ਸਿੰਘੂ ਬਾਰਡਰ ਵਿਖੇ ਕਿਸਾਨ ਸੰਘਰਸ਼ ਵਿੱਚ ਸ਼ਾਮਿਲ ਹੋਏ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਦੇ ਮੈਂਬਰ


ਐਸ਼ਏ 24 ਦਸੰਬਰ (ਸ.ਬ.) ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਦੇ ਪ੍ਰਧਾਨ ਕਰਨਲ ਐਸ ਐਸ ਸੋਹੀ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਵਲੋਂ ਸਿੰਘੂ ਬਾਰਡਰ ਵਿਖੇ ਪਹੁੰਚ ਕੇ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰਦਿਆਂ ਇਸਦੀ ਹਮਾਇਤ ਕੀਤੀ ਗਈ। ਇਸ ਮੌਕੇ ਸੈਲ ਦੇ ਮੈਂਬਰਾਂ ਨੇ ਜੈ ਜਵਾਨ ਜੈ ਕਿਸਾਨ ਦੇ ਪੋਸਟਰ ਚੁੱਕੇ ਹੋਏ ਸਨ ਅਤੇ ਉਹਨਾਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਨਾਹਰੇਬਾਜੀ ਕੀਤੀ ਗਈ।
ਕਰਨਲ ਐਸ ਐਸ ਸੋਹੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਸੰਘਰਸ਼ ਬੜੇ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਅਤੇ ਧਰਨੇ ਵਿਚ ਵੱਡੇ ਲੰਗਰ ਚੱਲ ਰਹੇ ਹਨ ਜਿਸ ਵਿਚ ਸਾਰੀ ਦੁਨੀਆ ਦੇ ਲੋਕ ਸੇਵਾ ਕਰ ਰਹੇ ਹਨ ਅਤੇ ਹਰ ਫਿਰਕੇ ਦੇ ਲੋਕ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ ਅਤੇ ਆਪਣਾ ਹੱਕ ਲੈ ਕੇ ਹੀ ਸੰਘਰਸ਼ ਸਮਾਪਤ ਕਰਨਗੇ।
ਕਰਨਲ ਸੋਹੀ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਰਾਜਨੀਤੀ ਵਿੱਚ ਸਰਗਰਮ ਹੋਣ ਅਤੇ ਖੁਦ ਚੋਣਾਂ ਲੜ ਕੇ ਰਾਜਨੀਤੀ ਵਿੱਚ ਪਏ ਗੰਦ ਨੂੰ ਦੂਰ ਕਰਨ ਦੀ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਚੱਲ ਰਹੀ ਰਾਜਨੀਤੀ ਵਿੱਚ ਨਵੀਨੀਕਰਨ ਬਹੁਤ ਜ਼ਰੂਰੀ ਹੋ ਗਿਆ ਹੈ ਨਹੀਂ ਤਾਂ ਇਹ ਮੁਲਕ ਅੰਬਾਨੀ, ਅਡਾਨੀ ਵਰਗਿਆਂ ਤਾਕਤਾਂ ਦੇ ਅਧੀਨ ਹੋ ਕੇ ਰਹਿ ਜਾਵੇਗਾ।
ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ ਅਤੇ ਇਸ ਸੰਘਰਸ਼ ਨੂੰ ਖਤਮ ਕਰਵਾਏ।

Leave a Reply

Your email address will not be published. Required fields are marked *