ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 52 ਹਜਾਰ 332 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ: ਡੀ.ਸੀ.

ਐਸ.ਏ.ਐਸ.ਨਗਰ, 17 ਅਪ੍ਰੈਲ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਿਸਾਨਾਂ ਦੀ ਹਾੜੀ ਦੀ ਮੁੱਖ ਫਸਲ ਕਣਕ ਦੀ 52 ਹਜ਼ਾਰ 332 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ 28 ਕਰੋੜ 64 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਗਈ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਫਸਲ ਦਾ ਦਾਣਾ ਦਾਣਾ ਖਰੀਦਿਆਂ ਜਾਵੇਗਾ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ| ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੱਜਲ ਖੁਆਰੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਕੀਤੀ ਜਾ ਸਕੇ|
ਉਹਨਾਂ ਕਿਹਾ ਕਿ ਖਰੀਦਏਜੰਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਕਣਕ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਦਿਖਾਉਣ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਨੂੰ ਵੀ ਯਕੀਨੀ ਬਣਾਉਣ| ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸਵੱਛਤਾ ਲਈ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਜਿਸ ਨਾਲ ਜਮੀਨ ਦੀ ਉਪਜਾਓ ਸ਼ਕਤੀ ਵੀ ਖਤਮ ਹੁੰਦੀ ਹੈ| ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਨਗਰੇਨ ਨੇ ਹੁਣ ਤੱਕ 11 ਹਜਾਰ 911 ਮੀਟ੍ਰਿਕ ਟਨ, ਮਾਰਕਫੈਡ ਨੇ 12 ਹਜਾਰ 795 ਮੀਟ੍ਰਿਕ ਟਨ, ਪਨਸਪ 9093, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਨੇ 4033, ਪੰਜਾਬ ਐਗਰੋ ਨੇ 5992, ਐਫ.ਸੀ.ਆਈ ਨੇ 8508 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਕਣਕ ਖਰੀਦਣ ਵਿੱਚ ਮਾਰਕਫੈਡ ਸਭ ਤੋਂ ਮੋਹਰੀ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 21 ਹਜਾਰ 10 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ| ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ| ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਦਾ ਕੰਮ ਤਸੱਲੀਬਖ਼ਸ ਚੱਲ ਰਿਹਾ ਹੈ ਅਤੇ ਮੰਡੀਆਂ ਵਿੱਚ ਬਾਰਦਾਨੇ ਆਦਿ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ|

Leave a Reply

Your email address will not be published. Required fields are marked *