ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ-ਜੀਟੀਯੂ

ਚੰਡੀਗੜ੍ਹ, 7 ਜੂਨ (ਸ.ਬ.) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਰਾਜ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਸਾਇੰਸ ਵਿਸ਼ਾ ਪੜਾਉਣ ਲਈ ਪ੍ਰਾਈਵੇਟ ਉਚੇਰੀ ਸਿੱਖਿਆ ਸੰਸਥਾਵਾਂ ਨਾਲ ਸਮਝੌਤਾ ਕਰਨ ਦੀ ਤਜਵੀਜ਼ ਦਾ ਜੋਰਦਾਰ ਵਿਰੋਧ ਕਰਦਿਆਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਸਰਕਾਰੀ ਸਕੂਲ਼ਾਂ ਵਿੱਚ ਦਹਾਕਿਆਂ ਤੋਂ ਅਧਿਆਪਕਾਂ ਦੀਆਂ ਖਾਲੀ ਪਈਆਂ ਪੋਸਟਾਂ ਭਰਨ ਲਈ ਪੰਜਾਬ ਦੇ ਬੇਰੁਜਗਾਰ ਟੈਟ ਪਾਸ, ਓਵਰਏਜ਼ ਹੋ ਰਹੇ ਅਧਿਆਪਕਾਂ ਨੂੰ ਨਿਯੁਕਤੀਆਂ ਦੇਣ ਦੀ ਮੰਗ ਕੀਤੀ|
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦੇ ਹਵਾਲੇ ਕਰਨਾ ਚੋਣਾਂ ਵਿੱਚ ਚੋਣ ਮੈਨੀਫੈਸਟੋ ਰਾਹੀਂ ਪੰਜਾਬ ਦੇ ਲੋਕਾਂ ਨਾਲ ਸਰਕਾਰੀ ਸਿੱਖਿਆ ਦੇ ਸੁਧਾਰ ਲਈ ਕੀਤੇ ਵਾਅਦੇ ਤੋਂ ਮੁਕਰ ਕੇ ਪਿਛਲੀ ਸਰਕਾਰ ਵਾਂਗ ਸਰਕਾਰੀ ਸਿੱਖਿਆ ਤੰਤਰ ਨੂੰ ਖਤਮ ਕਰਨ ਅਤੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਉਤਸ਼ਾਹਿਤ ਕਰਨਾ ਮੰਦਭਾਗੀ ਅਤੇ ਨਿੰਦਣਯੋਗ ਕਾਰਵਾਈ ਹੈ| ਇਸ ਮੌਕੇ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੁਹਾਲੀ ਨੇ ਕਿਹਾ ਕਿ ਜੀਟੀਯੂ ਪੰਜਾਬ ਸਰਕਾਰੀ ਸਿੱਖਿਆ ਨੂੰ ਬਚਾਉਣ ਲਈ ਸੰਘਰਸ਼ ਕਰ ਰਹੀ ਹੈ ਅਤੇ ਪੰਜਾਬ ਦਾ ਅਧਿਆਪਕ ਵਰਗ ਕਿਸੇ ਵੀ ਹਾਲਤ ਵਿੱਚ ਸਿੱਖਿਆ ਵਿਰੋਧੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ| ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਸਰਕਾਰੀ ਅਧਿਆਪਕਾਂ ਦੇ ਥਾਂ ਸਰਕਾਰੀ ਸਕੂਲਾਂ ਵਿੱਚ ਭੇਜਣ ਦੀ ਕਿਸੇ ਕਿਸਮ ਦੀ ਕੋਈ ਵੀ ਕਾਰਵਾਈ ਕੀਤੀ ਤਾਂ ਪੰਜਾਬ ਦਾ ਅਧਿਆਪਕ ਵਰਗ ਇਸ ਦਾ ਜ਼ੋਰਦਾਰ ਵਿਰੋਧ ਕਰੇਗਾ ਅਤੇ ਸਰਕਾਰੀ ਸਕੂਲਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ  ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ|

Leave a Reply

Your email address will not be published. Required fields are marked *