ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਲਈ ਮਾਪੇ-ਅਧਿਆਪਿਕ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

27 ਲੱਖ ਦੇ ਕਰੀਬ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਹਿੱਸਾ ਲੈਣ ਦੀ ਉਮੀਦ

ਚੰਡੀਗੜ੍ਹ, 14 ਸਤੰਬਰ (ਸ.ਬ.) ਕੋਵਿਡ-19 ਦੀ ਮਹਾਂਮਾਰੀ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜੂਦ ਜਿੱਥੇ  ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਦਿਆਂ ਵਿਦਿਆਰਥੀਆਂ ਦੇ ਇਮਤਿਹਾਨ ਲਏ ਹਨ ਬਲਕਿ ਹੁਣ ਬੱਚਿਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਲਈ ਮਾਪੇ-ਅਧਿਆਪਿਕ ਮੀਟਿੰਗਾਂ (ਪੀ.ਟੀ.ਐਮ.) ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ| 
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਪੀ.ਟੀ.ਐਮ. ਦਾ ਸਿਲਸਲਾ 14 ਸਤੰਬਰ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ 19 ਸਤੰਬਰ ਤੱਕ ਚੱਲੇਗਾ| ਉਹਨਾਂ ਕਿਹਾ ਕਿ ਇਸ ਦੌਰਾਨ 27 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਇਨ੍ਹਾਂ ਮੀਟਿੰਗਾਂ ਵਿੱਚ ਹਿੱਸਾ ਲੈਣ ਦੀ ਉਮੀਦ ਹੈ| 
ਉਹਨਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਆਨ ਲਾਈਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਆਨ ਲਾਈਨ ਪੜ੍ਹਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ| ਇਸ ਦੇ ਨਾਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਤਾ ਲਾਇਆ ਜਾਵੇਗਾ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਹੋਰ ਸੁਧਾਰ ਲਿਆਉਣ ਦੇ ਸਬੰਧ ਵਿੱਚ ਸੁਝਾਅ ਲਏ              ਜਾਣਗੇ| ਇਸ ਦੇ ਨਾਲ ਨਾਲ ਮਿਡ ਡੇ ਮੀਲ, ਕਿਤਾਬਾਂ ਦੀ ਵੰਡ, ਪੀ. ਏ. ਐਸ. ਦੀ ਤਿਆਰੀ ਤੇ ਮਹੱਤਤਾ, ਪੰਜਾਬ ਐਜੂਕੇਅਰ ਐਪ ਤੇ ਸਪਲੀਮੈਂਟਰੀ ਮਟੀਰੀਅਲ, ਅਤੇ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਉਨ੍ਹਾਂ ਦੀ ਸਿਹਤ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ|
ਬੁਲਾਰੇ ਨੇ ਦੱਸਿਆ ਕਿ ਇਸ            ਸਮੇਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12 ਵੀ ਕਲਾਸ ਤੱਕ 26,95,424 ਵਿਦਿਆਰਥੀ ਪੜ੍ਹ ਰਹੇ ਹਨ| ਸਰਕਾਰੀ ਸਕੂਲਾਂ ਦੀ ਬਿਹਤਰ ਕਾਰਗੁਜ਼ਾਰੀ ਦੇ ਕਾਰਨ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਿੱਚ 14.55 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਤਕਰੀਬਨ 1 ਲੱਖ 60 ਹਜ਼ਾਰ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ|

Leave a Reply

Your email address will not be published. Required fields are marked *