ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਹੋਈ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਦਿੱਤੀ ਜਾਵੇਗੀ ਸਜਾ : ਚਰਨਜੀਤ ਸਿੰਘ ਚੰਨੀ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਅੰਮ੍ਰਿਤਸਰ, 22 ਸਤੰਬਰ (ਸ.ਬ.) ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਬਰਗਾੜੀ ਅਤੇ ਬਹਿਗਲ ਕਲਾਂ ਵਿੱਚ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੰਥਕ ਤਰੀਕੇ ਨਾਲ ਇਨਸਾਫ ਕੀਤਾ ਜਾਵੇਗਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ੍ਹ ਕੇ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਸਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਵਾਂ ਉਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਅੰਮ੍ਰਿਤ ਵੇਲੇ ਹੋਣ ਵਾਲੀ ਪਾਲਕੀ ਸਾਹਿਬ ਦੀ ਸੇਵਾ ਵਿੱਚ ਸ਼ਾਮਲ ਹੋਏ, ਜਿਸ ਦੇ ਲਈ ਮੁੱਖ ਮੰਤਰੀ ਚੰਨੀ ਦੇਰ ਰਾਤ ਅੰਮ੍ਰਿਤਸਰ ਪਹੁੰਚੇ ਸਨ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰੂ ਘਰ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਹਾਈਕਮਾਨ ਵੱਲੋਂ ਦਿੱਤੇ ਗਏ ਇਸ ਅਹੁਦੇ ਦੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਬਲ ਬੁੱਧੀ ਲੈਣ ਦੀ ਅਰਦਾਸ ਵੀ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਧਰਮ ਨੂੰ ਮੁੱਖ ਰੱਖਦਿਆਂ ਆਪਣੀ ਸਰਕਾਰ ਚਲਾਉਣਗੇ ਅਤੇ ਪੰਜਾਬ ਦੀ ਜਨਤਾ ਨੂੰ ਵਿਤਕਰਾ ਰਹਿਤ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਹੈ ਕਿ ਬਰਗਾੜੀ ਅਤੇ ਬਹਿਬਲ ਕਲਾਂ ਵਿੱਚ ਹੋਈ ਗੁਰੂ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜ੍ਹ ਕੇ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੁਨੀਲ ਦੱਤੀ, ਵਿਧਾਇਕ ਸੁਖਜਿੰਦਰ ਸਿੰਘ ਡੈਨੀ ਬੰਡਾਲਾ, ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਵਿਧਾਇਕ ਤਰਸੇਮ ਸਿੰਘ ਡੀ ਸੀ, ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਮਮਤਾ ਦੱਤਾ ਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *