ਮੰਗਤਿਆਂ ਦੀ ਵੱਧਦੀ ਗਿਣਤੀ ਤੇ ਕਾਬੂ ਕਰਨਾ ਪ੍ਰਸ਼ਾਸ਼ਨ ਦੀ ਜਿੰਮੇਵਾਰੀ

begger

ਸਾਡੇ ਸ਼ਹਿਰ ਦੀਆਂ ਮਾਰਕੀਟਾਂ ਅਤੇ ਵੱਖ ਵੱਖ ਫੇਜ਼ਾਂ ਵਿਚਲੀਆਂ ਟ੍ਰੈਫਿਕ ਲਾਈਟਾਂ ਉੱਪਰ ਭੀਖ ਮੰਗਣ ਵਾਲਿਆਂ ਦੀ ਗਿਣਤੀ ਕਾਫੀ ਵੱਧ ਗਈ ਹੈ ਅਤੇ ਇਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਮ੍ਹਣਾ ਕਰਨਾ ਪੈਂਦਾ ਹੈ| ਸ਼ਹਿਰ ਵਿੱਚ ਭੀਖ ਮੰਗਣ ਵਾਲੇ ਇਹ ਮੰਗਤੇ ਵੀ ਕਈ ਤਰ੍ਹਾਂ ਦੇ ਹਨ| ਇਨ੍ਹਾਂ ਵਿੱਚੋਂ ਕੁੱਝ ਅਹਿਜੇ ਹਨ ਜਿਹੜੇ ਟ੍ਰੈਫਿਕ ਲਾਈਟਾਂ ਤੇ ਰੁਕਣ ਵਾਲੀਆਂ ਗੱਡੀਆਂ ਦੇ ਸ਼ੀਸ਼ੇ ਖੜਕਾ ਕੇ ਅਤੇ ਆਪਣੇ ਭੁੱਖੇ  ਪੇਟ ਦਾ ਵਾਸਤਾ ਦੇ ਕੇ ਭੀਖ ਮੰਗਦੇ ਹਨ| ਇਸੇ ਤਰ੍ਹਾਂ ਕਈ ਔਰਤਾਂ ਛੋਟੇ ਛੋਟੇ ਬੱਚੇ ਚੁੱਕ ਕੇ ਸ਼ਹਿਰ ਦੀਆਂ ਮਾਰਕੀਟਾਂ ਅਤੇ ਟ੍ਰੈਫਿਕ ਲਾਈਟਾਂ ਤੇ ਭੀਖ ਮੰਗਦੀਆਂ ਨਜਰ ਆਉਂਦੀਆਂ ਹਨ ਅਤੇ ਕਈ ਛੋਟੇ ਛੋਟੇ (4-5 ਸਾਲ ਤਕ ਦੇ ਵੀ) ਬੱਚੇ ਵੀ ਇਸੇ ਤਰ੍ਹਾਂ ਭੀਖ ਮੰਗਦੇ ਦਿਖਦੇ ਹਨ|
ਹਾਲਾਤ ਇਹ ਹਨ ਕਿ ਪਿਛਲੇ ਕੁੱਝ ਸਮੇਂ ਦੌਰਾਨ ਸ਼ਹਿਰ ਦੀਆਂ ਮਾਰਕੀਟਾਂ ਦੀਆਂ ਪਾਰਕਿੰਗਾਂ, ਟ੍ਰੈਫਿਕ ਲਾਈਟਾਂ, ਪਾਰਕਾਂ, ਧਾਰਿਮਕ ਸਥਾਨਾਂ ਅਤੇ ਇੱਥੋਂ ਤਕ ਕਿ ਲੋਕਾਂ ਦੇ ਘਰਾਂ ਦੇ ਬਾਹਰ ਤਕ ਪਹੁੰਚ ਕੇ ਭੀਖ ਮੰਗਣ ਵਾਲੇ ਇਹਨਾਂ ਮੰਗਤਿਆਂ ਦੀ ਗਿਣਤੀ ਵਿੱਚ ਕਾਫੀ ਇਜਾਫਾ ਹੋਇਆ ਹੈ| ਛੋਟੇ ਛੋਟੇ ਬੱਚਿਆਂ ਨੂੰ ਚੁੱਕੀ ਘੁੰਮ ਰਹੀਆਂ ਪ੍ਰਵਾਸੀ ਮਹਿਲਾਵਾਂ, ਫਟੇਹਾਲ ਕਪੜਿਆਂ ਅਤੇ ਗੰਦੇ ਮੰਦੇ ਚੀਥੜਿਆਂ ਵਿੱਚ ਲਿਪਟੇ ਛੋਟੇ ਛੋਟੇ ਬੱਚੇ ਅਤੇ ਕੁੱਝ ਵੱਡੀ ਉਮਰ ਦੇ ਭਿਖਾਰੀ ਅਚਾਨਕ ਹੀ ਤੁਹਾਡੇ ਸਾਮ੍ਹਣੇ ਆ ਕੇ ਬੜੀ ਦੀਨ ਹੀਨ ਜਿਹੀ ਸ਼ਕਲ ਬਣਾ ਕੇ ਖੜ੍ਹੇ ਹੋ ਜਾਂਦੇ ਹਨ ਅਤੇ ਭੀਖ ਮੰਗਣਾ ਸ਼ੁਰੂ ਕਰ ਦਿੰਦੇ ਹਨ| ਇਹਨਾਂ ਭੀਖ ਮੰਗਣ ਵਾਲਿਆਂ ਦੇ ਇਸ ਤਰ੍ਹਾਂ ਅਚਾਨਕ ਸਾਮ੍ਹਣੇ ਆ ਜਾਣ ਤੇ ਜਿੱਥੇ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਹੁੰਦੀ ਹੈ ਉੱਥੇ ਹੋਰਨਾਂ ਥਾਵਾਂ ਤੋਂ ਸ਼ਹਿਰ ਵਿੱਚ ਆਉਣ ਵਾਲੇ ਲੋਕਾਂ ਉੱਪਰ ਵੀ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ|
ਇਹ ਭਿਖਾਰੀ ਉਦੋਂ ਤੱਕ ਲੋਕਾਂ ਦਾ ਖਹਿੜਾ ਨਹੀਂ ਛੱਡਦੇ ਜਦੋਂ ਤੱਕ ਉਨ੍ਹਾਂ ਨੂੰ ਕੁੱਝ ਨਾ ਕੁੱਝ ਦੇ ਨਾ ਦਿੱਤਾ ਜਾਵੇ ਅਤੇ ਜੇਕਰ ਇਹਨਾਂ ਨੂੰ ਕੁੱਝ ਨਾ ਮਿਲੇ ਤਾਂ ਕਈ ਵਾਰ ਤਾਂ ਇਹ ਲੋਕਾਂ ਨੂੰ ਗਾਲ੍ਹਾਂ ਤਕ ਕੱਢ ਕੇ ਭੱਜ ਜਾਂਦੇ ਹਨ| ਹਾਲਾਤ ਇਹ ਹਨ ਕਿ ਕਈ ਵਾਰ ਇਹਨਾਂ ਮੰਗਤਿਆਂ ਦੇ ਕਾਰਨ ਸ਼ਹਿਰ ਦੀਆਂ ਵੱਖ ਵੱਖ ਟ੍ਰੈਫਿਕ ਲਾਈਟਾਂ ਤੇ ਸੜਕ ਹਾਦਸੇ ਦੀ ਨੌਬਤ ਵੀ ਆ ਜਾਂਦੀ ਹੈ ਅਤੇ ਸ਼ਹਿਰ ਦੀਆਂ ਲਗਭਗ ਸਾਰੀਆਂ ਹੀ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਅਤੇ ਘੁੰਮਣ ਫਿਰਨ ਆਉਣ ਵਾਲੇ ਲੋਕਾਂ ਨੂੰ ਥਾਂ ਥਾਂ ਤੇ ਭੀਖ ਮੰਗਣ ਵਾਲੇ ਘੇਰ ਕੇ ਖੜ੍ਹ ਜਾਂਦੇ ਹਨ| ਹਾਲਾਂਕਿ ਆਮ ਲੋਕ ਇਹਨਾਂ ਉੱਪਰ ਤਰਸ ਖਾ ਕੇ ਇਹਨਾਂ ਨੂੰ ਕੁੱਝ ਨਕਦੀ ਆਦਿ ਵੀ ਦੇ ਦਿੰਦੇ ਹਨ ਜਾਂ ਕਿਸੇ ਦੁਕਾਨ ਤੋਂ ਖਾਣ-ਪੀਣ ਦਾ ਕੋਈ ਸਾਮਾਨ ਦਿਵਾ ਦਿੰਦੇ ਹਨ| ਲੋਕਾਂ ਦੀ ਇਸੇ ਹਮਦਰਦੀ ਦਾ ਇਹ ਭਿਖਾਰੀ ਨਾਜਾਇਜ ਫਾਇਦਾ ਚੁੱਕਦੇ ਹਨ ਅਤੇ ਸਾਰਾ ਦਿਨ ਭੀਖ ਮੰਗਦੇ ਰਹਿੰਦੇ ਹਨ|
ਕਾਨੂੰਨ ਅਨੁਸਾਰ ਭੀਖ ਮੰਗਣਾ ਜੁਰਮ ਹੈ ਅਤੇ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ ਪਰੰਤੂ ਇਸਦੇ ਬਾਵਜੂਦ ਸਾਡੇ ਸ਼ਹਿਰ ਵਿੱਚ ਵਿੱਚ ਹਰ ਪਾਸੇ ਨਜਰ ਆਉਂਦੀ ਮੰੰਗਤਿਆਂ ਦੀ ਇਹ ਕਤਾਰ ਇਹ ਸਾਬਿਤ ਕਰਦੀ ਹੈ ਕਿ ਸਥਾਨਕ ਪ੍ਰਸ਼ਾਸ਼ਨ ਵਲੋਂ ਇਹਨਾਂ ਮੰਗਤਿਆਂ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ  ਅਣਦੇਖਿਆ ਕਰ ਦਿੱਤਾ ਜਾਂਦਾ ਹੈ ਜਦੋਂਕਿ ਸ਼ਹਿਰ ਵਿੱਚ ਲਗਾਤਾਰ ਵੱਧਦੀ ਜਾ ਰਹੀ ਭਿਖਾਰੀਆਂ ਦੀ ਇਸ ਸਮੱਸਿਆ ਦੇ ਹਲ ਲਈ ਜਰੂਰੀ ਹੈ ਕਿ ਇਹਨਾਂ ਮੰਗਤਿਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਨੂੰ ਇਸ ਕੰਮ ਤੋਂ ਹਟਾਇਆ ਜਾਵੇ|
ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਵਿੱਚ ਭੀਖ ਮੰਗਦੇ ਇਹਨਾਂ ਭਿਖਾਰੀਆਂ ਦੀ ਲਗਾਤਾਰ ਵੱਧਦੀ ਸਮੱਸਿਆ ਤੇ ਕਾਬੂ ਕਰਨ ਲਈ ਲੋੜੀਂਦੇ ਕਦਮ ਚੁੱਕੇ| ਇਸਦੇ ਤਹਿਤ ਜਿੱਥੇ ਭੀਖ ਮੰਗਣ ਨੂੰ ਪੇਸ਼ਾ ਬਣਾ ਚੁੱਕੇ ਭਿਖਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਉੱਥੇ ਪ੍ਰਸ਼ਾਸ਼ਨ ਵਲੋਂ  ਮਜਬੂਰੀ ਵਿੱਚ ਇਹ ਕੰਮ ਕਰਨ ਵਾਲੇ ਲੋਕਾਂ ਦੀ ਦੇਖਭਾਲ ਦਾ ਇੰਤਜਾਮ ਵੀ ਕੀਤਾ ਜਾਣਾ ਚਾਹੀਦਾ ਹੈ| ਸ਼ਹਿਰ ਵਿੱਚ ਥਾਂ ਥਾਂ ਤੇ ਲੋਕਾਂ ਤੋਂ ਭੀਖ ਮੰਗਣ ਵਾਲੇ ਇਹ ਭਿਖਾਰੀ ਜਿੱਥੇ ਸ਼ਹਿਰ ਦੀ ਦਿੱਖ ਨੂੰ ਖਰਾਬ ਕਰਦੇ ਹਨ ਉੱਥੇ ਇਹਨਾਂ ਦੇ ਕਾਰਨ ਕਾਨੂੰਨ ਵਿਵਸਥਾ ਦੀ ਹਾਲਤ ਵੀ ਪ੍ਰਭਾਵਿਤ ਹੁੰਦੀ ਹੈ ਇਸ ਲਈ ਇਸ ਸੰਬੰਧੀ  ਵਿਸ਼ੇਸ਼ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਇਸ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ|

Leave a Reply

Your email address will not be published. Required fields are marked *