ਸ਼ਹਿਰ ਦੇ ਰਿਹਾਇਸ਼ੀ ਖੇਤਰ ਵਿਚਲੀਆਂ ਅੰਦਰੂਨੀ ਸੜਕਾਂ ਦੀ ਚੌੜਾਈ ਵਧਾਏ ਪ੍ਰਸ਼ਾਸ਼ਨ

ਪੰਜਾਬ ਸਰਕਾਰ ਦੇ ਦਾਅਵਿਆਂ ਵਿੱਚ ਭਾਵੇਂ ਸਾਡੇ ਸ਼ਹਿਰ ਨੂੰ ਇੱਕ ਅਤਿਆਧੁਨਿਕ ਸ਼ਹਿਰ ਦਾ ਦਰਜਾ ਹਾਸਿਲ ਹੈ ਪਰੰਤੂ ਹਕੀਕਤ ਇਹ ਹੈ ਕਿ ਸਾਢੇ ਚਾਰ ਦਹਾਕੇ ਪਹਿਲਾਂ ਜਦੋਂ ਸਾਡੇ ਸ਼ਹਿਰ ਦੀ ਉਸਾਰੀ ਦਾ ਅਮਲ ਆਰੰਭ ਹੋਇਆ ਸੀ ਉਸ ਵੇਲੇ ਇਸਦੇ ਯੋਜਨਾਕਾਰਾਂ ਵਲੋਂ ਇਸ ਗੱਲ ਦਾ ਬਿਲਕੁਲ ਵੀ ਧਿਆਨ ਨਹੀਂ ਰੱਖਿਆ ਗਿਆ ਕਿ ਭਵਿੱਖ ਵਿੱਚ ਸ਼ਹਿਰ ਦੇ ਵਿਕਾਸ ਦੇ ਪੜਾਆਂ ਦੌਰਾਨ ਜਦੋਂ ਸ਼ਹਿਰ ਦੀ ਆਬਾਦੀ ਵੱਧ ਜਾਵੇਗੀ ਅਤੇ ਲੋਕਾਂ ਕੋਲ ਆਵਾਜਾਈ ਲਈ ਨਿੱਜੀ ਵਾਹਨਾਂ ਦੀ ਗਿਣਤੀ ਵਿੱਚ ਵਾਧਾ ਹੋ ਜਾਵੇਗਾ ਤਾਂ ਸ਼ਹਿਰ ਵਿੱਚ ਬਣਾਈਆਂ ਜਾ ਰਹੀਆਂ ਤੰਗ ਗਲੀਆਂ ਲੋਕਾਂ ਦੀਆਂ ਆਵਾਜਾਈ ਲੋੜਾਂ ਨੂੰ ਪੂਰਾ ਕਰਨ ਦੀ ਸਮਰਥ ਨਹੀਂ ਰਹਿਣਗੀਆਂ| ਸ਼ਹਿਰ ਦੇ ਯੋਜਨਾਕਾਰਾਂ ਵਲੋਂ ਇਸ ਗੱਲ ਦਾ ਵੀ ਕੋਈ ਧਿਆਨ ਨਹੀਂ ਰੱਖਿਆ ਕਿ ਦੋ ਤਿੰਨ ਕਮਰਿਆਂ ਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਾਹਨ ਕਿੱਥੇ ਖੜ੍ਹੇ ਹੋਣਗੇ ਅਤੇ ਜਦੋਂ ਇਹ ਵਾਹਨ ਪਹਿਲਾਂ ਹੀ ਤੰਗ ਬਣਾਈਆਂ ਗਈਆਂ ਸੜਕਾਂ ਦੇ ਕਿਨਾਰੇ ਖੜ੍ਹੇ ਹੋ ਜਾਣਗੇ ਤਾਂ ਫਿਰ ਹੋਰਨਾਂ ਵਾਹਨਾਂ ਦੀ ਆਵਾਜਾਈ ਕਿਵੇਂ ਹੋਵੇਗੀ| 
ਹਾਲਾਤ ਇਹ ਹਨ ਕਿ ਸ਼ਹਿਰ ਦੇ ਨਕਸ਼ੇ ਵਿੱਚ ਭਾਵੇਂ ਵੱਖ ਵੱਖ ਫੇਜ਼ਾਂ ਦੀਆਂ ਅੰਦਰੂਨੀ ਸੜਕਾਂ (ਗਲੀਆਂ) ਦੀ ਚੌੜਾਈ 35 ਤੋਂ 45 ਫੁੱਟ ਤਕ ਦਿਖਾਈ ਗਈ ਹੈ ਪਰੰਤੂ ਇਸ ਵਿੱਚੋਂ ਦੋ ਤਿਹਾਈ ਥਾਂ ਲੋਕਾਂ ਦੇ ਘਰਾਂ ਸਾਮ੍ਹਣੇ ਖਾਲੀ ਛੱਡ ਦਿੱਤੀ ਗਈ ਅਤੇ ਆਮ ਲੋਕਾਂ ਦੀ ਆਵਾਜਾਈ ਲਈ ਸਿਰਫ 12 ਤੋਂ 14 ਫੁੱਟ ਚੌੜੀ ਸੜਕ ਦੀ ਹੀ ਉਸਾਰੀ ਕੀਤੀ ਗਈ| ਇਸਦਾ ਨਤੀਜਾ ਇਹ ਹੋਇਆ ਕਿ ਲੋਕਾਂ ਵਲੋਂ ਉਹਨਾਂ ਦੇ ਘਰਾਂ ਦੇ ਸਾਮ੍ਹਣੇ ਵਾਲੀ ਖਾਲੀ ਥਾਂ ਤੇ ਕਬਜਾ ਕਰਕੇ ਇਸ ਥਾਂ ਤੇ ਆਪਣੀਆਂ ਬਗੀਚੀਆਂ ਆਦਿ ਬਣਾ ਲਈਆਂ ਗਈਆਂ ਅਤੇ ਇਹ ਥਾਂ ਉਹਨਾਂ ਦੀ ਨਿੱਜੀ ਵਰਤੋਂ ਹੇਠ ਆ ਗਈ ਜਿਸ ਕਾਰਨ ਇਹਨਾਂ ਗਲੀਆਂ ਦੀ ਚੌੜਾਈ ਵਧਾਉਣ ਵਾਸਤੇ ਥਾਂ ਵੀ ਖਤਮ ਹੋ ਗਈ| 
ਸ਼ਹਿਰ ਦੀ ਉਸਾਰੀ ਦੇ ਪਹਿਲੇ ਸਾਲਾਂ ਦੌਰਾਨ ਜਦੋਂ ਲੋਕਾਂ ਕੋਲ ਇੱਕਾ ਦੁੱਕਾ ਵਾਹਨ ਹੁੰਦੇ ਸਨ, ਆਮ ਲੋਕਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੁੰਦੀ ਸੀ ਪਰੰਤੂ ਸਮੇਂ ਦੇ ਨਾਲ ਨਾਲ ਸ਼ਹਿਰ ਵਿਚਲੇ ਰਿਹਾਇਸ਼ੀ             ਖੇਤਰਾਂ ਦੀਆਂ ਇਹ ਤੰਗ ਗਲੀਆਂ ਆਮ ਵਸਨੀਕਾਂ ਲਈ ਵੱਡੀ ਪਰੇਸ਼ਾਨੀ ਬਣਦੀਆਂ ਗਈਆਂ| ਇੱਕ ਤਾਂ ਸ਼ਹਿਰ ਦੇ ਰਿਹਾਇਸ਼ੀ                ਖੇਤਰ ਦੀਆਂ ਇਹਨਾਂ ਅੰਦਰੂਨੀ ਸੜਕਾਂ ਦੀ ਚੌੜਾਈ ਪਹਿਲਾਂ ਹੀ ਘੱਟ ਹੈ ਉੱਪਰੋਂ ਇਹਨਾਂ ਵਿੱਚ ਆਮ ਲੋਕਾਂ ਵਲੋਂ ਆਪਣੇ ਵਾਹਨ ਵੀ ਖੜ੍ਹੇ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ| ਹਾਲਾਤ ਇਹ ਹਨ ਕਿ ਰਿਹਾਇਸ਼ੀ ਖੇਤਰਾਂ ਦੀਆਂ ਗਲੀਆਂ ਵਿੱਚ ਦੋਵੇਂ ਪਾਸੇ ਲੋਕ ਆਪਣੇ ਮਕਾਨ ਦੇ ਸਾਮ੍ਹਣੇ ਸੜਕ ਤੇ ਹੀ ਆਪਣਾ ਵਾਹਨ ਖੜ੍ਹੇ ਕਰ ਦਿੰਦੇ ਹਨ ਜਿਸ ਕਾਰਨ ਕਿਸੇ ਹੋਰ ਵਾਹਨ ਦਾ ਲਾਂਘਾ ਤਕ ਔਖਾ ਹੋ ਜਾਂਦਾ ਹੈ|
ਜੇਕਰ ਇਸ ਸੰਬੰਧੀ ਪ੍ਰਸ਼ਾਸ਼ਨ ਦੀ ਕਾਰਵਾਈ ਦੀ ਗੱਲ ਕਰੀਏ ਤਾਂ ਪ੍ਰਸ਼ਾਸ਼ਨ ਵਲੋਂ ਹੁਣ ਤਕ ਆਮ ਲੋਕਾਂ ਦੀ ਇਸ ਸਮੱਸਿਆ ਤੋਂ ਪੂਰੀ ਤਰ੍ਹਾਂ ਟਾਲਾ ਵੱਟਿਆ ਜਾਂਦਾ ਰਿਹਾ ਹੈ ਅਤੇ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਨੂੰ ਚੌੜਾ ਕਰਨ ਲਈ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ| ਪਿਛਲੇ ਕੁੱਝ ਸਾਲਾਂ ਤੋਂ ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਸੜਕਾਂ ਕਿਨਾਰੇ ਬਣਾਏ ਗਏ ਫੁਟਪਾਥਾਂ ਨੂੰ ਨੀਵਾਂ ਕਰਕੇ ਕੰਮ ਜਰੂਰ ਚਲਾਇਆ ਜਾ ਰਿਹਾ ਹੈ, ਤਾਂ ਜੋ ਲੋਕ ਇਹਨਾਂ ਫੁਟਪਾਥਾਂ ਤੇ ਆਪਣੇ ਵਾਹਨ ਖੜ੍ਹੇ ਕਰ ਸਕਣ| ਪਰੰਤੂ ਸਵਾਲ ਇਹ ਵੀ ਹੈ ਕਿ ਜੇਕਰ ਇਹਨਾਂ ਫੁਟਪਾਥਾਂ ਦੀ ਉਸਾਰੀ ਗੱਡੀਆਂ ਦੀ ਪਾਰਕਿੰਗ ਲਈ ਹੀ ਕੀਤੀ ਜਾਣੀ ਹੈ ਤਾਂ ਫਿਰ ਪ੍ਰਸ਼ਾਸ਼ਨ ਵਲੋਂ ਇਹਨਾਂ ਗਲੀਆਂ ਨੂੰ ਚੌੜਾ ਕਿਉਂ ਨਹੀਂ ਕੀਤਾ ਜਾਂਦਾ ਅਤੇ ਹਰ ਸਾਲ ਕਰੋੜਾਂ ਰੁਪਏ ਖਰਚ ਕੇ ਇਹਨਾਂ  ਫੁਟਪਾਥਾਂ ਦੀ ਉਸਾਰੀ ਕਰਵਾਉਣ ਦੀ ਭਲਾ ਕੀ ਤੁਕ ਬਣਦੀ ਹੈ| ਇਸ ਸੰਬੰਧੀ ਨਗਰ ਨਿਗਮ ਦੇ ਅਧਿਕਾਰੀ ਕਹਿੰਦੇ ਹਨ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਮੁੱਢਲੀ ਪਲਾਨਿੰਗ ਵਿੱਚ ਕੋਈ ਬਦਲਾਅ ਕਰਨ ਦਾ ਅਧਿਕਾਰ ਉਹਨਾਂ ਕੋਲ ਨਹੀਂ ਹੈ ਅਤੇ ਪਲਾਨਿਗ ਵਿੱਚ ਤਬਦੀਲੀ ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ| ਪਰ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਨਗਰ ਨਿਗਮ ਵਲੋਂ ਇਸ ਸੰਬੰਧੀ ਗਮਾਡਾ ਨਾਲ ਤਾਲਮੇਲ ਕਰਕੇ ਸ਼ਹਿਰ ਦੀ ਮੁੱਢਲੀ ਪਲਾਨਿੰਗ ਵਿੱਚ ਲੋੜੀਂਦੀ ਤਬਦੀਲੀ ਕਿਉਂ ਨਹੀਂ ਕਰਵਾਈ ਗਈ ਹੈ|
ਨਗਮ ਨਿਗਮ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਵਾਸੀਆਂ ਦੀ ਇਸ ਅਹਿਮ ਸਮੱਸਿਆ ਦੇ ਹਲ ਲਈ ਲੋੜੀਂਦੀ ਕਾਰਵਾਈ ਕਰੇ| ਨਗਰ ਨਿਗਮ ਦੇ ਕਮਿਸ਼ਨਰ ਨੂੰ ਚਾਹੀਦਾ ਹੈ ਕਿ ਉਹ ਇਸ ਸੰਬੰਧੀ ਗਮਾਡਾ ਦੇ ਸੰਬੰਧਿਤ ਅਧਿਕਾਰੀਆਂ ਨਾਲ   ਤਾਲਮੇਲ ਕਰਕੇ ਸ਼ਹਿਰ ਦੀ ਮੁੱਢਲੀ ਪਲਾਨਿੰਗ ਵਿੱਚ ਲੋੜੀਂਦਾ             ਫੇਰਬਦਲ ਕਰਵਾਉਣ ਅਤੇ ਅੰਦਰੂਨੀ ਸੜਕਾਂ ਦੀ ਚੌੜਾਈ ਵਿੱਚ ਵਾਧਾ ਕਰਨ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸੰਬੰਧੀ ਹੋਣ ਵਾਲੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇ|

Leave a Reply

Your email address will not be published. Required fields are marked *