ਸਿਹਤ ਸੰਭਾਲ ਖੇਤਰ ਸੂਬਾ ਸਰਕਾਰ ਦੀ ਪ੍ਰਮੁਖ ਤਰਜੀਹ : ਬਲਬੀਰ ਸਿੰਘ ਸਿੱਧੂ

ਸਿਹਤ ਸੰਭਾਲ ਖੇਤਰ ਸੂਬਾ ਸਰਕਾਰ ਦੀ ਪ੍ਰਮੁਖ ਤਰਜੀਹ : ਬਲਬੀਰ ਸਿੰਘ ਸਿੱਧੂ
ਸੋਹਾਣਾ ਵਿਖੇ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਿਆ
ਐਸ.ਏ.ਐਸ. ਨਗਰ, 27 ਜੂਨ (ਸ.ਬ.) ਇਸ ਵੇਲੇ ਸਾਰੀ ਦੁਨੀਆ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ ਅਤੇ ਨਾਲ ਨਜਿੱਠਣ ਲਈ ਇਕ ਮਜਬੂਤ ਸਿਹਤ ਸੰਭਾਲ ਢਾਂਚਾ ਬਹੁਤ ਮਹੱਤਵ ਰੱਖਦਾ ਹੈ| ਇਹ ਗੱਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਮੁਹਾਲੀ ਦੇ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਸੋਹਾਣਾ ਵਿਖੇ ਇੱਕ ਡਿਸਪੈਂਸਰੀ ਦਾ ਨੀਂਹ ਪੱਥਰ ਰੱਖਣ ਮੌਕੇ ਆਖੀ| ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਵਿੱਚ ਤਰਜੀਹੀ ਅਧਾਰ ਤੇ ਰੱਖਿਆ ਗਿਆ ਹੈ ਅਤੇ ਇਸ ਸੰਬੰਧੀ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ| 
ਡਿਸਪੈਂਸਰੀ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਹ ਡਿਸਪੈਂਸਰੀ ਲਗਭਗ 6 ਮਹੀਨਿਆਂ ਵਿੱਚ ਤਿਆਰ ਹੋਵੇਗੀ ਅਤੇ ਇਸ ਤੇ 40 ਲੱਖ ਰੁਪਏ ਦਾ ਖਰਚ ਆਵੇਗਾ| ਉਹਨਾਂ ਕਿਹਾ ਕਿ ਇਸ ਖੇਤਰ ਵਿੱਚ ਇਕ ਕਮਿਊਨਿਟੀ ਸੈਂਟਰ ਦੀ ਉਸਾਰੀ ਵੀ ਵਿਚਾਰ ਅਧੀਨ ਹੈ ਅਤੇ ਇਹ 2.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ|
ਉਹਨਾਂ ਦੱਸਿਆ ਕਿ ਹਲਕੇ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਤਹਿਤ ਵਿਕਾਸ ਦੇ ਇੱਕ ਹੱਬ ਵਿੱਚ ਤਬਦੀਲ ਕੀਤਾ ਜਾਵੇਗਾ ਜਿਸ ਤਹਿਤ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸੁੰਦਰੀਕਰਨ ਲਈ 10 ਕਰੋੜ ਰੁਪਏ ਖਰਚ ਕੀਤੇ ਜਾਣਗੇ| ਇਸ ਮੌਕੇ ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਸੰਕਟ ਅਜੇ ਖਤਮ ਨਹੀਂ ਹੋਇਆ ਹੈ ਇਸ ਲਈ ਲੋਕਾਂ ਨੂੰ ਸਮਾਜਿਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ, ਸਾਬਣ ਅਤੇ ਹੈਂਡ ਸੈਨੀਟਾਈਜ਼ਰ ਨਾਲ ਹੱਥ ਧੋਣ ਦੇ ਨਾਲ-ਨਾਲ ਬਾਹਰ ਜਾਣ ਸਮੇਂ ਮਾਸਕ ਪਹਿਨਣ ਸੰਬੰਧੀ ਸਿਹਤ ਵਿਭਾਗ ਦੇ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਇਸ ਪੜਾਅ ਤੇ ਲਾਹਪ੍ਰਵਾਹੀ ਵਰਤਣ ਨਾਲ ਕੇਸਾਂ ਦੀ ਗਿਣਤੀ ਵੱਧ ਸਕਦੀ ਹੈ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਐਸ ਈ ਮੁਕੇਸ਼ ਗਰਗ, ਪ੍ਰਧਾਨ ਬਲਾਕ ਕਾਂਗਰਸ ਕਮੇਟੀ ਮੁਹਾਲੀ (ਦਿਹਾਤੀ) ਠੇਕੇਦਾਰ ਮੋਹਨ ਸਿੰਘ ਬਠਲਾਣਾ, ਐਕਸੀਅਨ ਨਰਿੰਦਰ ਸਿੰਘ ਦਾਲਮ, ਐਸ.ਡੀ.ਓ. ਸੁਨੀਲ ਸ਼ਰਮਾ, ਬੂਟਾ ਸਿੰਘ ਸੋਹਾਣਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਐਡਵੋਕੇਟ ਸੁਸ਼ੀਲ ਕੁਮਾਰ ਅਤਰੀ, ਹਰਜੀਤ ਸਿੰਘ ਭੋਲੂ ਸੋਹਾਣਾ ਅਤੇ ਸੌਰਵ ਸ਼ਰਮਾ ਵੀ ਹਾਜਿਰ ਸਨ|

Leave a Reply

Your email address will not be published. Required fields are marked *