ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕੇਗੀ ਸਰਕਾਰ: ਸਿੱਧੂ

ਐਸ ਏ ਐਸ ਨਗਰ, 15 ਅਪ੍ਰੈਲ (ਸ.ਬ.) ਪੰਜਾਬ ਸਰਕਾਰ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦਾ ਪੱਧਰ ਉੱਚਾ ਚੁਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਪੂਰੀ ਸਰਗਰਮੀ ਨਾਲ ਕਾਰਜ ਕੀਤਾ ਜਾ ਰਿਹਾ ਹੈ| ਇਹ ਵਿਚਾਰ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਪ੍ਰਗਟ ਕੀਤੇ| ਸ੍ਰ. ਸਿੱਧੂ ਪਿੰਡ ਕੁਰੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਉਸਾਰੇ ਜਾਣ ਵਾਲੇ ਕਮਰੇ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਤੋਂ ਬਾਅਦ ਹੋਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ| ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਸਾਡੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਚੰਗੀ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਕੈਪਟਨ ਸਰਕਾਰ ਦਾ ਮੁੱਖ ਟੀਚਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਅੰਦਰ ਪਾਈਆਂ ਜਾ ਰਹੀਆਂ ਖਾਮੀਆਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ ਅਤੇ ਜਿਥੇ ਕਿਤੇ ਵੀ ਅਧਿਆਪਕਾਂ ਦੀ ਘਾਟ ਹੋਵੇਗੀ, ਉਥੇ ਪੜ੍ਹੇ ਲਿਖੇ ਅਤੇ ਤਜ਼ਰਬੇਕਾਰ ਅਧਿਆਪਕ ਮੁਹੱਈਆ ਕਰਵਾਏ ਜਾਣਗੇ| ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਵੱਲੋਂ ਵੀ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ ਗਈ| ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਵੱਲੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਾਬਾ ਜੀ ਦਾ ਵਿਸੇਸ਼ ਤੌਰ ਤੇ ਸਨਮਾਨ ਕੀਤਾ ਗਿਆ| ਇਸ ਮੌਕੇ ਬਾਬਾ ਜੀ ਵੱਲੋਂ ਸਕੂਲ ਲਈ ਮਾਲੀ ਮਦਦ ਵੀ ਦਿੱਤੀ |
ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਧਾਇਕ ਸ. ਸਿੱਧੂ ਨੂੰ ਸਕੂਲ ਵਿਚ ਕੰਪਿਊਟਰ ਨਾ ਹੋਣ ਦੀ ਗੱਲ ਤੋਂ ਜਾਣੂੰ ਕਰਵਾਇਆ, ਜਿਸ ਉਤੇ ਵਿਧਾਇਕ ਨੇ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਸਕੂਲ ਵਿੱਚ ਕੰਪਿਊਟਰਾਂ ਦਾ ਪ੍ਰਬੰਧ ਕਰਵਾ ਦੇਣਗੇ ਤਾਂ ਜੋ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਲੈਣ ਵਿੱਚ ਕੋਈ ਔਕੜ ਪੇਸ਼ ਨਾ ਆਵੇ| ਇਸ ਮੌਕੇ ਸਕੂਲ ਦੇ ਬੱਚਿਆਂ ਦੁਆਰਾ ਇਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ| ਇਸ ਮੌਕੇ ਪਿੰਡ ਦੇ ਸਰਪੰਚ ਛੱਜਾ ਸਿੰਘ ਕੁਰੜੀ, ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ, ਗੁਰਮੀਤ ਸਿੰਘ ਢਿੱਲੋਂ, ਗੁਲਾਬ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਢਿੱਲੋਂ, ਗੁਰਨਾਮ ਸਿੰਘ ਢੋਲ, ਜਗਰੂਪ ਸਿੰਘ ਕੁਰੜੀ, ਅਵਤਾਰ ਸਿੰਘ ਪੰਚ, ਧਰਮ ਸਿੰਘ, ਬੱਗਾ ਪਹਿਲਵਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਤੇ ਸਕੂਲੀ ਅਧਿਆਪਕ ਮੌਜੂਦ ਸਨ|

Leave a Reply

Your email address will not be published. Required fields are marked *