ਹਲਕਾ ਐਸ.ਏ.ਐਸ.ਨਗਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਐਸ.ਏ.ਐਸ.ਨਗਰ, 11 ਜਨਵਰੀ (ਸ.ਬ.) ਹਲਕਾ ਐਸ.ਏ.ਐਸ.ਨਗਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਚਿੱਲਾ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ| ਇਸ ਮੌਕੇ ਨਵੀਂ ਚੁਣੀ ਗਈ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪੁਆਏ| ਪਿੰਡ ਦੀ ਨਵੀਂ ਚੁਣੀ ਪੰਚਾਇਤ ਨੇ ਪਿੰਡ ਵਿੱਚ ਪੁੱਜਣ ਤੇ ਸ. ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ|
ਸ. ਸਿੱਧੂ ਨੇ ਇਸ ਮੌਕੇ ਨਵੀਂ ਚੁਣੀ ਪੰਚਾਇਤ, ਜਿਸ ਵਿੱਚ ਸਰਪੰਚ ਸ਼ਮਸ਼ੇਰ ਕੌਰ, ਪੰਚ ਹਰਜਤਿੰਦਰ ਸਿੰਘ, ਬਲਵਿੰਦਰ ਕੌਰ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਸ਼ਾਮਿਲ ਹਨ, ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਚਾਇਤ ਦਾ ਪਿੰਡ ਦੇ ਵਿਕਾਸ ਕਾਰਜਾਂ ਲਈ ਸਭ ਤੋਂ ਵੱਡਾ ਰੋਲ ਹੁੰਦਾ ਹੈ ਅਤੇ ਉਹ ਪਿੰਡ ਦੇ ਵਿਕਾਸ ਕਾਰਜਾਂ ਨੂੰ ਧੜੇਬੰਦੀ ਤੋਂ ਉੱਪਰ ਉਠ ਕੇ, ਬਿਨਾਂ ਕਿਸੇ ਭੇਦ-ਭਾਵ ਤੋਂ ਕਰਨ ਨੂੰ ਯਕੀਨੀ ਬਣਾਉਣ ਅਤੇ ਵਿਕਾਸ ਕਾਰਜਾਂ ਵਿਚ ਪਿੰਡ ਦੇ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇ| ਉਨ੍ਹਾਂ ਇਹ ਯਕੀਨ ਦਿਵਾਇਆ ਕਿ ਪਿੰਡ ਚਿੱਲਾ ਤੇ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ|
ਨਵੀਂ ਚੁਣੀ ਗਈ ਪੰਚਾਇਤ ਵਲੋਂ ਸ. ਸਿੱਧੂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ| ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਪਿੰਡ ਦੀ ਫਿਰਨੀ ਨੂੰ ਪੱਕਾ ਕੀਤਾ ਜਾਵੇ ਅਤੇ ਫਿਰਨੀ ਤੇ ਸੋਲਰ ਲਾਈਟਾਂ ਵੀ ਲਗਾਈਆਂ ਜਾਣ, ਪਿੰਡ ਦੀਆਂ ਗਲੀਆਂ-ਨਾਲੀਆਂ ਦੀ ਮੁਰੰਮਤ ਕਰਵਾਈ ਜਾਵੇ, ਪਿੰਡ ਵਿੱਚ ਇੱਕ ਕਮਿਊਨਿਟੀ ਸੈਂਟਰ ਵੀ ਬਣਾਇਆ ਜਾਵੇ, ਪਿੰਡਾ ਵਿਚੋਂ ਲੰਘਦੇ ਗੰਦੇ ਪਾਣੀ ਦੇ ਨਾਲੇ ਦੇ ਬੰਨ੍ਹ ਦੀ ਮੁਰੰਮਤ ਕਰਵਾਈ ਜਾਵੇ, ਪਿੰਡ ਵਿੰਚ ਸ਼ਮਸ਼ਾਨ ਘਾਟ ਦੀ ਉਸਾਰੀ ਕਰਵਾਈ ਜਾਵੇ| ਇਸ ਮੌਕੇ ਇਸ ਮੌਕੇ ਸ੍ਰ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਮੌਜੂਦ ਸਨ| ਨੰਬਰਦਾਰ ਮੇਵਾ ਸਿੰਘ, ਸੁਖਚੈਨ ਸਿੰਘ ਚਿੱਲਾ, ਗੁਰਦੀਪ ਸਿੰਘ, ਨੰਬਰਦਾਰ ਸੰਤੋਖ ਸਿੰਘ, ਅਮਰੀਕ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ|

Leave a Reply

Your email address will not be published. Required fields are marked *