ਸ਼ਹਿਰ ਦੀਆਂ ਸੜਕਾਂ ਤੇ ਖਰਮਸਤੀਆਂ ਕਰਦੇ ਆਟੋ-ਚਾਲਕਾਂ ਵਿਰੁੱਧ ਸਖਤ ਕਾਰਵਾਈ ਦੀ ਲੋੜ

ਜਿਵੇਂ ਜਿਵੇਂ ਕੋਰੋਨਾ ਮਹਾਮਾਰੀ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਖਤਮ ਹੋ ਰਹੀਆਂ ਹਨ, ਜਿੰਦਗੀ ਵੀ ਪਹਿਲਾਂ ਵਾਂਗ ਆਮ ਹੁੰਦੀ ਜਾ ਰਹੀ ਹੈ ਅਤੇ ਇਸਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ ਤੇ ਟ੍ਰੈਫਿਕ ਵੀ ਪਹਿਲਾਂ ਵਾਂਗ ਹੀ ਵੱਧਦਾ ਜਾ ਰਿਹਾ ਹੈ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵੀ ਪਹਿਲਾਂ ਵਾਂਗ ਹੀ ਬਦਹਾਲ ਹੋਣ ਲੱਗ ਗਈ ਹੈ ਅਤੇ ਸ਼ਹਿਰਵਾਸੀ ਇਸਦੀ ਆਮ ਸ਼ਿਕਾਇਤ ਕਰਦੇ ਦਿਖਦੇ ਹਨ| ਇਸ ਦੌਰਾਨ ਆਮ ਗੱਲਬਾਤ ਦੌਰਾਨ ਜਿੱਥੇ ਸ਼ਹਿਰਵਾਸੀ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਤੋਂ ਬੁਰੀ ਤਰ੍ਹਾਂ ਤ੍ਰਸਤ ਦਿਖਦੇ ਹਨ ਉੱਥੇ ਉਹ ਟ੍ਰੈਫਿਕ ਵਿਵਸਥਾ ਦੀ ਇਸ ਬਦਹਾਲੀ ਲਈ  ਸ਼ਹਿਰ ਵਿੱਚ ਚਲਦੇ ਆਟੋ ਰਿਕਸ਼ਿਆਂ ਦੇ ਚਾਲਕਾਂ (ਜਿਹਨਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਖੁੱਲ ਕੇ ਉਲੰਘਣਾ ਕੀਤੀ ਜਾਂਦੀ ਹੈ) ਨੂੰ ਹੀ ਜਿੰਮੇਵਾਰ ਠਹਿਰਾਉਂਦੇ ਹਨ ਅਤੇ ਉਹਨਾਂ ਵਲੋਂ ਇਹ ਆਮ ਸ਼ਿਕਾਇਤ ਕੀਤੀ ਜਾਂਦੀ ਹੈ ਕਿ ਟ੍ਰੈਫਿਕ ਪਲੀਸ ਵਲੋਂ ਅਜਿਹੇ ਆਟੋ ਚਾਲਕਾਂ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ|
ਸ਼ਹਿਰ ਦੇ ਵਸਨੀਕ ਇਹ ਆਮ ਸ਼ਿਕਾਇਤ ਕਰਦੇ ਹਨ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਆਟੋ ਚਾਲਕ ਪੂਰੀ ਤਰ੍ਹਾਂ ਬੇਲਗਾਮ ਹੋ ਚੁੱਕੇ ਹਨ| ਲੋਕਾਂ ਦੀ ਇਹ ਵੀ ਸ਼ਿਕਾਇਤ ਹੈ ਕਿ ਟ੍ਰੈਫਿਕ ਪੁਲੀਸ ਵਲੋਂ ਆਮ ਵਾਹਨ ਚਾਲਕਾਂ ਵਲੋਂ ਟ੍ਰੈਫਿਕ ਨਿਯਮਾਂ ਦੀ ਕਿਸੇ ਵੀ ਛੋਟੀ ਵੱਡੀ ਉਲੰਘਣਾ ਲਈ ਤਾਂ ਉਹਨਾਂ ਦਾ ਤੁਰੰਤ ਚਾਲਾਨ ਕਰ ਦਿੱਤਾ ਜਾਂਦਾ ਹੈ ਪਰੰਤੂ ਇਹੀ ਟ੍ਰੈਫਿਕ ਪੁਲੀਸ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਪੂਰੀ ਤਰ੍ਹਾਂ                  ਅਣਦੇਖਿਆ ਕਰ ਦਿੰਦੀ ਹੈ ਜਦੋਂਕਿ ਆਟੋ ਚਾਲਕਾਂ ਵਿੱਚੋਂ ਜਿਆਦਾਤਰ ਕੋਲ ਨਾ ਤਾਂ ਆਟੋ ਚਲਾਉਣ ਸੰਬੰਧੀ ਲਾਈਸੰਸ ਹੁੰਦਾ ਹੈ ਅਤੇ ਹੀ ਇਹਨਾਂ ਦੇ ਵਾਹਨਾਂ ਦੇ ਕਾਗਜ ਹੀ ਮੁਕੰਮਲ ਹੁੰਦੇ ਹਨ|  
ਲੋਕ ਇਹ ਵੀ ਇਲਜਾਮ ਲਗਾਉਂਦੇ ਹਨ ਕਿ ਸ਼ਹਿਰ ਵਿੱਚ ਚਲਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਿੱਚੋਂ ਜਿਆਦਾਤਰ ਅਜਿਹੇ ਹਨ ਜਿਹੜੇ ਯੂ ਪੀ, ਬਿਹਾਰ ਵਰਗੇ ਸੂਬਿਆਂ ਤੋਂ ਇੱਥੇ ਰੁਜਗਾਰ ਦੀ ਭਾਲ ਵਿੱਚ ਆਉਂਦੇ ਹਨ ਅਤੇ ਇੱਥੇ ਉਹਨਾਂ ਦੇ ਕਿਸੇ ਜਾਣਕਾਰ ਵਲੋਂ ਉਹਨਾਂ ਨੂੰ ਦੋ ਚਾਰ ਦਿਨ ਆਟੋ ਚਲਾਉਣ ਦੀ ਥੋੜ੍ਹੀ ਬਹੁਤ ਜਾਣਕਾਰੀ ਦੇ ਕੇ ਜਾਂ ਆਪਣੇ ਨਾਲ ਘੁਮਾ ਕੇ ਕਿਰਾਏ ਤੇ ਆਟੋ ਦਿਵਾ ਦਿੱਤਾ ਜਾਂਦਾ ਹੈ| ਇਹਨਾਂ ਕੋਲ ਨਾ ਤਾਂ ਲਾਈਸੰਸ ਹੁੰਦਾ ਹੈ ਅਤੇ ਨਾ ਹੀ ਇਹਨਾਂ ਨੂੰ ਟ੍ਰੈਫਿਕ ਨਿਯਮਾਂ ਦੀ ਪੂਰੀ ਜਾਣਕਾਰੀ  ਹੀ ਹੁੰਦੀ ਹੈ| ਅਜਿਹੇ ਨਵੇਂ ਨਵੇਂ ਬਣੇ ਆਟੋ ਚਾਲਕ ਸ਼ਹਿਰ ਦੀਆਂ ਸੜਕਾਂ ਤੇ ਖੜਦੂੰਗ ਤਾਂ ਮਚਾਉਂਦੇ ਹੀ ਹਨ, ਪੁਲੀਸ ਵਲੋਂ ਖੁੱਲਂੀ ਛੂਟ ਮਿਲਣ ਕਾਰਨ ਕਿਸੇ ਦੀ ਵੀ ਪਰਵਾਹ ਨਹੀਂ ਕਰਦੇ ਅਤੇ ਇੱਕ ਦੂਜੇ ਤੋਂ ਅੱਗੇ ਵੱਧ ਕੇ ਸਵਾਰੀ ਚੁੱਕਣ ਦੀ ਹੋੜ ਵਿੱਚ ਅਕਸਰ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ|
ਇੱਥੇ ਹੀ ਬਸ ਨਹੀਂ ਬਲਕਿ ਇਹ ਆਟੋ ਚਾਲਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਆਪਣੀ ਇਸ ਕਾਰਵਾਈ ਨਾਲ ਆਟੋ ਵਿੱਚ ਬੈਠੀਆਂ ਸਵਾਰੀਆਂ ਲਈ ਵੀ ਖਤਰਾ ਪੈਦਾ ਕਰਦੇ ਹਨ ਅਤੇ ਸ਼ਹਿਰ ਵਿੱਚ ਚਲਦੇ ਅਜਿਹੇ ਥ੍ਰੀ ਵਹੀਲਰ ਕਈ ਵਾਰ ਹਾਦਸਿਆਂ ਦੌਰਾਨ ਸਵਾਰੀਆਂ ਨੂੰ ਜਖਮੀ ਵੀ ਕਰ ਚੁੱਕੇ ਹਨ| ਇਹ ਆਟੋ ਚਾਲਕ ਆਪਣੇ ਤੋਂ ਪਿੱਛੇ ਆਉਣ ਵਾਲੇ ਕਿਸੇ ਵਾਹਨ ਚਾਲਕ ਵਲੋਂ ਵਾਰ ਵਾਰ ਹਾਰਨ ਦੇਣ ਦੇ ਬਾਵਜੂਦ ਉਸਨੂੰ ਰਾਹ ਦੇਣ ਲਈ ਤਿਆਰ ਨਹੀਂ ਹੁੰਦੇ ਅਤੇ ਇਸ ਕਾਰਨ ਆਮ ਲੋਕਾਂ ਨੂੰ ਸੜਕਾਂ ਤੇ ਆਪਣਾ ਵਾਹਨ ਚਲਾਉਣ ਵਿੱਚ ਭਾਰੀ ਪਰੇਸ਼ਾਨੀ ਹੁੰਦੀ ਹੈ| 
