‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਬੱਚਿਆਂ ਅਤੇ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਨਵੀਂ ਪੌਸ਼ਟਿਕ ਖ਼ੁਰਾਕ : ਅਰੁਨਾ ਚੌਧਰੀ

ਚੰਡੀਗੜ੍ਹ, 21 ਜੁਲਾਈ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ 3 ਲੱਖ ਬੱਚਿਆਂ ਅਤੇ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਨਵੀਂ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 7 ਜੁਲਾਈ ਨੂੰ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਉਦੋਂ ਤੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੋਵਿਡ ਸਬੰਧੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਪਿੰਡਾਂ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਅਨੀਮੀਆ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।

ਮੰਤਰੀ ਨੇ ਦੱਸਿਆ ਕਿ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪਿਛਲੇ ਮਹੀਨੇ ਨਵੀਆਂ ਪੌਸ਼ਟਿਕ ਖ਼ੁਰਾਕਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਮੂੰਗੀ ਦੀ ਦਾਲ, ਬੇਸਣ, ਸੋਇਆ ਆਟਾ ਅਤੇ ਸੋਇਆ ਵੜੀਆਂ ਸ਼ਾਮਲ ਹਨ। ਇਹ ਪੌਸ਼ਟਿਕ ਖ਼ੁਰਾਕ ਮਾਰਕਫੈਡ ਵੱਲੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਆਂਗਨਵਾੜੀ ਕੇਂਦਰਾਂ ਰਾਹੀਂ 0-6 ਸਾਲ ਦੇ 8,08,01 ਬੱਚਿਆਂ ਅਤੇ 2,40,093 ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ (ਐਸ.ਐਨ.ਪੀ.) ਤਹਿਤ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਖ਼ੁਰਾਕ ਦੀ ਪੌਸ਼ਟਿਕ ਗੁਣਵੱਤਾ ਵਧਾਈ ਜਾ ਸਕੇ।

Leave a Reply

Your email address will not be published. Required fields are marked *