ਕੋਵਿਡ ਤੋਂ ਮੁਕਤੀ ਲਈ ਟੀਕਾਕਰਨ ਬੇਹੱਦ ਜ਼ਰੂਰੀ, ਵੱਧ ਤੋਂ ਵੱਧ ਲਾਭਪਾਤਰੀ ਟੀਕੇ ਲਗਵਾਉਣ : ਡਾ. ਆਦਰਸ਼ਪਾਲ ਕੌਰ

ਐਸ.ਏ.ਐਸ.ਨਗਰ, 7 ਅਪ੍ਰੈਲ (ਸ.ਬ.) ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਹੈ ਕਿ ਕੋਵਿਡ-ਮੁਕਤ ਅਤੇ ਸਿਹਤਮੰਦ ਸੰਸਾਰ ਦੀ ਸਿਰਜਣਾ ਲਈ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਵਿਸ਼ਵ ਸਿਹਤ ਦਿਵਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਵਿਸ਼ਵ ਸਿਹਤ ਦਿਵਸ ਨੂੰ ਕੋਵਿਡ ਟੀਕਾਕਰਨ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਅਸੀਂ ਅਜਿਹੇ ਸਮੇਂ ਇਹ ਦਿਨ ਮਨਾ ਰਹੇ ਹਾਂ ਜਦੋਂ ਦੇਸ਼-ਦੁਨੀਆਂ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਜ਼ੋਰ ਫੜ ਰਹੀ ਹੈ। ਇਸ ਮਹਾਂਮਾਰੀ ਤੋਂ ਬਚਾਅ ਲਈ ਜਿਥੇ ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣੇ, ਇਕ ਦੂਜੇ ਤੋਂ ਫ਼ਾਸਲਾ ਰਖਣਾ ਅਤਿ ਜ਼ਰੂਰੀ ਹੈ, ਉਥੇ ਵੱਧ ਤੋਂ ਵੱਧ ਕੋਵਿਡ ਟੈਸਟਿੰਗ ਅਤੇ ਟੀਕਾਕਰਨ ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਲਾਭਪਾਤਰੀ ਨੂੰ ਇਹ ਟੀਕਾ ਲਗਵਾਉਣਾ ਚਾਹੀਦਾ ਹੈ ਕਿਉਂਕਿ ਇਹ ਬੇਹੱਦ ਸੁਰੱਖਿਅਤ ਹੈ ਅਤੇ ਇਸ ਦਾ ਕੋਈ ਮਾੜਾ ਅਸਰ ਨਹੀਂ ਹੈ।

ਜ਼ਿਲ੍ਹਾ ਹਸਪਤਾਲ ਵਿਖੇ ਟੀਕਾਕਰਨ ਕਵਾਇਦ ਦਾ ਜਾਇਜ਼ਾ ਲੈਣ ਸਮੇਂ ਸਿਵਲ ਸਰਜਨ ਨੇ ਕਿਹਾ ਕਿ ਅਫ਼ਵਾਹਾਂ ਵੱਲ ਧਿਆਨ ਦੇਣ ਦੀ ਬਜਾਏ ਆਪਣੀ ਸਿਹਤ ਦਾ ਖ਼ਿਆਲ ਰੱਖਣ ਦੀ ਬਹੁਤ ਜ਼ਰੂਰਤ ਹੈ ਅਤੇ ਕੋਵਿਡ ਟੀਕਾਕਰਨ ਜ਼ਰੀਏ ਇਸ ਬੀਮਾਰੀ ਤੋਂ ਕਾਫ਼ੀ ਹੱਦ ਤੱਕ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਦਾ ਮਕਸਦ ਸਿਹਤ ਸੰਭਾਲ ਅਤੇ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕਰਨਾ ਹੈ ਅਤੇ ਇਸ ਵਾਰ ਇਹੋ ਵੱਡੀ ਜਾਗਰੂਕਤਾ ਹੋ ਸਕਦੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਲਾਭਪਾਤਰੀ ਟੀਕਾਕਰਨ ਕਰਵਾਉਣ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ, ਡਾ. ਪਰਮਿੰਦਰ ਸਿੰਘ, ਡਾ. ਸੰਦੀਪ ਸਿੰਘ, ਡਾ. ਬਬਨਪ੍ਰੀਤ ਕੌਰ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *