ਸ੍ਰੀ ਗੁਰੁ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ: ਗੀਤ ਗਾਇਨ ਪ੍ਰਤੀਯੋਗਤਾ ਆਰੰਭ

ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ 24 ਜੁਲਾਈ ਤੱਕ ਆਪਣੀ           ਪੇਸ਼ਕਾਰੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਕਰ ਸਕਦੇ ਹਨ ਅਪਲੋਡ
ਐਸ.ਏ.ਐਸ. ਨਗਰ, 20 ਜੁਲਾਈ (ਸ.ਬ.) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ -ਗੀਤ ਗਾਇਨ 20 ਜੁਲਾਈ ਤੋਂ 24 ਜੁਲਾਈ ਤੱਕ ਹੋਵੇਗੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ. ਹਿੰਮਤ ਸਿੰਘ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ| ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ ਅਤੇ ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ਵਿੱਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ| ਉਹਨਾਂ ਕਿਹਾ ਕਿ ਗੀਤ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ਤੇ ਅਧਾਰਤ ਪੇਸ਼ ਕੀਤੇ ਜਾਣ|
ਉਹਨਾਂ ਦੱਸਿਆ ਕਿ 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ਵਿੱਚ ਭਰਨਗੇ| ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ|
ਜਿਲ੍ਹਾ ਨੋਡਲ ਅਫਸਰ (ਸੈ.) ਸ. ਹਰਵਿੰਦਰ ਸਿੰਘ ਨੇ ਦੱਸਿਆ ਕਿ ਗੀਤ ਗਾਇਨ ਮੁਕਾਬਲੇ ਤੋਂ ਪਹਿਲਾਂ 6 ਤੋਂ 12  ਜੁਲਾਈ ਤੱਕ ਸ਼ਬਦ ਗਾਇਨ ਪ੍ਰਤੀਯੋਗਤਾ ਕਰਵਾਈ ਗਈ ਸੀ ਜਿਸ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿੱਚ ਹਿੱਸਾ ਲਿਆ ਸੀ|

Leave a Reply

Your email address will not be published. Required fields are marked *