ਸਿਹਤ ਵਿਭਾਗ ਵਲੋਂ 2,95,634 ਘਰਾਂ ਦੇ ਸਰਵੇ ਦੌਰਾਨ 9784 ਘਰਾਂ ਵਿਚੋਂ ਮਿਲਿਆ ਡੇਂਗੂ ਦਾ ਲਾਰਵਾ

ਐਸ. ਏ. ਐਸ. ਨਗਰ, 22 ਸਤੰਬਰ (ਸ.ਬ.) ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 2,95,634 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ ਜਿਸ ਦੌਰਾਨ 9784 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 1739 ਚਲਾਨ ਕੀਤੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਆਦਰਸ਼ਪਾਲ ਕੌਰ ਨੇ ਦਸਿਆ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਵਿਚ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 941394 ਕੰਟੇਨਰ ਚੈਕ ਕੀਤੇ ਗਏ ਅਤੇ 12839 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ। ਉਹਨਾਂ ਦੱਸਿਆ ਕਿ ਕਈ ਘਰਾਂ ਵਿਚੋਂ ਪਹਿਲੀ ਵਾਰ ਲਾਰਵਾ ਮਿਲਿਆ ਹੈ ਜਿਸ ਕਾਰਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਚੇਤਾਵਨੀ ਦਿਤੀ ਗਈ ਹੈ ਅਤੇ ਮੁੜ ਲਾਰਵਾ ਮਿਲਣ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਸਮੇਂ ਦੌਰਾਨ ਡੇਂਗੂ ਬੁਖ਼ਾਰ ਦੇ 316 ਕੇਸ ਮਿਲੇ ਹਨ।

ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਲੋਕ ਸਮਝਦੇ ਹਨ ਕਿ ਇਨ੍ਹੀਂ ਦਿਨੀਂ ਹਲਕੀ ਠੰਢ ਦੀ ਸ਼ੁਰੂਆਤ ਕਾਰਨ ਡੇਂਗੂ ਵਾਲਾ ਮੱਛਰ ਨਹੀਂ ਫੈਲਦਾ ਜਦਕਿ ਇਨ੍ਹੀਂ ਦਿਨੀਂ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।