ਸੜਕਾਂ ਕਿਨਾਰੇ ਖੜ੍ਹਦੀਆਂ ਗੱਡੀਆਂ ਦੀ ਸਮੱਸਿਆ ਦੇ ਹੱਲ ਲਈ ਸਖਤੀ ਕਰੇ ਪ੍ਰਸ਼ਾਸ਼ਨ

ਸਾਡੇ ਸ਼ਹਿਰ ਦੇ ਵਸਨੀਕਾਂ ਦੀ ਮਾਨਸਿਕਤਾ ਕੁੱਝ ਅਜਿਹੀ ਹੋ ਗਈ ਜਾਪਦੀ ਹੈ ਕਿ ਆਪਣੀ ਖੁਦ ਦੀ ਸਹੂਲੀਅਤ ਲਈ ਉਹ ਇਸ ਗੱਲ ਦੀ ਬਿਲਕੁਲ ਵੀ ਪਰਵਾਹ ਨਹੀਂ ਕਰਦੇ ਕਿ ਉਹਨਾਂ ਦੀ ਕੋਈ ਕਾਰਵਾਈ ਹੋਰਨਾਂ ਸ਼ਹਿਰੀਆਂ ਲਈ ਕਿੰਨੀ ਵੱਡੀ ਪਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ| ਸ਼ਹਿਰ ਦੀਆਂ ਸੜਕਾਂ ਕਿਨਾਰੇ ਲੋਕਾਂ ਵਲੋਂ ਆਪਣੇ ਵਾਹਨ ਖੜ੍ਹੇ ਕਰਨ ਦੀ ਕਾਰਵਾਈ ਵੀ ਅਜਿਹੀ ਹੀ ਹੈ ਜਿਸ ਕਾਰਨ ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ ਅਤੇ ਇਸ ਕਾਰਨ ਕਈ ਵਾਰ ਜਾਮ ਤੱਕ ਲੱਗਣ ਦੀ ਨੌਬਤ ਆ ਜਾਂਦੀ ਹੈ ਪਰੰਤੂ ਇਸਦੇ ਬਾਵਜੂਦ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਆਪਣੇ ਵਾਹਨ ਖੜ੍ਹੇ ਕਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ| ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਖੜ੍ਹਦੀਆਂ ਗੱਡੀਆਂ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ|  ਸੜਕਾਂ ਕਿਨਾਰੇ ਗੱਡੀਆਂ ਖੜ੍ਹਾਉਣ ਦੀ ਇਹ ਕਾਰਵਾਈ ਉਹਨਾਂ ਥਾਵਾਂ ਤੇ ਜਿਆਦਾ ਦਿਖਦੀ ਹੈ ਜਿੱਥੇ ਸੜਕ ਕਿਨਾਰੇ ਬਣੀਆਂ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਜਾਂ ਕਿਸੇ ਕੰਮ ਆਏ ਵਿਅਕਤੀ ਮਾਰਕੀਟ ਦੀ ਪਾਰਕਿੰਗ ਵਿੱਚ ਜਾ ਕੇ ਗੱਡੀ ਖੜ੍ਹਾਉਣ ਦੀ ਥਾਂ ਮੁੱਖ ਸੜਕ ਦੇ ਕਿਨਾਰੇ ਤੇ ਆਪਣੀ ਗੱਡੀ ਖੜ੍ਹੀ ਕਰ ਦਿੰਦੇ ਹਨ ਅਤੇ ਖੁਦ ਮਾਰਕੀਟ ਵਿੱਚ ਖਰੀਦਦਾਰੀ ਕਰਨ ਲਈ ਚਲੇ ਜਾਂਦੇ ਹਨ| 
ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮੁੱਖ ਸੜਕਾਂ ਦੇ ਕਿਨਾਰੇ ਲੋਕਾਂ ਵਲੋਂ ਵਾਹਨ ਖੜ੍ਹਾਉਣ ਦੀ ਇਹ ਕਾਰਵਾਈ ਆਮ ਹੈ ਪਰੰਤੂ ਸ਼ਹਿਰ ਦੀ ਸਭ ਤੋਂ ਵਿਅਸਤ ਸੜਕ (ਜਿਹੜੀ ਫੇਜ਼ 1 ਨੂੰ ਫੇਜ਼ 11 ਨਾਲ ਜੋੜਦੀ ਹੈ) ਦਾ ਮਾਰਕੀਟਾਂ ਦੇ ਸਾਮ੍ਹਣੇ ਪੈਂਦਾ ਖੇਤਰ ਇਸ ਸਮੱਸਿਆ ਦਾ ਸਭ ਤੋਂ ਵੱਧ ਸ਼ਿਕਾਰ ਹੈ| ਫੇਜ਼ 5 ਦੇ 3-5 ਚੌਂਕ ਦੇ ਨਾਲ ਲੱਗਦੇ ਬੂਥਾਂ ਦੇ ਸਾਮ੍ਹਣੇ, ਫੇਜ਼ 7 ਦੀ ਮਾਰਕੀਟ ਦਾ ਉਹ ਹਿੱਸਾ ਜਿੱਥੇ ਵਿੱਚ ਵੱਡੀ ਗਿਣਤੀ ਬੈਂਕ ਮੌਜੂਦ ਹਨ, ਫੇਜ਼ 7 ਦੇ ਐਚ ਐਮ ਕਵਾਟਰਾਂ ਦੇ ਸਾਮ੍ਹਣੇ ਵਾਲੀ ਥਾਂ ਅਤੇ ਫੇਜ਼ 11 ਵਿੱਚ ਮਾਰਕੀਟ ਦੇ ਸਾਮ੍ਹਣੇ ਇਹ ਸਮੱਸਿਆ ਕਾਫੀ ਜਿਆਦਾ ਹੈ|
ਸ਼ਹਿਰ ਦੇ ਵਸਨੀਕ ਖੁਦ ਲਈ ਅਤਿ ਆਧੁਨਿਕ ਸੁਵਿਧਾਵਾਂ ਦੀ ਮੰਗ ਤਾਂ ਕਰਦੇ ਹਨ ਪਰੰਤੂ ਅਕਸਰ ਉਹਨਾਂ ਦੀਆਂ ਖੁਦ ਦੀਆਂ ਕਾਰਵਾਈਆਂ ਹੀ ਉਹਨਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੇ ਰਾਹ ਦੀ ਰੁਕਾਵਟ ਬਣ ਜਾਂਦੀਆਂ ਹਨ| ਇਸਦਾ ਕਾਰਨ ਸ਼ਾਇਦ ਇਹ ਹੈ ਕਿ ਸ਼ਹਿਰਵਾਸੀ ਆਪਣੇ ਹੱਕਾਂ ਪ੍ਰਤੀ ਤਾਂ ਸੁਚੇਤ ਹਨ ਪਰੰਤੂ ਆਪਣੀ ਜਿੰਮੇਵਾਰੀ ਅਤੇ ਫਰਜ ਨੂੰ ਉਹ ਅਕਸਰ ਭੁੱਲ ਜਾਂਦੇ ਹਨ| ਹੈਰਾਨੀ ਦੀ ਗੱਲ ਇਹ ਹੈ ਕਿ ਲੋਕ ਸੜਕਾਂ ਕਿਨਾਰੇ ਖੜ੍ਹਦੀਆਂ ਗੱਡੀਆਂ ਕਾਰਨ ਟ੍ਰੈਫਿਕ ਸਮੱਸਿਆ ਦੀ ਬਦਹਾਲੀ ਦੀ ਸ਼ਿਕਾਇਤ ਤਾਂ ਕਰਦੇ ਹਨ ਪਰੰਤੂ ਉਹ ਖੁਦ ਵੀ ਅਜਿਹਾ ਹੀ ਕਰਦੇ ਦਿਖਦੇ ਹਨ|  ਇਹ ਵੀ ਕਿਹਾ ਜਾ ਸਕਦਾ ਹੈ ਕਿ ਸ਼ਹਿਰ ਵਾਸੀ ਕਿਸੇ ਹੋਰ ਵਲੋਂ ਕੀਤੀ ਜਾਂਦੀ ਕਾਨੂੰਨ ਦੀ ਉਲੰਘਣਾ ਤੇ ਤਾਂ ਇਤਰਾਜ ਕਰਦੇ ਦਿਖਦੇ ਹਨ ਪਰੰਤੂ ਜਦੋਂ ਖੁਦ ਤੇ ਗੱਲ ਆਉਂਦੀ ਹੈ ਤਾਂ ‘ਬਸ ਦੋ ਮਿੰਟ ਦਾ ਕੰਮ ਹੈ’ ਵਰਗੇ ਬਹਾਨੇ ਬਣਾ ਕੇ ਖੁਦ ਨੂੰ ਜਾਇਜ ਕਰਾਰ ਦੇਣ ਦੀ ਕੋਸ਼ਿਸ਼ ਵਿੱਚ ਲੱਗ ਜਾਂਦੇ ਹਨ| 
ਮੁੱਖ ਸੜਕਾਂ ਦੇ ਕਿਨਾਰੇ ਵਾਹਨ ਖੜ੍ਹਾਉਣ ਦੀ ਇਹ ਕਾਰਵਾਈ ਕਾਨੂੰਨ ਦੀ ਸਿੱਧੀ ਉਲੰਘਣਾ ਦੇ ਦਾਇਰੇ ਵਿੱਚ ਆਉਂਦੀ ਹੈ ਅਤੇ ਕੁੱਝ ਸਾਲ ਪਹਿਲਾਂ ਤੱਕ ਟ੍ਰੈਫਿਕ ਪੁਲੀਸ ਵਲੋਂ ਅਜਿਹੇ ਵਾਹਨ ਚਾਲਕਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਂਦੀ ਰਹੀ ਹੈ ਜਿਸਦੇ ਤਹਿਤ ਕ੍ਰੇਨ ਲਿਆ ਕੇ ਅਜਿਹੀਆਂ ਗੱਡੀਆਂ ਨੂੰ ਚੁਕਵਾ ਕੇ ਥਾਣੇ ਪਹੁੰਚਾ ਦਿੱਤਾ ਜਾਂਦਾ ਸੀ ਅਤੇ ਇਹਨਾਂ ਵਾਹਨਾਂ ਦੇ ਮਾਲਕਾਂ ਤੋਂ ਜੁਰਮਾਨਾ ਵਸੂਲਣ ਤੋਂ ਬਾਅਦ ਹੀ ਇਹ ਵਾਹਨ ਛੱਡੇ ਜਾਂਦੇ ਸੀ, ਪਰੰਤੂ ਪਿਛਲੇ ਕਾਫੀ ਸਮੇਂ ਤੋਂ ਟ੍ਰੈਫਿਕ ਪੁਲੀਸ ਦੀ ਇਹ ਕਾਰਵਾਈ ਬੰਦ ਹੋਣ ਕਾਰਨ ਸੜਕਾਂ ਕਿਨਾਰੇ ਖੜ੍ਹਦੀਆਂ ਇਹਨਾਂ ਗੱਡੀਆਂ ਦੀ ਸਮੱਸਿਆ ਲਗਾਤਾਰ ਵੱਧਦੀ ਹੀ ਜਾ ਰਹੀ ਹੈ| 
ਪ੍ਰਛਾਛਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਛਹਿਰ ਦੀਆਂ ਸੜਕਾਂ ਦੇ ਕਿਨਾਰੇ ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਏ ਅਤੇ ਇਸ ਸਮੱਸਿਆ ਦੇ ਹੱਲ ਲਈ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ| ਇਸ ਸੰਬੰਧੀ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਸੜਕਾਂ ਕਿਨਾਰੇ  ਵਾਹਨ ਖੜ੍ਹਾਉਣ ਦੀ ਇਸ ਕਾਰਵਾਈ ਤੇ ਸਖਤੀ ਨਾਲ ਰੋਕ ਲਗਾਈ ਜਾਣੀ ਚਾਹੀਦੀ ਹੈ ਤਾਂ ਜੋ ਸ਼ਹਿਰ ਵਾਸੀਆਂ ਦੀ ਇਸ ਕਾਰਨ ਪੇਸ਼ ਆਉਂਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਸਮੱਸਿਆ ਤੋਂ ਛੁਟਕਾਰਾ ਹਾਸਿਲ ਹੋ ਸਕੇ|

Leave a Reply

Your email address will not be published. Required fields are marked *