ਆਮ ਆਦਮੀ ਪਾਰਟੀ ਨੇ ਢੀਂਡਸਾ ਗਰੁੱਪ ਨਾਲ ਗਠਜੋੜ ਦੀ ਸੰਭਾਵਨਾ ਤੋਂ ਕੀਤਾ ਇਨਕਾਰ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂ ਹੋਣਗੇ ਆਮ ਆਦਮੀ ਪਾਰਟੀ ਵਿੱਚ ਸ਼ਮਿਲ

ਚੰਡੀਗੜ੍ਹ, 8 ਅਪ੍ਰੈਲ (ਸ.ਬ.) ਆਮ ਆਦਮੀ ਪਾਰਟੀ ਅਤੇ ਅਕਾਲੀ ਦਲ (ਡੈਮੋਕਰੈਟਿਕ) ਦੇ ਹੋ ਰਹੇ ਗਠਜੋੜ ਬਾਰੇ ਆਈਆਂ ਖ਼ਬਰਾਂ ਤੇ ਸਪੱਸ਼ਟੀਕਰਨ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਹੋਈ ਹੈ ਅਤੇ ਇਸ ਵਿੱਚ ਕਿਸੇ ਗਠਜੋੜ ਦੀ ਥਾਂ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਨਾਲ ਕਿਸੇ ਤਰ੍ਹਾਂ ਦਾ ਗਠਜੋੜ ਨਹੀਂ ਕਰੇਗੀ ਬਲਕਿ ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਆਗੂ ਜਲਦ ਹੀ ਆਮ ਆਦਮੀ ਪਾਰਟੀ ਜੁਆਇਨ ਕਰਨਗੇ।

ਸz. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੋਵੇਂ ਪੰਜਾਬ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ ਇਸ ਲਈ ਉਹ ਇਕ ਪਲੇਟਫਾਰਮ ਤੇ ਆ ਕੇ ਆਵਾਜ ਬੁਲੰਦ ਕਰਨਗੇ ਤਾਂ ਜੋ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਧੱਕੇ ਦਾ ਹਿਸਾਬ ਲਿਆ ਜਾ ਸਕੇ। ਉਹਨਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਮ ਆਦਮੀ ਪਾਰਟੀ ਜੁਆਇਨ ਕਰਨ ਬਾਰੇ ਕਾਫੀ ਸਕਾਰਾਤਮਕ ਹਨ ਅਤੇ ਉਹ ਜਲਦ ਹੀ ਇਸ ਬਾਰੇ ਕੋਈ ਫੈਸਲਾ ਲੈਣਗੇ।

Leave a Reply

Your email address will not be published. Required fields are marked *