ਕਾਂਗਰਸ ਦੀ ਕੇਂਦਰੀ ਚੋਣ ਅਥਾਰਟੀ ਵਲੋਂ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ, 22 ਸਤੰਬਰ (ਸ.ਬ) ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦੇ ਸਰਵਉੱਚ ਅਹੁਦੇ ਤੇ ਕਾਬਜ਼ ਹੋਣ ਵਾਲੇ ਵਿਅਕਤੀ ਨੂੰ ਚੁਣਨ ਦੀ ਪ੍ਰਕਿਰਿਆ ਰਸਮੀ ਤੌਰ ਤੇ ਸ਼ੁਰੂ ਹੋ ਗਈ ਹੈ। ਪਾਰਟੀ ਦੇ ਸੀਨੀਅਰ ਨੇਤਾ ਮਧੂਸੂਦਨ ਮਿਸਤਰੀ ਦੀ ਅਗਵਾਈ ਵਾਲੀ ਕੇਂਦਰੀ ਚੋਣ ਅਥਾਰਟੀ ਨੇ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ।

ਕਾਂਗਰਸ ਪ੍ਰਧਾਨ ਦੀ ਚੋਣ ਲਈ ਐਲਾਨੇ ਪ੍ਰੋਗਰਾਮ ਅਨੁਸਾਰ ਹੁਣ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 24 ਤੋਂ 30 ਸਤੰਬਰ ਤੱਕ ਚੱਲੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਇੱਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿੱਚ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ। ਨੋਟੀਫਿਕੇਸ਼ਨ ਜਾਰੀ ਹੋਣ ਤੋਂ ਇਕ ਦਿਨ ਪਹਿਲਾਂ ਬੁੱਧਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪਾਰਟੀ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਵੱਲੋਂ ਚੋਣਾਵੀ ਸਮਰ ਵਿੱਚ ਉਤਰਨ ਦਾ ਸਪੱਸ਼ਟ ਸੰਕੇਤ ਦਿੱਤੇ ਜਾਣ ਤੋਂ ਬਾਅਦ ਸੰਭਾਵਨਾਵਾਂ ਮਜ਼ਬੂਤ ਹੋ ਗਈਆਂ ਹਨ ਕਿ ਉਹ 22 ਸਾਲ ਬਾਅਦ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਪ੍ਰਧਾਨ ਚੋਣ ਜ਼ਰੀਏ ਚੁਣਿਆ ਜਾਵੇਗਾ।

ਗਹਿਲੋਤ ਨੇ ਕਿਹਾ ਕਿ ਉਹ ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰਨਗੇ ਪਰ ਇਸ ਤੋਂ ਪਹਿਲਾਂ ਉਹ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਲਈ ਮਨਾਉਣ ਦੀ ਆਖਰੀ ਕੋਸ਼ਿਸ਼ ਕਰਨਗੇ। ਦੂਜੇ ਪਾਸੇ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਜੋ ਪਹਿਲਾਂ ਹੀ ਚੋਣ ਲੜਨ ਦੇ ਸੰਕੇਤ ਦੇ ਰਹੇ ਹਨ, ਨੇ ਬੀਤੇ ਦਿਨ ਕਾਂਗਰਸ ਹੈੱਡਕੁਆਰਟਰ ਪਹੁੰਚ ਕੇ ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨਾਲ ਮੁਲਾਕਾਤ ਕੀਤੀ ਅਤੇ ਨਾਮਜ਼ਦਗੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਲਈ। ਕੁਝ ਹੋਰ ਆਗੂਆਂ ਦੇ ਵੀ ਚੋਣ ਮੈਦਾਨ ਵਿਚ ਉਤਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।