4 ਜਨਵਰੀ ਦੀ ਮੀਟਿੰਗ ਵਿੱਚ ਕਾਲੇ ਕਾਨੂੰਨ ਰੱਦ ਕਰਨ ਦਾ ਫੈਸਲਾ ਕਰੇ ਸਰਕਾਰ : ਭਗਵੰਤ ਮਾਨ


ਚੰਡੀਗੜ੍ਹ, 31 ਦਸੰਬਰ (ਸ.ਬ.) ਆਮ ਆਦਮੀ ਪਾਰਟੀ (ਆਪ) ਨੇ ਕਿਸਾਨਾਂ ਤੇ ਕੇਂਦਰ ਸਰਕਾਰ ਦੀ 6ਵੇਂ ਗੇੜ ਦੀ ਮੀਟਿੰਗ ਵਿੱਚ ਕੁਝ ਮੁੱਦਿਆਂ ਉੱਤੇ ਸਹਿਮਤੀ ਦੇ ਬਣ ਰਹੇ ਆਸਾਰਾਂ ਤੋਂ ਬਾਅਦ 4 ਜਨਵਰੀ ਨੂੰ ਹੋ ਰਹੀ 7ਵੇਂ ਗੇੜ ਦੀ ਮੀਟਿੰਗ ਨੂੰ ਆਖਰੀ ਮੀਟਿੰਗ ਵਜੋਂ ਲੈਂਦੇ ਹੋਏ ਇਸ ਮੁੱਦੇ ਦਾ ਸਾਰਥਕ ਹੱਲ ਕੱਢਣ ਦੀ ਮੰਗ ਕੀਤੀ ਹੈ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਈ ਮੀਟਿੰਗ ਵਿਚ ਦੋਹਾਂ ਧਿਰਾਂ ਦਰਮਿਆਨ ਕੁਝ ਮੁੱਦਿਆਂ ਉੱਤੇ ਆਪਸੀ ਸਹਿਮਤੀ ਬਣਨ ਦੇ ਆਸਾਰ ਬਣੇ ਹਨ ਪ੍ਰੰਤੂ ਵੱਡੇ ਅਤੇ ਗੰਭੀਰ ਮੁੱਦੇ ਜਿਉਂ ਦੇ ਤਿਉਂ ਪਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੜਾਕੇ ਦੀ ਠੰਢ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਵੇ ਅਤੇ ਅਗਲੀ ਮੀਟਿੰਗ ਵਿੱਚ ਕਿਸਾਨਾਂ ਦੀ ਮੁੱਖ ਮੰਗ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰੇ।
ਮਾਨ ਨੇ ਕਿਹਾ ਕਿ ਐਮ ਐਸ ਪੀ ਕਿਸਾਨਾਂ ਦਾ ਮੁਢਲਾ ਹੱਕ ਹੈ, ਜੋ ਕਾਨੂੰਨੀ ਤੌਰ ਤੇ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਦੋਂ ਦੇਸ਼ ਦੇ ਲੋਕਾਂ ਦਾ ਪੇਟ ਭਰਨ ਲਈ ਵਿਦੇਸ਼ਾਂ ਤੋਂ ਅਨਾਜ਼ ਮੰਗਵਾਉਣਾ ਪੈਦਾ ਸੀ ਤਾਂ ਉਸ ਸਮੇਂ ਅੰਨਦਾਤੇ ਨੇ ਸਖਤ ਮਿਹਨਤ ਕਰਦੇ ਹੋਏ ਹਰੀ ਕ੍ਰਾਂਤੀ ਲਿਆਂਦੀ ਅਤੇ ਦੇਸ਼ ਨੂੰ ਆਤਮ ਨਿਰਭਰ ਬਣਾਉਂਦੇ ਹੋਏ ਦੇਸ਼ ਵਾਸੀਆਂ ਦਾ ਪੇਟ ਭਰਿਆ। ਹੁਣ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦੇ ਅੰਨਦਾਤੇ ਨੂੰ ਹੀ ਉਨ੍ਹਾਂ ਕੋਲ ਵੇਚ ਰਹੀ ਹੈ।

Leave a Reply

Your email address will not be published. Required fields are marked *