ਸਿਹਤ ਮੰਤਰੀ ਨੇ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 9 ਦਸੰਬਰ (ਸ.ਬ.) ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ| ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੇ 598 ਅਸਾਮੀਆਂ ਵਿਚੋਂ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਪੜਾਅ ਵਾਰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ| ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ|
ਨਵ-ਨਿਯੁਕਤ ਸਟਾਫ ਨਰਸਾਂ ਨੂੰ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਉਹ ਹਸਪਤਾਲਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ| ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ|
ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਪ੍ਰਭਦੀਪ ਕੌਰ ਜੌਹਲ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਐਮ.ਐਲ.ਏ. ਬੱਸੀ ਪਠਾਣਾਂ ਸ.ਗੁਰਪ੍ਰੀਤ ਸਿੰਘ ਜੀ.ਪੀ. ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ|