ਸਿਹਤ ਹੀ ਸਭ ਤੋਂ ਵੱਡਾ ਖਜਾਨਾ: ਰਿਸ਼ਵ ਜੈਨ

ਸਿਹਤ ਹੀ ਸਭ ਤੋਂ ਵੱਡਾ ਖਜਾਨਾ: ਰਿਸ਼ਵ ਜੈਨ
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਐਸ.ਏ.ਐਸ ਨਗਰ, 25 ਜੂਨ (ਸ.ਬ.) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੁਵਕ ਸੇਵਾਵਾਂ ਕਲੱਬ ਫੇਜ਼ 11 ਵੱਲੋਂ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਅਤੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਵਿੱਚ ‘ਸਵੇਰ ਦੀ ਸੈਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਅਤੇ ਨਸ਼ਿਆਂ ਤੋਂ ਦੂਰ ਰਹਿੰਦਿਆਂ ਸਿਹਤ ਸੰਭਾਲ ਦਾ ਸੱਦਾ ਦਿੱਤਾ ਗਿਆ|
ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਨੇ ਕਿਹਾ ਕਿ ਸਿਹਤ ਹੀ ਸਭ ਤੋਂ ਵੱਡਾ ਖ਼ਜ਼ਾਨਾ ਹੈ, ਜਿਸ ਦੀ ਸੰਭਾਲ ਅਤਿ ਜ਼ਰੂਰੀ ਹੈ| ਕਿਸੇ ਵੀ ਸਮਾਜ ਦੀ ਤਰੱਕੀ ਲਈ ਉਸ ਦੇ ਮੈਂਬਰਾਂ ਦਾ ਸਿਹਤਮੰਦ ਹੋਣਾ ਜ਼ਰੂਰੀ ਹੈ| ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੀ ਬਿਹਤਰੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ| ਇਸ ਮੌਕੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦੀ ਕਾਮਯਾਬੀ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾਅ ਸਕਦੇ ਹਨ, ਜਿਸ ਨਾਲ ਪੰਜਾਬ ਮੁੜ ਅੱਵਲ ਦਰਜੇ ਦਾ ਸੂਬਾ ਬਣੇਗਾ| ਉਨ੍ਹਾਂ ਨੇ ਨੌਜਵਾਨਾਂ ਨੂੰ ਵਿਭਾਗ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ| ਇਸ ਮੌਕੇ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਹਨੀ ਅਤੇ ਮੈਂਬਰਾਂ ਵੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਸਹਾਇਕ ਡਾਇਰੈਕਟਰ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ| ਕਲੱਬ ਦੇ ਮੈਬਰਾਂ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਨ ਅਤੇ ਵੱਧ ਤੋਂ ਵੱਧ ਬੂਟੇ ਲਾਉਣ ਦਾ ਫੈਸਲਾ ਕੀਤਾ ਗਿਆ|

Leave a Reply

Your email address will not be published. Required fields are marked *