ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ ਸਿਹਤ ਵਿਭਾਗ ਨੂੰ ਰੋਜ਼ਾਨਾ ਸੈਂਪਲਿੰਗ ਦੀ ਗਤੀ 50,000 ਤੱਕ ਪਹੁੰਚਾਉਣ ਲਈ ਕਿਹਾ

ਚੰਡੀਗੜ੍ਹ, 7 ਅਪਰੈਲ (ਸ.ਬ.) ਪੰਜਾਬ ਵਿੱਚ ਕੋਵਿਡ ਪਾਜਿਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਅਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪਾਜਿਟਿਵ ਮਰੀਜ਼ ਪਿੱਛੇ 30 ਵਿਅਕਤੀਆਂ ਦੀ ਹੱਦ ਤੱਕ ਸੰਪਰਕ ਟ੍ਰੇਸਿੰਗ ਕੀਤੀ ਜਾਵੇ ਅਤੇ ਸੈਂਪਲਿੰਗ ਦੀ ਗਿਣਤੀ ਪ੍ਰਤੀ ਦਿਨ 50,000 ਤੱਕ ਵਧਾਈ ਜਾਵੇ।

ਕੋਵਿਡ ਮਾਮਲਿਆਂ ਵਿੱਚ ਮੌਤ ਦੀ ਦਰ ਵਧਣ ਤੇ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਨ੍ਹਾਂ ਮੌਤਾਂ ਕਰਕੇ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਨ੍ਹਾਂ ਵਿੱਚੋਂ ਕਈ ਮੌਤਾਂ ਤਾਂ ਵਕਤ ਰਹਿੰਦਿਆਂ ਇਲਾਜ ਨਾਲ ਟਾਲੀਆਂ ਜਾ ਸਕਦੀਆਂ ਸਨ।

ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਇਕ ਵਿਆਪਕ ਜਨ ਚੇਤਨਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਸ਼ੁਰੂਆਤੀ ਦੌਰ ਮੌਕੇ ਹੀ ਹਸਪਤਾਲਾਂ ਵਿਖੇ ਮੁਆਇਨੇ ਲਈ ਜਾਣ ਹਿੱਤ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸਿਹਤ ਸਬੰਧੀ ਸੁਵਿਧਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕੀਤੇ ਜਾਣ ਦੀ ਵੀ ਲੋੜ ਹੈ ਅਤੇ ਲੋੜੀਂਦੀਆਂ ਸਹੂਲਤਾਂ ਵਾਲੇ ਮਨਜ਼ੂਰਸ਼ੁਦਾ ਹਸਪਤਾਲਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਜਾਣੀ ਚਾਹੀਦੀ ਹੈ।

ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਪੀ.ਜੀ.ਆਈ. ਵੱਲੋਂ ਪੰਜਾਬ ਦੇ ਮਰੀਜਾਂ ਨੂੰ ਸਹੀ ਮਾਧਿਅਮ ਰਾਹੀਂ ਰੈਫ਼ਰ ਕੀਤੇ ਜਾਣ ਦੇ ਬਾਵਜੂਦ ਵੀ ਦਾਖਲ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਇਸ ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ੍ਹ ਦੀ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ।

ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੈਡੀਕਲ ਮਾਹਰਾਂ ਨਾਲ ਹਫ਼ਤਾਵਾਰੀ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਟੀਕਾਕਰਨ ਮੁਹਿੰਮ ਤਹਿਤ ਰੋਜਾਨਾ ਲਗਭਗ 90,000 ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ, ਪਰ ਇਸ ਨੂੰ ਰੋਜਾਨਾ 2 ਲੱਖ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਹਨਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਕਿਉਂ ਜੋ ਟੀਕਾਕਰਨ ਕੋਰੋਨਾ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਜ਼ਰੀਆ ਹੈ।

ਕੋਵਿਡ ਟੀਕਿਆਂ ਦੀ ਸਪਲਾਈ ਸਬੰਧੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸੂਬੇ ਨੂੰ ਟੀਕੇ ਦੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਡੀਜੀਪੀ ਦਿਨਕਰ ਗੁਪਤਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜਨਤਕ ਤੌਰ ਤੇ ਮਾਸਕ ਨਾ ਪਹਿਨਣ ਵਾਲੇ 2.03 ਲੱਖ ਲੋਕਾਂ ਦਾ ਆਰ ਟੀ ਪੀ ਸੀ ਆਰ ਟੈਸਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 43,000 ਚਲਾਨ ਜਾਰੀ ਕੀਤੇ ਗਏ ਹਨ ਅਤੇ 3.60 ਕਰੋੜ ਰੁਪਏ ਦਾ ਜੁਰਮਾਨਾ ਇਕੱਤਰ ਕੀਤਾ ਗਿਆ। ਇਸ ਤੋਂ ਇਲਾਵਾ 206 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਓ.ਪੀ. ਸੋਨੀ (ਮੈਡੀਕਲ ਸਿੱਖਿਆ) ਤੇ ਬਲਬੀਰ ਸਿੱਧੂ (ਸਿਹਤ), ਮੈਡੀਕਲ ਮਾਹਰ ਡਾ. ਕੇ ਕੇ ਤਲਵਾੜ ਤੇ ਡਾ. ਰਾਜ ਬਹਾਦਰ ਅਤੇ ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਵੀ ਮੌਜੂਦ ਸਨ।

Leave a Reply

Your email address will not be published. Required fields are marked *