ਵਿੱਚ ਹੋਣ ਵਾਲੇ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਵੀ ਕਰ ਸਕਦੇ ਹਨ| ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅੱਠਵੀਂ ਤੋਂ ਦਸਵੀਂ ਜਮਾਤ ਦੀਆਂ 25 ਵਿਦਿਆਰਥਣਾਂ ਨੂੰ ਬੈਗ ਕਿੱਟਾਂ, ਜਿਸ ਵਿੱਚ ਕਿਤਾਬਾਂ, ਕਾਪੀਆਂ ਅਤੇ ਹੋਰ ਸਟੇਸ਼ਨਰੀ ਵੀ ਸ਼ਾਮਿਲ ਸੀ, ਮੁਫਤ ਵੰਡੀਆਂ|
ਇਸ ਮੌਕੇ ਬੋਲਦਿਆਂ ਸਿਵਲ ਸਰਜਨ ਰੀਟਾ ਭਾਰਦਵਾਜ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਕਰਵਾਏ ਗਏ ਪ੍ਰੋਗਰਾਮ ਦਾ ਮੁੱਖ ਮੰਤਵ ਮਾਪਿਆਂ ਨੂੰ ਆਪਣੀਆਂ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਮਝਣਾ ਅਤੇ ਲੜਕੀਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਤਵੱਜੋਂ ਦਿਵਾਉਣਾ ਹੈ| ਇਸ ਮੌਕੇ ਸਰਕਾਰੀ ਕਾਲਜ ਆਫ਼ ਨਰਸਿੰਗ ਘੜੂੰਆਂ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ, ਸਕਿੱਟ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ| ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਐਸ.ਡੀ.ਐਮ. ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਰਨਜੀਤ ਸਿੰਘ, ਜ਼ਿਲ੍ਹਾ ਬਾਲ ਭਲਾਈ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਊਸ਼ਾ ਸਿੰਗਲਾ, ਡਾ. ਵਨੀਤ ਨਾਗਪਾਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *