ਸ਼ਹੀਦਾਂ ਦੇ ਨਾਮ ਤੇ ਵੋਟਾਂ ਲੈਣ ਵਾਲੇ ਅੱਜ ਖ਼ੁਦ ਸ਼ਹੀਦਾਂ ਦੇ ਜਨਮ ਤੇ ਛੁੱਟੀ ਕਰਨਾ ਭੁੱਲ ਗਏ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਦੀ ਛੁੱਟੀ ਕਰਨ ਦੀ ਮੰਗ

ਐਸ ਏ ਐਸ ਨਗਰ, 22 ਸਤੰਬਰ (ਸ.ਬ.) ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ, ਪ੍ਰਧਾਨ ਪਰਮਜੀਤ ਢਾਬਾਂ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਸਕੱਤਰ ਵਰਿੰਦਰ ਖੁਰਾਣਾ, ਵਿਦਿਆਰਥੀਆਂ ਦੀ ਕੌਮੀ ਗਰਲ ਕਨਵੀਨਰ ਕਰਮਵੀਰ ਕੌਰ ਬੱਧਨੀ, ਸੂਬਾ ਪ੍ਰਧਾਨ ਲਵਪ੍ਰੀਤ ਮਾੜੀਮੇਘਾ ਅਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹੀਦਾਂ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਪਰਮਗੁਣੀ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦੇ ਸ਼ਹੀਦੀ ਅਤੇ ਜਨਮ ਦਿਨ ਤੇ ਛੁੱਟੀ ਨਾ ਕਰਨ ਦਾ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੇ ਨਾਮ ਤੇ ਵੋਟਾਂ ਲੈਣ ਵਾਲੇ ਅੱਜ ਖ਼ੁਦ ਸ਼ਹੀਦਾਂ ਦੇ ਜਨਮ ਅਤੇ ਸ਼ਹੀਦੀ ਦਿਨ ਤੇ ਛੁੱਟੀ ਕਰਨਾ ਭੁੱਲ ਗਏ ਹਨ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਜਜ਼ਬਾਤੀ ਤੌਰ ਤੇ ਤਿਆਰ ਕਰ ਕੇ ਬਦਲਾਅ ਦੇ ਨਾਮ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ। ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਵਿੱਚ ਸਿੰਬਲ ਦੇ ਤੌਰ ਤੇ ਬਸੰਤੀ ਪੱਗ ਅਤੇ ਬਸੰਤੀ ਪਰਨੇ ਪਾ ਕੇ ਲੋਕਾਂ ਵਿੱਚ ਪ੍ਰਚਾਰ ਕੀਤਾ ਗਿਆ ਅਤੇ ਆਪਣੇ ਵਲੰਟੀਅਰ ਵੀ ਬਸੰਤੀ ਪੱਗਾਂ ਬਣਵਾ ਕੇ ਕੰਮ ਕਰਦੇ ਰਹੇ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹੁੰ ਚੁੱਕ ਸਮਾਗਮ ਲਈ ਲੱਖਾਂ ਰੁਪਏ ਖਰਚ ਕੇ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪਹੁੰਚ ਕੇ ਸਹੁੰ ਚੁੱਕੀ,ਪ੍ਰੰਤੂ ਉਹ ਜਿਨ੍ਹਾਂ ਸ਼ਹੀਦਾਂ ਦੀ ਧਰਤੀ ਤੇ ਜਾ ਕੇ ਸਹੁੰ ਚੁੱਕ ਕੇ ਪ੍ਰਣ ਲੈਂਦੇ ਹਨ, ਉਨ੍ਹਾਂ ਦੇ ਸ਼ਹੀਦੀ ਜਨਮ ਦਿਹਾੜਿਆਂ ਤੇ ਛੁੱਟੀ ਕਰਨੀ ਭੁੱਲ ਚੁੱਕੇ ਹਨ।

ਉਹਨਾਂ ਕਿਹਾ ਕਿ ਆਉਣ ਵਾਲੇ 28 ਸਤੰਬਰ ਨੂੰ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਸਥਾਨਕ ਪੱਧਰ ਤੋਂ ਲੈ ਕੇ ਕੌਮਾਂਤਰੀ ਪੱਧਰ ਤਕ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਤੇ ਪੰਜਾਬ ਸਰਕਾਰ ਪਹਿਲਾਂ ਵਾਲੀਆਂ ਸਰਕਾਰਾਂ ਵਾਲੀ ਪਿਰਤ ਪਾ ਕੇ ਛੁੱਟੀ ਨਹੀਂ ਕਰ ਰਹੀ, ਜਿਸ ਦਾ ਪੰਜਾਬ ਦੇ ਆਮ ਲੋਕਾਂ ਅਤੇ ਖਾਸ ਤੌਰ ਤੇ ਇਨਕਲਾਬੀ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।