ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 114 ਸਟਾਫ ਨਰਸਾਂ ਤੇ 93 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ


ਚੰਡੀਗੜ੍ਹ, 30 ਦਸੰਬਰ (ਸ.ਬ.) ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਦੀ ਕਾਰਵਾਈ ਦੇ ਤਹਿਤ ਸਿਹਤ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨੇ ਅੱਜ 114 ਸਟਾਫ ਨਰਸਾਂ ਅਤੇ 93 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੀਆਂ 598 ਪ੍ਰਕਾਸ਼ਿਤ ਅਸਾਮੀਆਂ ਵਿਚੋਂ 114 ਸਟਾਫ ਨਰਸਾਂ ਨੂੰ ਅਤੇ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀਆਂ ਕੁੱਲ ਅਸਾਮੀਆਂ 600 ਵਿਚੋਂ 93 ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਦੀ ਰੈਗੂਲਰ ਭਰਤੀ ਕੀਤੀ ਗਈ ਹੈ, ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਹੁਸਨ ਲਾਲ ਵਲੋਂ ਨਵ-ਨਿਯੁਕਤ ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਤੁਹਾਡੀ ਨਿਯੁਕਤੀ ਹੋਈ ਹੈ ਅਤੇ ਤੁਸੀ ਆਪਣੀ ਡਿਊਟੀ ਸਿਹਤ ਸੰਸਥਾਵਾਂ ਵਿੱਚ ਪੂਰੀ ਜਿੰਮੇਵਾਰੀ ਨਾਲ ਨਿਭਾਉਣਾ ਤਾਂ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ।
ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਜੇ ਤੱਕ ਖਤਮ ਨਹੀਂ ਹੋਈ ਹੈ। ਰੋਜਾਨਾ ਕੋਵਿਡ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ ਅਤੇ ਹੱਥਾਂ ਨੂੰ ਸਮੇਂ ਸਮੇਂ ਤੇ ਸਾਬਣ ਪਾਣੀ ਨਾਲ ਧੋਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਪੀ.ਏ.ਟੂ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਪਰਵਿੰਦਰ ਸਿੰਘ, ਸੁਪਰਡੰਟ ਸੂਰਜ ਕੁਮਾਰ ਅਤੇ ਸੁਪਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *