ਸ਼ਹਿਰ ਵਿਚਲੀ ਟ੍ਰੈਫਿਕ ਸਮੱਸਿਆ ਦੇ ਹਲ ਲਈ ਆਟੋ ਰਿਕਸ਼ਿਆਂ ਵਾਸਤੇ ਵੱਖਰੀ ਲੇਨ ਬਣਾਏ ਪ੍ਰਸ਼ਾਸ਼ਨ

auto

ਸ਼ਹਿਰ ਵਿਚਲੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਤੋਂ ਸਾਡੇ ਸ਼ਹਿਰ ਦੇ ਵਸਨੀਕ ਬੁਰੀ ਤਰ੍ਹਾਂ ਤੰਗ ਹਨ ਅਤੇ ਉਹ ਇਸਦੀ ਆਮ ਸ਼ਿਕਾਇਤ ਕਰਦੇ ਦਿੱਸਦੇ ਹਨ| ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੀ ਇਹ ਸਮੱਸਿਆ ਅਜਿਹੀ ਹੈ ਜਿਸ ਨਾਲ ਹਰੇਕ ਸ਼ਹਿਰੀ ਪ੍ਰਭਾਵਿਤ ਹੁੰਦਾ ਹੈ| ਇਸ ਸੰਬੰਧੀ ਕਿਸੇ ਵੀ ਵਿਅਕਤੀ ਨਾਲ ਗੱਲ ਕਰਕੇ ਦੇਖ ਲਉ, ਉਸਦਾ ਜਵਾਬ ਇਹੀ ਹੁੰਦਾ ਹੈ ਕਿ ਜਦੋਂ ਤਕ ਸ਼ਹਿਰ ਦੀਆਂ ਸੜਕਾਂ ਤੇ ਲਗਾਤਾਰ ਵੱਧ ਰਹੀ ਆਟੋ ਰਿਕਸ਼ਿਆਂ ਦੀ ਭੀੜ ਤੇ ਕਾਬੂ ਨਹੀਂ ਕੀਤਾ ਜਾਂਦਾ, ਟ੍ਰੈਫਿਕ ਸਮੱਸਿਆ ਦਾ ਹਲ ਨਹੀਂ ਹੋ ਸਕਦਾ| ਸ਼ਹਿਰਵਾਸੀ ਪੁਖਤਾ ਢੰਗ ਨਾਲ ਇਹ ਗੱਲ ਕਹਿੰਦੇ ਹਨ ਕਿ ਸ਼ਹਿਰ ਦੀ ਲਗਾਤਾਰ ਵੱਧਦੀ ਜਾ ਰਹੀ ਟ੍ਰੈਫਿਕ ਦੀ ਸਮੱਸਿਆ ਦਾ ਮੁੱਖ ਕਾਰਨ ਸ਼ਹਿਰ ਵਿੱਚ ਸਵਾਰੀ ਸਿਸਟਮ ਦੇ ਆਧਾਰ ਤੇ ਚਲਣ ਵਾਲੇ ਆਟੋ ਹੀ ਹਨ ਜਿਹਨਾਂ ਵਲੋਂ ਇੱਕ ਦੂਜੇ ਤੋਂ ਅੱਗੇ ਵੱਧ ਕੇ ਅਤੇ ਵੱਧ ਤੋਂ ਵੱਧ ਸਵਾਰੀਆਂ ਬਿਠਾਉਣ ਦੀ ਹੋੜ ਵਿੱਚ ਟ੍ਰੈਫਿਕ ਨਿਯਮਾਂ ਦੀ ਰੱਜ ਕੇ ਉਲੰਘਣਾ ਕੀਤੀ ਜਾਂਦੀ ਹੈ ਪਰੰਤੂ ਪ੍ਰਸ਼ਾਸ਼ਨ ਵਲੋਂ ਇਹਨਾਂ ਆਟੋ ਚਾਲਕਾਂ ਵਲੋਂ ਕੀਤੀ ਜਾਂਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਤੇ ਕਾਬੂ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ|
ਸ਼ਹਿਰ ਦੀਆਂ ਸੜਕਾਂ ਤੇ ਚਲਣ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੀ ਗਿਣਤੀ ਇੰਨੀ ਜਿਆਦਾ ਵੱਧ ਚੁੱਕੀ ਹੈ ਕਿ ਸੜਕ ਤੇ ਹਰ ਵੇਲੇ ਆਟੋ ਵਾਲਿਆਂ ਦੀ ਹੀ ਭੀੜ ਦਿਸਦੀ ਹੈ| ਹਾਲਾਤ ਇਹ ਹਨ ਕਿ ਆਮ ਵਾਹਨ ਚਾਲਕਾਂ ਲਈ ਸ਼ਹਿਰ ਦੀਆਂ ਸੜਕਾਂ ਤੇ ਆਪਣਾ ਵਾਹਨ ਚਲਾਉਣਾ ਤਕ ਔਖਾ ਹੋ ਗਿਆ ਹੈ| ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਹ ਆਟੋ ਰਿਕਸ਼ੇ ਜਨਤਕ ਆਵਾਜਾਈ ਦੇ ਨਾਮ ਤੇ ਆਮ ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਕ ਲਿਜਾਣ ਦਾ ਇੱਕੋਂ ਇੱਕ ਜਰੀਆ ਹਨ ਅਤੇ ਸ਼ਾਇਦ ਇਹ ਵੀ ਇੱਕ ਕਾਰਨ ਹੈ ਕਿ  ਪ੍ਰਸ਼ਾਸ਼ਨ (ਜਿਸ ਵਲੋਂ ਸ਼ਹਿਰ ਵਿੱਚ ਆਪਣੇ ਪੱਧਰ ਤੇ ਲੋਕਾਂ ਨੂੰ ਆਵਾਜਾਈ ਦੀ ਸਹੂਲੀਅਤ ਮੁਹਈਆ ਕਰਵਾਉਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ) ਟ੍ਰੈਫਿਕ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਵਾਲੇ ਇਹਨਾਂ ਆਟੋ ਰਿਕਸ਼ਿਆਂ ਦੇ ਚਾਲਕਾਂ ਵਿਰੁੱਧ ਕੋਈ ਸਖਤ ਕਾਰਵਾਈ ਤੋਂ ਪਰਹੇਜ ਕਰਦਾ ਹੈ| ਪਰੰਤੂ ਇਸਦੀ ਸਜਾ ਸ਼ਹਿਰ ਦੇ ਉਹਨਾਂ ਲੋਕਾਂ ਨੂੰ ਬਿਲਕੁਲ ਨਹੀਂ ਮਿਲਣੀ ਚਾਹੀਦੀ ਜਿਹੜੇ ਆਪਣੇ ਨਿੱਜੀ ਵਾਹਨਾ ਦੀ ਵਰਤੋਂ ਕਰਦੇ ਹਨ|
ਸ਼ਹਿਰ ਵਾਸੀ ਆਮ ਗੱਲਬਾਤ ਦੌਰਾਨ ਇਹ ਸ਼ਿਕਾਇਤ ਕਰਦੇ ਹਨ ਕਿ ਸ਼ਹਿਰ ਦੀ ਦੇਖ ਰੇਖ  ਕਰਨ ਵਾਲੇ ਅਦਾਰਿਆਂ ਦੀ ਮਾੜੀ ਕਾਰਗੁਜਾਰੀ ਕਾਰਣ ਲੋਕਾਂ ਨੂੰ ਸਾਲਾਂ ਬੱਧੀ ਸਮੱਸਿਆਵਾਂ ਸਹਿਣੀਆਂ ਪੈਂਦੀਆਂ ਹਨ| ਉਂਝ ਵੀ ਸਾਡੇ ਸ਼ਹਿਰ ਵਿੱਚ ਤੈਨਾਤ ਸਰਕਾਰੀ ਅਧਿਕਾਰੀਆਂ ਬਾਰੇ ਇਹ ਆਮ ਧਾਰਨਾ ਜੋਰ ਫੜ ਚੁੱਕੀ ਹੈ ਕਿ ਇਹ ਅਧਿਕਾਰੀ ਮਨਮਰਜੀ ਨਾਲ ਹੀ ਕੰਮ ਕਰਦੇ ਹਨ ਅਤੇ ਉਹਨਾਂ ਉੱਪਰ ਕਿਸੇ ਵੀ ਗੱਲ ਦਾ ਘੱਟ ਹੀ ਅਸਰ ਪੈਂਦਾ ਹੈ| ਇਹ ਅਧਿਕਾਰੀ ਆਮ ਲੋਕਾਂ ਲਈ ਪਰੇਸ਼ਾਨੀਆਂ ਤਾਂ ਪੈਦਾ ਕਰ ਦਿੰਦੇ ਹਨ ਪਰੰਤੂ ਇਹਨਾਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੀ ਥਾਂ ਟਾਲਮਟੋਲ ਵਿੱਚ ਹੀ ਲੱਗੇ ਰਹਿੰਦੇ ਹਨ ਅਤੇ ਸ਼ਹਿਰ ਦੇ ਚੁਣੇ ਹੋਏ ਨੁਮਾਇੰਦਿਆਂ ਤਕ ਨੂੰ ਸ਼ਹਿਰ ਵਾਸੀਆਂ ਦੀ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਹਲ ਕਰਵਾਉਣ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ|
ਟ੍ਰੈਫਿਕ ਵਿਵਸਥਾ ਦੀ ਬਦਹਾਲੀ ਦੇ ਹਲ ਲਈ ਜਰੂਰੀ ਹੈ ਕਿ ਪ੍ਰਸ਼ਾਸ਼ਨ ਵਲੋਂ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਤੇ ਦੋਵੇਂ ਪਾਸੇ ਆਟੋ ਰਿਕਸ਼ਿਆਂ ਲਈ ਵੱਖਰੀ ਸਲਿਪ ਰੋਡ ਬਣਾਈ ਜਾਵੇ ਅਤੇ ਇਹਨਾਂ ਆਟੋ ਚਾਲਕਾਂ ਲਈ ਇਹ ਜਰੂਰੀ ਕੀਤਾ ਜਾਵੇ ਕਿ ਉਹ ਆਪਣਾ ਵਾਹਨ ਇਸ ਸਲਿਪ ਰੋਡ ਤੇ ਹੀ ਚਲਾਉਣ ਤਾਂ ਜੋ ਉਹਨਾਂ ਕਾਰਨ ਮੁੱਖ ਸੜਕ ਦੀ ਆਵਾਜਾਈ ਪ੍ਰਭਾਵਿਤ ਨਾ ਹੋਵੇ| ਪ੍ਰਸ਼ਾਸ਼ਨ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਕਰਨ ਲਈ ਲੋੜੀਂਦੇ ਕਦਮ ਚੁੱਕੇ ਅਤੇ ਇਸ ਲਈ ਸ਼ਹਿਰ ਦੀਆਂ ਤਮਾਮ ਮੁੱਖ ਸੜਕਾਂ ਦੇ ਕਿਨਾਰੇ ਇਹਨਾਂ ਆਟੋ ਰਿਕਸ਼ਿਆਂ ਜਾਂ ਜਨਤਕ ਆਵਾਜਾਈ ਲਈ ਵਰਤੋਂ ਵਿੱਚ ਆਉਣ ਵਾਲੇ ਹੋਰਨਾ ਵਾਹਨਾਂ ਲਈ ਵੱਖਰੀ ਲੇਨ ਦਾ ਪ੍ਰਬੰਧ ਕਰੇ ਤਾਂ ਜੋ ਇਹਨਾਂ ਵਾਹਨਾਂ ਦੇ ਚਾਲਕਾਂ ਵਲੋਂ ਸੜਕਾਂ ਤੇ ਕੀਤੀਆਂ ਜਾਂਦੀਆਂ ਆਪਹੁਦਰੀਆਂ ਕਾਰਣ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਮ੍ਹਣਾ ਨਾ ਕਰਨਾ ਪਵੇ|

Leave a Reply

Your email address will not be published. Required fields are marked *