ਸਿਵਲ ਤੇ ਪੁਲੀਸ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਸਹਿਣ ਨਹੀਂ ਕੀਤੀ ਜਾਵੇਗੀ-ਮੁੱਖ ਮੰਤਰੀ

ਮੁਕਤਸਰ ਦੇ ਪੱਤਰਕਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ, ਕਾਨੂੰਨ ਮੁਤਾਬਕ ਕਾਰਵਾਈ ਦਾ ਭਰੋਸਾ
ਚੰਡੀਗੜ੍ਹ, 16 ਅਪ੍ਰੈਲ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਧਿਕਾਰੀਆਂ ਅਤੇ ਪਾਰਟੀ ਸਾਥੀਆਂ ਨੂੰ ਪ੍ਰਸ਼ਾਸਨਿਕ ਤੇ ਪੁਲੀਸ ਦੇ ਕੰਮਕਾਜ ਵਿੱਚ ਦਖ਼ਲਅੰਦਾਜ਼ੀ ਨਾ ਕਰਨ ਦੀ ਤਾੜਨਾ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਹਰਗਿਜ਼ ਸਹਿਣ ਨਹੀਂ ਕੀਤਾ ਜਾਵੇਗਾ| ਨਾਲ ਹੀ ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਵੀ ਆਪਣੀ ਡਿਊਟੀ ਦੌਰਾਨ ਸਿਆਸੀ ਦਬਾਅ ਅੱਗੇ ਨਾ ਝੁਕਣ ਦਾ ਸਖ਼ਤ ਸੁਨੇਹਾ ਦਿੱਤਾ| ਮੁੱਖ ਮੰਤਰੀ ਨੇ ਮੁਕਤਸਰ ਦੇ ਇਕ ਪੱਤਰਕਾਰ ਤੇ ਹੋਏ ਕਥਿਤ ਹਮਲੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਹ ਮਾਮਲਾ ਸਿਰਫ ਮੈਰਿਟ ਨੂੰ ਆਧਾਰ ਬਣਾ ਕੇ ਨਿਪਟਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਬਿਨਾਂ ਕਿਸੇ ਸਿਆਸੀ ਪ੍ਰਭਾਵ ਤੋਂ ਇਨਸਾਫ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ|
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਬੰਧਤ ਪੱਤਰਕਾਰ ਨਾਲ ਗੱਲ ਕਰਕੇ ਦੱਸ ਦਿੱਤਾ ਹੈ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਨਿਰਪੱਖ ਜਾਂਚ ਰਾਹੀਂ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ| ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ ਦੇ ਪੁਲੀਸ ਮੁਖੀ ਨੂੰ ਪੱਤਰਕਾਰ ਵੱਲੋਂ ਆਪਣੇ ਪਰਿਵਾਰ ਦੀ ਸੁਰੱਖਿਆ ਬਾਰੇ ਜ਼ਾਹਿਰ ਕੀਤੇ ਖਦਸ਼ੇ ਦੇ ਮੱਦੇਨਜ਼ਰ ਪੱਤਰਕਾਰ ਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ| ਪੱਤਰਕਾਰ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ|
