ਕੋਵਿਡ ਦੀ ਤੀਜੀ ਲਹਿਰ ਦੇ ਮੁਕਾਬਲੇ ਲਈ ਤਿਆਰੀਆਂ ਜਾਰੀ ਸਿਵਲ ਸਰਜਨ ਵਲੋਂ ਢਕੋਲੀ ਦੇ ਹਸਪਤਾਲ ਵਿਚ ਸਥਾਪਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਦਾ ਜਾਇਜ਼ਾ

ਐਸ ਏ ਐਸ ਨਗਰ, 22 ਜੁਲਾਈ (ਸ.ਬ.) ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਕੋਰੋਨਾ ਵਾਇਰਸ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਦੇ ਮੁਕਾਬਲੇ ਵਾਸਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ ਢਕੋਲੀ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿਚ ਸਥਾਪਿਤ ਕੀਤੇ ਜਾ ਰਹੇ ਪੀ ਐਸ ਏ ਮੈਡੀਕਲ ਆਕਸੀਜਨ ਪਲਾਂਟ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸਿਹਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ।

ਇਸ ਮੌਕੇ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਜਿਵੇਂ ਚੋਟੀ ਦੇ ਸਿਹਤ ਮਾਹਰਾਂ ਨੇ ਤੀਜੀ ਲਹਿਰ ਬਾਰੇ ਖ਼ਦਸ਼ਾ ਪ੍ਰਗਟਾਇਆ ਹੈ, ਉਸ ਨੂੰ ਵੇਖਦਿਆਂ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜੰਗੀ ਪੱਧਰ ਤੇ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦਸਿਆ ਕਿ ਪ੍ਰੈਸ਼ਰ ਸਵਿੰਗ ਐਡਜ਼ੌਰਪਸ਼ਨ (ਪੀਐਸਏ) ਆਕਸੀਜਨ ਪਲਾਂਟ ਸਥਾਪਤ ਕਰਨ ਲਈ ਇਕ ਫ਼ਰਮ ਵਲੋਂ ਮਸ਼ੀਨਰੀ ਦਾਨ ਕੀਤੀ ਗਈ ਹੈ ਅਤੇ ਸਿਹਤ ਵਿਭਾਗ ਵਲੋਂ ਮਸ਼ੀਨਰੀ ਫ਼ਿੱਟ ਕਰਕੇ ਇਹ ਪਲਾਂਟ ਇਕ ਮਹੀਨੇ ਅੰਦਰ ਚਾਲੂ ਕਰ ਦਿਤਾ ਜਾਵੇਗਾ। ਇਸ ਪਲਾਂਟ ਵਿਚ ਮੈਡੀਕਲ ਆਕਸੀਜਨ ਸਲੰਡਰ ਵੀ ਭਰੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਲਾਂਟ ਲੱਗਣ ਨਾਲ ਮਰੀਜ਼ਾਂ ਵਾਸਤੇ ਮੈਡੀਕਲ ਆਕਸੀਜਨ ਦੀ ਕੋਈ ਘਾਟ ਨਹੀਂ ਰਹੇਗੀ।

ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿਚ ਕੋਵਿਡ ਕੇਅਰ ਸੈਂਟਰ ਲੈਵਲ 2 ਵੀ ਬਣਾਇਆ ਜਾ ਰਿਹਾ ਹੈ ਤਾਂ ਕਿ ਇਲਾਕੇ ਦੇ ਗੰਭੀਰ ਕੋਵਿਡ ਮਰੀਜ਼ਾਂ ਦਾ ਇਥੇ ਹੀ ਇਲਾਜ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਦੂਰ ਨਾ ਜਾਣਾ ਪਵੇ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਵੀ ਦੌਰਾ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਦਿਤੀਆਂ।

ਡਾ. ਆਦਰਸ਼ਪਾਲ ਨੇ ਕਿਹਾ ਕਿ ਭਾਵੇਂ ਕੋਵਿਡ ਮਹਾਂਮਾਰੀ ਦੇ ਪਾਜ਼ੇਟਿਵ ਕੇਸ ਕਾਫ਼ੀ ਘੱਟ ਗਏ ਹਨ ਪਰ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਹਾਲੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਉਨ੍ਹਾਂ ਦਸਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਦੇ ਟੀਕਾਕਰਨ ਦਾ ਕੰਮ ਵੀ ਜ਼ਿਲ੍ਹੇ ਵਿਚ ਜੰਗੀ ਪੱਧਰ ਤੇ ਚੱਲ ਰਿਹਾ ਹੈ। ਜ਼ਿਲ੍ਹੇ ਵਿਚ ਹੁਣ ਤਕ 6 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁਕਾ ਹੈ। ਇਸ ਮੌਕੇ ਨੋਡਲ ਅਫ਼ਸਰ ਡਾ. ਹਰਲੀਨ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *