ਹਲਕਾ ਖਰੜ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੋਣ ਦਿਆਂਗੀ : ਗਰਚਾ

ਕੁਰਾਲੀ, 27 ਦਸੰਬਰ (ਸ.ਬ.) ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਹਾਈਕਮਾਂਡ ਵੱਲੋਂ ਹਲਕਾ ਖਰੜ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੂੰ ਟਿਕਟ ਨਾ ਦਿੱਤੇ ਜਾਣ ਦੇ ਚਲਦਿਆਂ ਜਿੱਥੇ ਹਲਕੇ ਦੇ ਸਰਗਰਮ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਨਿਰਾਸ਼ਾ ਦਾ ਮਾਹੌਲ ਹੈ ਉਥੇ ਹੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਸ੍ਰੀਮਤੀ ਗਰਚਾ ਨੇ ਵੀ ਆਪਣੇ   ਤੇਵਰ ਤਿੱਖੇ ਕਰ ਲਏ ਹਨ|
ਬੀਬੀ ਗਰਚਾ ਨੇ ਕੁਰਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ ਦੇ ਘਰ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਖਰੜ ਵਿੱਚ ਪਿਛਲੇ ਕਈ ਸਾਲਾਂ ਤੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀ ਕੋਈ ਪੁੱਛ ਪ੍ਰਤੀਤ ਨਹੀਂ ਹੋ ਰਹੀ ਸੀ ਜਿਸ ਕਾਰਨ ਲਗਭਗ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਨਾਰਾਜ਼ ਹੋ ਕੇ ਆਪੋ ਆਪਣੇ ਘਰਾਂ ਵਿੱਚ ਬੈਠੇ ਹੋਏ ਸਨ| ਅਜਿਹੇ ਹੀ ਕੁਝ ਕਾਰਨ ਸਨ ਕਿ ਨਗਰ ਕੌਂਸਲ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਨੂੰ ਕੋਈ ਵਧੀਆ ਰਿਸਪਾਂਸ ਨਹੀਂ ਮਿਲ ਸਕਿਆ| ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਹਲਕਾ ਖਰੜ ਦੇ ਨਰਾਜ਼ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਤੋਰ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਅਤੇ ਪਾਰਟੀ ਦੇ ਪ੍ਰਚਾਰ ਲਈ ਦਿਨ ਰਾਤ ਮਿਹਨਤ ਕੀਤੀ| ਪਾਰਟੀ ਦੀ ਹਾਈਕਮਾਂਡ ਵੱਲੋਂ ਕਰਵਾਏ ਗਏ  ਸਰਵੇਖਣ ਵਿੱਚ ਵੀ ਉਨ੍ਹਾਂ ਦਾ ਨਾਂ ਅੱਗੇ ਆਇਆ| ਸਰਵੇਖਣ ਵਿੱਚ ਬੀਬੀ ਗਰਚਾ ਦਾ ਨਾਂ ਅੱਗੇ ਆਉਣ ਦੇ ਬਾਵਜੂਦ ਹੁਣ ਜਦੋਂ ਚੋਣਾਂ ਲਈ ਟਿਕਟ ਦੇਣ ਦੀ ਵਾਰੀ  ਆਈ ਤਾਂ ਜਗਮੋਹਨ ਕੰਗ ਵੱਲੋਂ ਕੀਤੀ ਜੁਗਾੜਬਾਜ਼ੀ ਉਪਰੰਤ ਟਿਕਟ ਫਿਰ ਕੰਗ ਨੂੰ ਦੇ ਦਿੱਤੀ ਗਈ|
ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਹਲਕਾ ਖਰੜ ਤੋਂ ਜਗਮੋਹਨ ਸਿੰਘ ਕੰਗ ਨੂੰ ਟਿਕਟ ਦੇ ਕੇ ਜਿੱਥੇ ਗਲਤ ਫੈਸਲਾ ਕੀਤਾ ਹੈ ਉਸ ਦੇ ਨਾਲ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਵੀ ਕੀਤਾ ਹੈ| ਪਾਰਟੀ ਵੱਲੋਂ ਲਏ ਗਏ ਇਸ ਫੈਸਲੇ ਦੇ ਨਤੀਜੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਭੁਗਤਣੇ ਪੈ ਸਕਦੇ ਹਨ|
ਉਹਨਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੇ ਨਾਲ ਜੁੜੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਹੀਂ ਹੋਣ ਦੇਣਗੇ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਉਂਦੇ ਦਿਨਾਂ ਵਿੱਚ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ| ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਆਪਣੇ ਸਾਰੇ ਸਮਰਥਕਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਆਖਰੀ ਫ਼ੈਸਲਾ ਲੈਣਗੇ|

Leave a Reply

Your email address will not be published. Required fields are marked *