ਸ੍ਰੀ ਠੁਕਰਾਲ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਨੇ ਸਾਫ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਸਿਆਸੀ ਲੀਡਰਾਂ ਦੇ ਇਸ਼ਾਰੇ ਤੇ ਕੰਮ ਕਰਨ ਵਾਲੇ ਅਧਿਕਾਰੀਆਂ (ਜਿਵੇਂ ਕਿ ਉਹ ਅਕਾਲੀ ਦਲ ਦੀ ਸਰਕਾਰ ਦੌਰਾਨ ਕਰਦੇ ਸਨ) ਨੇ ਜੇਕਰ ਆਪਣਾ ਇਹ ਢੰਗ ਨਾਲ ਬਦਲਿਆ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ| ਪੁਲੀਸ ਨੂੰ ਲਿਖਤੀ ਰੂਪ ਵਿੱਚ ਸਖ਼ਤ ਸੰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਇਹ ਸੰਦੇਸ਼ ਪੁਲੀਸ ਵਿਭਾਗ ਦੇ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਕਾਂਗਰਸ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦ ਮੁਤਾਬਕ ਪੁਲੀਸ ਦੇ ਕੰਮਕਾਜ ਨੂੰ ਹੋਰ ਵਧੇਰੇ ਪਾਰਦਰਸ਼ੀ ਬਣਾਇਆ ਜਾ ਸਕੇ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹਲਕਾ ਇੰਚਾਰਜ ਪ੍ਰਣਾਲੀ ਨੂੰ ਤਾਂ ਪਹਿਲਾਂ ਹੀ ਖਤਮ ਕਰ ਦਿੱਤਾ ਹੈ ਪਰ ਪੁਲੀਸ ਦੇ ਕੰਮਕਾਜ ਨੂੰ ਬਦਲਣ ਵਿੱਚ ਥੋੜ੍ਹਾ ਸਮਾਂ ਲੱਗੇਗਾ|
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ, ਸਰਕਾਰੀ ਮਸ਼ੀਨਰੀ ਨੂੰ ਸਿਆਸੀ ਬੇੜੀਆਂ ਤੋਂ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਕਿ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨ ਦੌਰਾਨ ਨੇਮ ਹੀ ਬਣ ਗਿਆ ਸੀ| ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਨੇ ਸੂਬੇ ਵਿੱਚ ਸਮੁੱਚੇ ਢਾਂਚੇ ਨੂੰ ਤਹਿਸ-ਨਹਿਸ ਕਰ ਦਿੱਤਾ ਸੀ ਜਿਸ ਨੂੰ ਬਹਾਲ ਕਰਨ ਦੀ ਕਾਰਵਾਈ ਵਿੱਢੀ ਗਈ ਹੈ ਅਤੇ ਇਸ ਦੇ ਮੁਕੰਮਲ ਬਦਲਾਅ ਲਈ ਸਰਕਾਰੀ ਮਸ਼ੀਨਰੀ ਤੇ ਸੂਬੇ ਦੇ ਲੋਕਾਂ ਦੇ ਸਾਂਝੇ ਤੇ ਠੋਸ ਯਤਨਾਂ ਦੀ ਲੋੜ ਹੈ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਬਾਦਲ ਸਰਕਾਰ ਦੌਰਾਨ ਆਪਣੇ ਆਪ ਨੂੰ ਦਬਾਅ ਹੇਠ ਮਹਿਸੂਸ ਕਰਦੇ ਸਨ, ਉਨ੍ਹਾਂ ਨੂੰ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਤੋਂ ਸੰਜਮ ਵਿੱਚ ਰਹਿਣਾ ਚਾਹੀਦਾ ਹੈ| ਇਸ ਦੀ ਬਜਾਏ ਪਿਛਲੇ 10 ਸਾਲਾਂ ਵਿੱਚ ਗੁਨਾਹ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਨੂੰਨੀ ਰਾਹ ਅਖਤਿਆਰ ਕੀਤਾ ਜਾਵੇ| ਸ੍ਰੀ ਠੁਕਰਾਲ ਨੇ ਦੱਸਿਆ ਕਿ ਸੂਬੇ ਦੇ ਤਮਾਮ ਉਚ ਪੁਲੀਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਿਸੇ ਵੀ ਸ਼ੱਕੀ ਜਾਂ ਦੋਸ਼ੀ ਦੀ ਸਿਆਸੀ ਨੇੜਤਾ ਨੂੰ ਨਜ਼ਰਅੰਦਾਜ਼ ਕਰਕੇ ਸਾਰੇ ਕੇਸਾਂ ਨੂੰ ਮੈਰਿਟ ਦੇ ਆਧਾਰ ਤੇ ਨਿਪਟਾਉਣ ਨੂੰ ਯਕੀਨੀ ਬਣਾਉਣ|

Leave a Reply

Your email address will not be published. Required fields are marked *