60 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਦੇ ਬਾਵਜੂਦ ਬੇਸ਼ਰਮੀ ਵਿਖਾ ਰਹੀ ਹੈ ਮੋਦੀ ਸਰਕਾਰ : ਰਾਹੁਲ


ਨਵੀਂ ਦਿੱਲੀ, 13 ਜਨਵਰੀ (ਸ.ਬ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਅੰਦੋਲਨ ਦਾ 49ਵਾਂ ਦਿਨ ਹੈ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਡਟੇ ਹੋਏ ਹਨ। 26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਮਾਰਚ ਕੱਢਣ ਦੀ ਤਿਆਰੀ ਹੈ। ਉੱਥੇ ਹੀ ਸਰਕਾਰ ਇਸ ਤੇ ਰੋਕ ਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਵਿੰਨਿ੍ਹਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੇ ਟਵੀਟ ਕਰਦਿਆਂ ਲਿਖਿਆ-60 ਤੋਂ ਜ਼ਿਆਦਾ ਅੰਨਦਾਤਾ ਦੀ ਸ਼ਹਾਦਤ ਤੋਂ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ ਪਰ ਟਰੈਕਟਰ ਮਾਰਚ ਤੋਂ ਇਨ੍ਹਾਂ ਨੂੰ ਸ਼ਰਮਿੰਦਗੀ ਹੋ ਰਹੀ ਹੈ।
ਜਿਕਰਯੋਗ ਹੈ ਕਿ ਦਿੱਲੀ ਵਿੱਚ ਜਾਰੀ ਕਿਸਾਨ ਅੰਦੋਲਨ ਵਿਚ ਹੁਣ ਤੱਕ 60 ਤੋਂ ਜ਼ਿਆਦਾ ਕਿਸਾਨ ਆਪਣੀ ਜਾਨ ਦੇ ਚੁੱਕੇ ਹਨ। ਪੰਜਾਬ, ਹਰਿਆਣਾ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ਤੋਂ ਆਏ ਹਜ਼ਾਰਾਂ ਕਿਸਾਨ ਕੜਾਕੇ ਦੀ ਠੰਡ ਦੇ ਬਾਵਜੂਦ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਜਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਸ਼ਾਂਤੀ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ। ਹਾਲਾਂਕਿ ਇਸ ਮਸਲੇ ਤੇ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਮਸਲਾ ਹੁਣ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਿਆ ਜਾਵੇਗਾ।

Leave a Reply

Your email address will not be published. Required fields are marked *