ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ,  17 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਮੇਰ ਸਿੰਘ ਖੇੜੀ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਜਲੂਮਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਰ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂੰ ਕਰਵਾਇਆ |
ਭਾਈ ਓਂਕਾਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਮੀਰੀ ਪੀਰੀ ਢਾਡੀ ਜੱਥਾ, ਕਵੀਸ਼ਰ ਸੁਰਜੀਤ ਸਿੰਘ, ਨਵਸੇਧ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਹਰਪ੍ਰੀਤ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਧਰਮ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ| ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ   ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ| ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *