ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਵੱਖਰੇ ਜਾਂਚ ਬਿਊਰੋ ਲਈ 4251 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ

ਚੰਡੀਗੜ੍ਹ, 8 ਫਰਵਰੀ (ਸ.ਬ.) ਸੁਪਰੀਮ ਕੋਰਟ ਦੇ ਹੁਕਮਾਂ ਦੀ ਲੀਹ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਜਾਂਚ ਬਿਊਰੋ (ਬਿਊਰੋ ਆਫ ਇਨਵੈਸਟੀਗੇਸ਼ਨ) ਲਈ 4251 ਨਵੀਆਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ| ਸੂਬੇ ਦੀ ਪੁਲੀਸ ਫੋਰਸ ਦੇ ਪੁਨਰ ਢਾਂਚੇ ਦਾ ਉਦੇਸ਼ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵੀ ਬਣਾਉਣਾ ਹੈ ਤਾਂ ਕਿ ਸਮੇਂ ਸਿਰ ਜਾਂਚ ਨਿਪਟਾ ਕੇ ਅਪਰਾਧੀ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ| ਪੁਨਰ ਢਾਂਚੇ ਤਹਿਤ ਐਸ.ਪੀਜ਼ ਦੀਆਂ 28 ਅਸਾਮੀਆਂ, ਡੀ.ਐਸ.ਪੀਜ਼ ਦੀਆਂ 108 ਅਸਾਮੀਆਂ ਤੋਂ ਇਲਾਵਾ ਇੰਸਪੈਕਟਰਾਂ ਦੀਆਂ 164, ਸਬ-ਇੰਸਪੈਕਟਰਾਂ ਦੀਆਂ 593, ਏ.ਐਸ.ਆਈ. ਦੀਆਂ 1140, ਹੈਡ ਕਾਂਸਟੇਬਲਾਂ ਦੀਆਂ 1158 ਅਤੇ ਕਾਂਸਟੇਬਲਾਂ ਦੀਆਂ 373 ਅਸਾਮੀਆਂ ਸਿਰਜੀਆਂ ਜਾਣਗੀਆਂ| ਇਸੇ ਤਰ੍ਹਾਂ ਮਨਿਸਟਰੀਅਲ ਕਾਡਰ ਦੀਆਂ 159 ਅਸਾਮੀਆਂ ਦੀ ਰਚਨਾ ਕੀਤੀ ਜਾਵੇਗੀ ਜਦਕਿ ਸਹਾਇਕ ਸਿਵੀਲੀਅਨ ਸਟਾਫ ਲਈ 798 ਸਿਰਜੀਆਂ ਜਾਣਗੀਆਂ ਪਰ ਇਸ ਦੇ ਇਵਜ਼ ਵਿੱਚ ਜ਼ਿਲ੍ਹਿਆਂ ਦੇ ਨਾਲ-ਨਾਲ ਹੈਡਕੁਆਰਟਰ ਤੇ ਪੁਲੀਸ ਮੁਲਾਜ਼ਮਾਂ ਦੀਆਂ ਬਰਾਬਰ ਗਿਣਤੀ ਵਿੱਚ ਅਸਾਮੀਆਂ ਖਤਮ ਕੀਤੀਆਂ ਜਾਣਗੀਆਂ|
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਕਦਮ ਨਾਲ ਬਿਊਰੋ ਲਈ ਜਾਂਚ ਕਾਡਰ ਲਈ ਸਮਰਪਿਤ ਪੇਸ਼ੇਵਰ ਮਨੁੱਖੀ ਸ਼ਕਤੀ ਯਕੀਨੀ ਬਣਾਈ ਜਾ ਸਕੇਗੀ ਜਿਸ ਨੂੰ ਕਾਨੂੰਨੀ ਤੇ ਫੌਰੈਂਸਿਕ ਸਟਾਫ ਵੱਲੋਂ ਸਹਿਯੋਗ ਕੀਤਾ ਜਾਵੇਗਾ| ਇੱਥੇ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਜੁਲਾਈ, 2014 ਵਿੱਚ ਪੁਲੀਸ ਦੇ ਜਾਂਚ ਅਤੇ ਅਮਨ-ਕਾਨੂੰਨ ਦੇ ਕੰਮਕਾਜ ਨੂੰ ਅੱਡੋ-ਅੱਡ ਕਰਨ ਦੇ ਨਿਰਦੇਸ਼ ਦਿੱਤੇ ਸਨ ਤਾਂ ਕਿ ਪੁਲੀਸ ਮੁਲਾਜ਼ਮਾਂ ਦਾ ਬੋਝ ਘਟਾਉਣ ਦੇ ਨਾਲ-ਨਾਲ ਉਨ੍ਹਾਂ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ|

Leave a Reply

Your email address will not be published. Required fields are marked *