ਇਸ ਸਭ ਦੇ ਬਾਵਜੂਦ ਟ੍ਰੈਫਿਕ ਪੁਲੀਸ ਵਲੋਂ ਇਹਨਾਂ ਆਟੋ ਚਾਲਕਾਂ ਦੀਆਂ ਆਪਹੁਦਰੀਆਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਪੁਲੀਸ ਦੀ ਕਾਰਗੁਜਾਰੀ ਤੇ ਸਵਾਲੀਆ ਨਿਸ਼ਾਨ ਖੜ੍ਹੇ ਹੁੰਦੇ ਹਨ| ਇਸ ਸੰਬੰਧੀ ਸ਼ਹਿਰ ਵਾਸੀ ਇਲਜਾਮ ਲਗਾਉਂਦੇ ਹਨ ਕਿ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਵਿੱਚ ਚਲਦੇ ਆਟੋ ਚਾਲਕਾਂ ਤੋਂ ਹਰ ਮਹੀਨੇ ਇੱਕ ਬੱਝਵੀਂ ਰਕਮ ‘ਐਂਟਰੀ’ ਦੀ ਵਸੂਲੀ ਤਾਂ ਕੀਤੀ ਹੀ ਜਾਂਦੀ ਹੈ, ਇਹ ਆਟੋ ਚਾਲਕ ਪੁਲੀਸ ਕਰਮਚਾਰੀਆਂ ਨੂੰ ਮੁਫਤ ਸਫਰ ਦੀ ਸਹੂਲੀਅਤ ਵੀ ਦਿੰਦੇ ਹਨ ਇਸ ਲਈ ਹੀ ਪੁਲੀਸ ਵਲੋਂ ਇਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ| 
ਸ਼ਹਿਰ ਦੀਆਂ ਸੜਕਾਂ ਤੇ ਟ੍ਰੈਫਿਕ ਨਿਯਮਾਂ ਦੀ ਖੁੱਲੀ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਾ ਚਾਲਕਾਂ ਨੂੰ ਸਖਤੀ ਨਾਲ ਕਾਨੂੰਨ ਦਾ ਪਾਠ ਪੜ੍ਹਾਇਆ ਜਾਇਆ ਜਰੂਰੀ ਹੈ ਅਤੇ ਟ੍ਰੈਫਿਕ ਪੁਲੀਸ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਇਹਨਾਂ ਆਟੋ ਚਾਲਕਾਂ ਨੂੰ ਕਾਨੂੰਨ ਦੀ ਪਾਲਣਾ ਲਈ ਪਾਬੰਦ ਕਰੇ| ਇਹਨਾਂ ਆਟੋ ਰਿਕਸ਼ਾ ਚਾਲਕਾਂ ਦੀਆਂ ਆਪਹੁਦਰੀਆਂ ਕਾਰਨ ਸ਼ਹਿਰ ਦੀ ਕਾਨੂੰਨ ਵਿਵਸਥਾ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਪ੍ਰਸ਼ਾਸ਼ਨ ਨੂੰ ਇਸ ਸੰਬੰਧੀ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ| ਇਹਨਾਂ ਆਟੋ ਰਿਕਸ਼ਿਆਂ ਵਾਲਿਆਂ ਵਲੋਂ ਕੀਤੀ ਜਾਣ ਵਾਲੀ  ਕਾਨੂੰਨ ਦੀ ਉਲੰਘਣਾ ਨੂੰ ਸਖਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸੜਕਾਂ ਤੇ ਹੁੰਦੀ ਇਸ ਗੁੰਡਾਗਰਦੀ ਤੋਂ ਛੁਟਕਾਰਾ ਹਾਸਿਲ ਹੋਵੇ ਅਤੇ ਦਿਨੋਂ ਦਿਨ ਵੱਧਦੀ ਇਸ ਸਮੱਸਿਆ ਤੇ ਕਾਬੂ ਕੀਤਾ ਜਾ ਸਕੇ| 

Leave a Reply

Your email address will not be published. Required fields are marked *