ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ. ਏ.ਐਸ ਨਗਰ, 12 ਜੂਨ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕੀਤਾ ਗਿਆ| ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੀਤਪਾਲ ਸਿੰਘ ਦੇ ਪੰਥਕ ਜੱਥੇ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ| ਉਨ੍ਹਾਂ ਨੇ ਗੁਰੂ ਸਾਹਿਬ ਵੱਲੋਂ ਮੀਰੀ-ਪੀਰੀ ਕ੍ਰਿਪਾਨਾਂ ਧਾਰਨ ਕਰਨ ਅਤੇ ਜੁਲਮ ਦੇ ਵਿਰੁੱਧ ਜੰਗ ਲੜਨ ਦੇ ਪ੍ਰਸੰਗ ਨੂੰ ਬੜੇ ਹੀ ਭਾਵਪੂਰਨ ਤਰੀਕੇ ਨਾਲ ਸੰਗਤਾਂ ਨੂੰ ਸਰਵਣ ਕਰਾਇਆ| ਭਾਈ ਓਂਕਾਰ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਜੁਝਾਰ ਸਿੰਘ, ਭਾਈ ਹਰਜਿੰਦਰ ਸਿੰਘ ਜੀ, ਭਾਈ ਕੁਲਤਾਰ ਸਿੰਘ ਜੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਰਵਿੰਦਰ ਸਿੰਘ ਜੀ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ  ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨੂੰ ਬਾਖੂਬੀ ਨਿਭਾਇਆ| ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 15 ਜੁਲਾਈ ਨੂੰ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ  ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉਚ ਕੋਟੀ ਦੇ ਰਾਗੀ, ਢਾਡੀ, ਕਵਿਸ਼ਰੀ, ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕਰਣਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *