ਗੈਰ ਕਾਨੂੰਨੀ ਮਾਈਨਿੰਗ ਦਾ ਧੰਦਾ ਕਰਨ ਵਾਲੇ ਵੱਡੇ ਕਾਂਗਰਸੀ ਆਗੂਆਂ ਨੂੰ ਤੁਰੰਤ ਅਹੁਦਿਆਂ ਤੋਂ ਲਾਂਭੇ ਕਰੇ ਕਾਂਗਰਸ: ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ, 21 ਜੁਲਾਈ (ਸ.ਬ.) ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਦਾ ਧੰਦਾ ਕਰਨ ਵਾਲੇ 2 ਵੱਡੇ ਕਾਂਗਰਸੀ ਆਗੂਆਂ ਨੂੰ ਤੁਰੰਤ ਅਹੁਦਿਆਂ ਤੋਂ ਲਾਂਭੇ ਕੀਤਾ ਜਾਵੇ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕਾਂਗਰਸ ਦੇ ਦੋ ਵੱਡੇ ਆਗੂਆਂ (ਜਿਹਨਾਂ ਵਿੱਚ ਯੂਥ ਕਾਂਗਰਸ ਦਾ ਇੱਕ ਵੱਡਾ ਆਗੂ ਸ਼ਾਮਿਲ ਹੈ) ਉੱਪਰ ਰੇਤ ਮਾਫ਼ੀਆ ਨਾਲ ਮਿਲ ਕੇ ਮੁਹਾਲੀ ਜ਼ਿਲ੍ਹੇ ਦੇ ਲਾਲੜੂ ਤੋਂ ਲੈ ਕੇ ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਗੁਰਦਾਸਪੁਰ ਤੇ ਪਠਾਨਕੋਟ ਤੱਕ ਗ਼ੈਰ-ਕਾਨੂੰਨੀ ਮਾਈਨਿੰਗ ਦੇ ਇਲਜਾਮ ਲੱਗ ਰਹੇ ਹਨ ਅਤੇ ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਦੀ ਜਨਤਾ ਇਨ੍ਹਾਂ ਤੋਂ ਡਾਢੀ ਨਾਰਾਜ਼ ਹੈ।

ਉਨ੍ਹਾਂ ਕਿਹਾ ਕਿ ਦਰਅਸਲ, ਪੰਜਾਬ ਦੀ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਲੰਮੀ ਸਰਹੱਦ ਦੇ ਨਾਲ ਲੱਗਦਿਆਂ ਇਲਾਕਿਆਂ ਵਿੱਚ ਇਹਨਾਂ ਆਗੂਆਂ ਦਾ ਮਾਈਨਿੰਗ ਦਾ ਨਾਜਾਇਜ਼ ਕਾਰੋਬਾਰ ਲਗਾਤਾਰ ਚੱਲ ਰਿਹਾ ਹੈ ਤੇ ਉਹ ਵੱਡੇ ਪੱਧਰ ਤੇ ਆਮ ਲੋਕਾਂ ਦੀ ਲੁੱਟ-ਖਸੁੱਟ ਕਰ ਰਹੇ ਹਨ। ਸ. ਬਡਹੇੜੀ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਦੋਵੇਂ ਆਗੂਆਂ ਨੂੰ ਤੁਰੰਤ ਬਾਹਰ ਦਾ ਰਸਤਾ ਵਿਖਾਇਆ ਜਾਵੇ।

ਸ. ਬਡਹੇੜੀ ਨੇ ਕਿਹਾ ਕਿ ਇਹ ਦੋਵੇਂ ਆਗੂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਓਟ ਲੈ ਕੇ ਬਚਦੇ ਰਹੇ ਹਨ ਤੇ ਹੁਣ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਨੇੜਤਾ ਵਧਾਉਣ ਦੀਆਂ ਕੋਸ਼ਿਸ਼ਾਂ ਵਿੱਚ ਹਨ। ਅਜਿਹਾ ਉਹ ਇਸ ਲਈ ਕਰ ਰਹੇ ਹਨ ਕਿ ਉਨ੍ਹਾਂ ਦਾ ਗ਼ੈਰ-ਕਾਨੂੰਨੀ ਮਾਈਨਿੰਗ ਦਾ ਧੰਦਾ ਬੇਰੋਕ ਜਾਰੀ ਰਹਿ ਸਕੇ।

Leave a Reply

Your email address will not be published. Required fields are marked *