ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਤੋਂ ਬਚਾਓ ਕਰਨ ਲਈ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਲਗਾਏ ਜਾਗਰੂਕਤਾ ਕੈਂਪ

ਐਸ.ਏ.ਐਸ ਨਗਰ , 1 ਸਤੰਬਰ (ਸ.ਬ.)ਡੇਂਗੂ ਬੁਖ਼ਾਰ ਤੋਂ ਬਚਾਓ ਕਰਨ ਲਈ ਅਤੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਣ ਬਾਰੇ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਜਾਗਰੂਕਤਾ ਕੈਂਪ ਲਗਾਏ ਗਏ| ਕੈਂਪਾਂ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਬਰਸਾਤ ਦੇ ਮੌਸਮ ਵਿੱਚ ਲਾਰਵਾ ਸਭ ਤੋਂ ਵੱਧ ਪੈਦਾ ਹੁੰਦਾ ਹੈ ਅਤੇ ਜੇ ਲਾਰਵਾ ਪੈਦਾ ਹੀ ਨਾ ਹੋਵੇ ਤਾਂ ਡੇਂਗੂ ਦੇ ਪ੍ਰਕੋਪ ਤੋਂ ਬਚਿਆ ਜਾ ਸਕਦਾ ਹੈ|
ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਆਮ ਤੌਰ ਤੇ ਬਹੁਤੇ ਲੋਕ ਡੇਂਗੂ ਬੁਖ਼ਾਰ ਤੋਂ ਬਚਣ ਦੀਆਂ ਸਾਵਧਾਨੀਆਂ ਬਾਰੇ ਤਾਂ ਜਾਣਦੇ ਹੁੰਦੇ ਹਨ ਪਰ ਫਿਰ ਵੀ ਅਣਗਹਿਲੀ ਤੇ ਲਾਪਰਵਾਹੀ ਵਰਤ ਜਾਂਦੇ ਹਨ| ਜਿਸ ਕਾਰਨ ਡੇਂਗੂ ਦਾ ਸ਼ਿਕਾਰ ਹੋ ਜਾਂਦੇ ਹਨ|
ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਪੈਦਾ ਹੋਣ ਤੋਂ ਰੋਕਣ ਦੀ ਜ਼ਿੰਮੇਵਾਰੀ ਸਭ ਦੀ ਬਣਦੀ ਹੈ| ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਵਿੱਚ ਜਾਂ ਹੋਰ ਕਿਤੇ ਵੀ ਸਾਫ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਕੰਟੇਨਰਾਂ, ਕੂਲਰਾਂ ਆਦਿ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਕਰਨਾ ਚਾਹੀਦਾ ਹੈ| ਸਿਹਤ ਵਿਭਾਗ ਦੀਆਂ ਟੀਮਾਂ ਸਾਰੇ ਜ਼ਿਲ੍ਹੇ ਵਿੱਚ ਘਰਾਂ ਦਾ ਸਰਵੇ ਕਰ ਰਹੀਆਂ ਹਨ ਅਤੇ ਜਿਥੋਂ ਲਾਰਵਾ ਮਿਲ ਰਿਹਾ ਹੈ, ਉਥੇ ਚਲਾਨ ਕੀਤੇ ਜਾਂਦੇ ਹਨ|
ਸਿਹਤ ਵਿਭਾਗ ਦੀ ਟੀਮ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਬਾਰੇ ਸਭ ਨੂੰ ਮੁਢਲੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਕਿ ਇਸ ਦੀ ਆਪਣੇ ਪੱਧਰ ਤੇ ਆਸਾਨੀ ਨਾਲ ਰੋਕਥਾਮ ਕੀਤੀ ਜਾ ਸਕੇ| ਘਰਾਂ ਅਤੇ ਦਫਤਰਾਂ ਵਿੱਚ ਮੱਛਰ ਭਜਾਓ ਕਰੀਮਾਂ/ਤੇਲ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨੇ ਜਾਣ ਕਿਉਂਕਿ ਡੇਂਗੂ ਮੱਛਰ ਦਿਨ ਵੇਲੇ ਹੀ ਕੱਟਦਾ ਹੈ| ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਬੁਖ਼ਾਰ ਵਿੱਚ ਪੈਰਾਸੀਟਾਮੋਲ ਜਾਂ ਕਰੋਸੀਨ ਦੀ ਹੀ ਵਰਤੋਂ ਕਰੋ| ਬੁਖਾਰ ਵਿਚ ਐਸਪੀਰਿਨ ਜਾਂ ਬਰੂਫਨ ਦੀ ਵਰਤੋਂ ਨਾ ਕੀਤੀ ਜਾਵੇ|

Leave a Reply

Your email address will not be published. Required fields are marked *