ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਕਵਿਤਾ ਉਚਾਰਨ ਪ੍ਰਤੀਯੋਗਤਾ ਸ਼ੁਰੂ

ਬਠਿੰਡਾ, 4 ਅਗਸਤ (ਹਰਮੀਤ ਸਿਵੀਆਂ)  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਤੀਜੀ ਪ੍ਰਤੀਯੋਗਤਾ ਕਵਿਤਾ ਉਚਾਰਨ ਆਰੰਭ ਹੋ ਗਈ ਹੈ| ਇੰਨ੍ਹਾਂ ਮੁਕਾਬਲਿਆਂ ਦੀਆਂ ਪਹਿਲੀਆਂ ਦੋ ਪ੍ਰਤੀਯੋਗਤਾਵਾਂ ਸ਼ਬਦ ਅਤੇ ਗੀਤ ਗਾਇਨ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ 53 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਚੁੱਕੇ ਹਨ| ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿੱਚ ਹਿੱਸਾ ਲਿਆ| 
ਜਿਲ੍ਹਾ ਸਿੱਖਿਆ ਅਫਸਰ (ਸੈ.) ਸੁਖਬੀਰ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਹਰਦੀਪ ਸਿੰਘ ਤੱਗੜ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਅਤੇ ਖੋਜ ਪ੍ਰੀਸ਼ਦ ਵੱਲੋਂ ਨਿਰਦੇਸ਼ਕ ਜਗਤਾਰ ਸਿੰਘ ਕੂਲੜੀਆਂ ਦੀ ਨਿਰਦੇਸ਼ਨਾ ਵਿੱਚ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰਂ ਦੇ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 7 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ| 
ਉਹਨਾਂ ਦੱਸਿਆ ਕਿ ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ਵਿੱਚ ਕਵਿਤਾ ਉਚਾਰਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ| ਕਵਿਤਾ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਅਤੇ ਕੁਰਬਾਨੀ ਤੇ ਅਧਾਰਿਤ ਪੇਸ਼ ਕੀਤੀ ਜਾਵੇਗੀ| ਸਾਜ਼ ਵਜ਼ਾਉਣ ਅਤੇ ਪੜ੍ਹਕੇ ਕਵਿਤਾ ਉਚਾਰਨ ਦੀ ਪੂਰਨ ਮਨਾਹੀ ਹੋਵੇਗੀ| ਕਵਿਤਾ ਪੰਜਾਬੀ/ਅੰਗਰੇਜ਼ੀ/ਹਿੰਦੀ ਭਾਸ਼ਾ ਵਿੱਚ ਉਚਾਰੀ ਜਾ ਸਕਦੀ ਹੈ| ਕਵਿਤਾ ਦੀ ਲਗਾਤਾਰਤਾ ਵਿੱਚ ਵੀਡੀਓ ਬਣਾਉਣ ਸਮੇਂ ਸਿਰਫ ਪ੍ਰਤੀਯੋਗੀ ਹੀ ਵੀਡੀਓ ਵਿੱਚ ਦਿਖਾਈ ਦੇ ਸਕਦਾ ਹੈ| 
ਉਹਨਾਂ ਦੱਸਿਆ ਕਿ 8 ਅਗਸਤ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ  ਵੇਰਵੇ ਸਬੰਧਤ ਸਕੂਲ ਮੁਖੀ ਅਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ਵਿੱਚ ਭਰਨਗੇ| ਇਸ ਤੋਂ ਬਾਅਦ 9 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੱਲੋਂ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਕੀਤੀ ਜਾਵੇਗੀ|  ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਸੈ.) ਇਕਬਾਲ ਸਿੰਘ ਬੁੱਟਰ ਅਤੇ ਜਿਲ੍ਹਾ ਨੋਡਲ ਅਫਸਰ (ਐਲੀ.)  ਰਾਜਵਿੰਦਰ ਸਿੰਘ ਬਰਾੜ ਵੀ ਹਾਜਿਰ ਸਨ|

Leave a Reply

Your email address will not be published. Required fields are marked *