ਸਿੱਖ ਭਾਈਚਾਰੇ ਦੇ ਕਰਤਾਰਪੁਰ ਸਾਹਿਬ ਦੇ ਸੁਪਨੇ ਨੂੰ ਨਾਕਾਮ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਸਾਂਪਲਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 17 ਜਨਵਰੀ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਾਉਣ ਲਈ ਢੰਗ ਤਰੀਕੇ ਲੱਭਣ ਦੀ ਥਾਂ ਕੇਂਦਰ ਸਰਕਾਰ ਖਾਸ ਕਰਕੇ ਸਾਂਪਲਾ ਵਰਗੇ ਜ਼ਿੰਮੇਵਾਰ ਚੁਣੇ ਹੋਏ ਨੁਮਾਇੰਦੇ ਲਗਾਤਾਰ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਹਕੀਕਤ ਵਿੱਚ ਲਿਆਉਣ ਦੇ ਰਾਹ ਵਿੱਚ ਅੜਿੱਕੇ ਡਾਹ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਫੈਸਲਾ ਪੂਰਾ ਹੁੰਦਾ ਦਿਖ ਰਿਹਾ ਹੈ|
ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਪਾਰ ਕਰਨ ਦੇ ਲਈ ਗਰੀਬ ਅਤੇ ਅਨਪੜ੍ਹ ਸ਼ਰਧਾਲੂਆਂ ਵਾਸਤੇ ਪਾਸਪੋਰਟ ਨੂੰ ਖ਼ਤਮ ਕਰਨ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਨ ਅਤੇ ਵੀਜੇ ਨੂੰ ਜ਼ਰੂਰੀ ਬਣਾਉਣ ਦੇ ਵਿਜੇ ਸਾਂਪਲਾ ਦੇ ਬਿਆਨ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਨਾ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਨਾ ਹੀ ਉਨ੍ਹਾਂ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਰਧਾਲੂਆਂ ਦੇ ਲਈ ਗੁਰਦੁਆਰਾ ਸਾਹਿਬ ਦੇ ਦਰਸ਼ਨ ਬਿਨ੍ਹਾਂ ਕਿਸੇ ਅੜਚਣ ਤੋਂ ਯਕੀਨੀ ਬਣਾਉਣ ਦੀ ਸੁਵਿਧਾ ਦੇਣ ਵਿੱਚ ਦਿਲਚਸਪੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਸਾਂਪਲਾ ਵੱਲੋਂ ਸਾਰੇ ਪੰਜਾਬੀਆਂ ਕੋਲ ਪਾਸਪੋਰਟ ਹੋਣ ਦਾ ਦਾਅਵਾ ਪੂਰੀ ਤਰ੍ਹਾਂ ਗੈਰ-ਜ਼ਿੰਮੇਵਰਾਨਾ ਅਤੇ ਗਲਤ ਹੈ| ਇਸ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਮੰਤਰੀ ਕਿਸ ਹੱਦ ਤੱਕ ਆਵਾਮ ਤੋਂ ਟੁੱਟ ਚੁੱਕਾ ਹੈ ਅਤੇ ਕਿਸ ਤਰ੍ਹਾਂ ਗਲਤ ਸੂਚਨਾ ਦੇ ਰਿਹਾ ਹੈ| ਉਹਨਾਂ ਕਿਹਾ ਕਿ ਸਾਂਪਲਾ ਦਾ ਬਿਆਨ ਭਾਜਪਾ ਦੇ ਘੱਟ ਗਿਣਤੀਆਂ ਵਿਰੋਧੀ ਵਤੀਰੇ ਦਾ ਪ੍ਰਤੀਬਿੰਬ ਹੈ ਅਤੇ ਮੋਦੀ ਸਰਕਾਰ ਲਗਾਤਾਰ ਦੇਸ਼ ਦੀਆਂ ਘੱਟ ਗਿਣਤੀਆਂ ਨੂੰ ਆਪਣੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਨੁੱਕਰੇ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ|
ਮੁੱਖ ਮੰਤਰੀ ਨੇ ਕਿਹਾ ਕਿ ਲਾਂਘੇ ਸਬੰਧੀ ਪ੍ਰੋਜੈਕਟ ਬਾਰੇ ਕੇਂਦਰ ਦੀਆਂ ਵੱਖ-ਵੱਖ ਕੋਸ਼ਿਸ਼ਾਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਰਫੋਂ ਵਿਜੇ ਸਾਂਪਲਾ ਦਾ ਹਾਲ ਹੀ ਦਾ ਬਿਆਨ ਸਿੱਖ ਸ਼ਰਧਾਲੂਆਂ ਦੇ ਗੁਰਦੁਆਰਾ ਸਾਹਿਬ ਵਿਖੇ ਬਿਨਾਂ ਅੜਚਨ ਜਾਣ ਦੇ ਰਾਹ ਵਿੱਚ ਅੜਿੱਕਾ ਡਾਹੁਣ ਵਾਲਾ ਹੈ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਸਪੋਰਟ ਖਤਮ ਕਰਨਾ ਅਸੰਭਵ ਨਹੀਂ ਹੈ| ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਸ਼ਰਧਾਲੂਆਂ ਦੀਆਂ ਯਾਤਰਾ ਪਰਮਿਟ ਤੇ ਲਾਂਘੇ ਦੌਰਾਨ ਵੀਜ਼ਾ ਜ਼ਰੂਰਤਾਂ ਨੂੰ ਲਾਜ਼ਮੀ ਤੌਰ ਤੇ ਪੂਰਾ ਕੀਤਾ ਜਾ ਸਕਦਾ ਹੈ| ਇਹ ਗੁਰਦੁਆਰਾ ਸਹਿਬ ਵਿਖੇ ਨਤਮਸਤਕ ਹੋਣ ਲਈ ਸਿਰਫ਼ ਸੀਮਤ ਗਤੀਵਿਧੀ ਲਈ ਹੋਵੇਗਾ|
ਮੁੱਖ ਮੰਤਰੀ ਨੇ ਕਿਹਾ ਕਿ ਯਾਤਰਾ ਪਰਮਿਟ ਲਾਂਘੇ ਰਾਹੀਂ ਦਾਖਲ ਹੋਣ ਤੇ ਬਾਹਰ ਨਿਕਲਣ ਲਈ ਕਾਫੀ ਹੋਵੇਗਾ| ਇਸ ਦੇ ਨਾਲ ਆਧਾਰ ਕਾਰਡ (ਨਾਗਰਿਕ ਦਾ ਬਾਇਓਮੈਟ੍ਰਿਕ ਵੇਰਵਾ) ਵਰਗਾ ਦਸਤਾਵੇਜ਼ ਉਨ੍ਹਾਂ ਲੋਕਾਂ ਲਈ ਸ਼ਨਾਖਤੀ ਪਰੂਫ ਵਜੋਂ ਵਰਤਿਆ ਜਾ ਸਕਦਾ ਹੈ ਜੋ ਲਾਂਘੇ ਰਾਹੀਂ ਯਾਤਰਾ ਕਰਨੀ ਚਾਹੁੰਦੇ ਹੋਣਗੇ|
ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਨਾਲ ਵਿਰੋਧ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ| ਉਨ੍ਹਾਂ ਨੇ ਲਗਾਤਾਰ ਲਾਂਘੇ ਨੂੰ ਖੋਲ੍ਹੇ ਜਾਣ ਦੇ ਫੈਸਲੇ ਤੋਂ ਬਾਅਦ ਵੀ ਆਪਣੇ ਵਿਚਾਰ ਪ੍ਰਗਟਾਏ ਹਨ| ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਇਹ ਇਤਿਹਾਸਕ ਲਾਂਘਾ ਇਕ ਨਕਾਰਾ ਵਿਚਾਰ ਦੇ ਵਾਂਗ ਖਤਮ ਨਾ ਹੋ ਜਾਵੇ ਜਿਸ ਦੇ ਨਾਲ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਭਾਈਚਾਰੇ ਵਿੱਚ ਉਲੇਖ ਨਾ ਕੀਤੀ ਜਾ ਸਕਣ ਵਾਲੀ ਨਿਰਾਸ਼ਾ ਪੈਦਾ ਹੋਵੇਗੀ| ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਸੁਪਨੇ ਨੂੰ ਹਕੀਕਤ ਵਿੱਚ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ਹੈ|

Leave a Reply

Your email address will not be published. Required fields are marked *