ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੁਰਗੱਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ
ਐਸ ਏ ਐਸ ਨਗਰ , 16 ਨਵੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੁਰਗੱਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਇਸ ਸਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਧਾਰਮਿਕ ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ਖਾਲਸਾ ਕੁਰਾਲੀ ਵਾਲਿਆਂ ਦੇ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ| ਭਾਈ ਗੁਰਿੰਦਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ ਇਸ ਤੋਂ ਇਲਾਵਾ ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੇਵ ਸਿੰਘ ਖੰਨਾ, ਕਵੀਸ਼ਰ ਭਾਈ ਸੁਰਜੀਤ ਸਿੰਘ, ਭਾਈ ਘਨੱਈਆ ਕੀਰਤਨੀ ਜੱਥਾ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਬੀਬੀ ਤੇਜਿੰਦਰ ਕੌਰ, ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ੰਿਸੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|