ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋ ਕੇ ਕਿਸਾਨਾਂ ਦਾ ਸਾਥ ਦੇਣ : ਮਨਿੰਦਰਪਾਲ ਸਿੰਘ ਬਰਾੜ
ਐਸ਼ਏ 5 ਜਨਵਰੀ (ਸ਼ਬ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਬੁਲਾਰੇ ਸ. ਮਨਿੰਦਰਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਕਿਸਾਨਾਂ ਦੇ ਨਾਲ ਖੜ੍ਹਣਾ ਚਾਹੀਦਾ ਹੈ ਤਾਂਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਤੇ ਪੂਰਾ ਦਬਾਅ ਪਾਇਆ ਜਾ ਸਕੇ।
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਸੱਤਵੇਂ ਗੇੜ ਦੀ ਮੀਟਿੰਗ ਵੀ ਬੇਸਿੱਟਾ ਰਹਿਣ ਉਪਰੰਤ ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਕੇਂਦਰ ਦੀ ਕਿਸਾਨਾਂ ਨੂੰ ਥਕਾਉਣ ਦੀ ਨੀਤੀ ਜੱਗ ਜ਼ਾਹਿਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੌਂਸਲ ਪੂਰੇੇ ਬੁਲੰਦ ਹਨ ਅਤੇ ਉਹ ਕਾਲੇ ਕਾਨੂੰਨ ਰੱਦ ਕਰਵਾਕੇ ਹੀ ਆਪਣੇ ਘਰਾਂ ਨੂੰ ਵਾਪਿਸ ਆਉਣਗੇ। ਉਨ੍ਹਾਂ ਕਿਹਾ ਕਿ ਹਾਲਾਂਕਿ ਕੜਾਕੇ ਦੀ ਠੰਢ ਅਤੇ ਮੀਂਹ ਨੇ ਕਿਸਾਨਾਂ ਦੀਆਂ ਮੁਸੀਬਤਾਂ ਵਧਾ ਦਿੱਤੀਆਂ ਹਨ, ਪਰ ਉਹ ਹਾਲੇ ਵੀ ਉਸੇ ਜੋਸ਼ ਅਤੇ ਜਨੂੰਨ ਨਾਲ ਦਿੱਲੀ ਮੋਰਚੇ ਤੇ ਡਟੇ ਹੋਏ ਹਨ।
ਉਹਨਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਹਰ ਪਾਸੇ ਤੋਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੇਸ਼ ਵਿਆਪੀ ਸੰਘਰਸ਼ ਵਿੱਚ ਵੱਖ ਵੱਖ ਸੂਬਿਆਂ ਦੀ ਸ਼ਮੂਲੀਅਤ ਨੇ ਇਸ ਨੂੰ ਮਹਾਂ ਸੰਘਰਸ਼ ਦਾ ਰੂਪ ਦੇ ਦਿੱਤਾ ਹੈ। ਅਜਿਹੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।